ਪੰਜਾਬ ਸਰਕਾਰ ਨੇ ਭਾਰਤੀ ਚੋਣ ਕਮਿਸ਼ਨ ਤੋਂ ਮੰਗੀ ਮੁਆਫ਼ੀ

ਮਾਮਲਾ ਕੁੰਵਰ ਵਿਜੈ ਪ੍ਰਾਪਤ ਸਿੰਘ ਦੀ ਨਿਯੁਕਤੀ ਦਾ

ਚੰਡੀਗਡ਼੍ਹ – ਪੰਜਾਬ ਸਰਕਾਰ ਨੇ ਭਾਰਤੀ ਚੋਣ ਕਮਿਸ਼ਨ ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਿਯੁਕਤੀ ਨੂੰ ਲੈਕੇ ਮੁਆਫੀ ਮੰਗੀ ਹੈ। ਚੀਫ਼ ਸਕੱਤਰ ਕਰਨ ਅਵਤਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਬਿਨਾਂ ਸ਼ਰਤ ਮੁਆਫ਼ੀ ਪੱਤਰ ਭੇਜਿਆ ਹੈ। ਬੇਸ਼ੱਕ ਚੋਣ ਕਮਿਸ਼ਨ ਨੇ ਇਸ ਮੁਆਫ਼ੀ ਪੱਤਰ ਨੂੰ ਸਵੀਕਾਰ ਕਰ ਲਿਆ ਹੈ, ਪਰ ਸਖ਼ਤ ਨਰਾਜ਼ਗੀ ਵੀ ਜਤਾਈ ਹੈ। ਚੋਣ ਕਮਿਸ਼ਨ ਨੇ ਚੀਫ ਸਕੱਤਰ ਨੂੰ ਭੇਜੇ ਪੱਤਰ ’ਚ ਕਿਹਾ ਹੈ ਕਿ ਕਮਿਸ਼ਨ ਪੰਜਾਬ ਸਰਕਾਰ ਦੇ ਰਵੱਈਏ ਤੋਂ ਕਾਫ਼ੀ ਨਾਰਾਜ ਹੈ। ਕਮਿਸ਼ਨ ਨੇ ਕਿਹਾ ਹੈ ਕਿ ਰਾਜ ਸਰਕਾਰ ਇਹ ਯਕੀਨੀ ਕਰੇ ਕਿ ਅਜਿਹੀ ਭੁੱਲ ਦੁਬਾਰਾ ਨਹੀਂ ਹੋਵੇਗੀ। ਕਮਿਸ਼ਨ ਨੇ ਇਸ ਗੱਲ ’ਤੇ ਵੀ ਸ਼ੱਕ ਜਤਾਇਆ ਹੈ ਕਿ ਲੋਕਸਭਾ ਚੋਣਾਂ ਦੌਰਾਨ ਅਧਿਕਾਰੀਆਂ ਨੇ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਨੂੰ ‘ਬ੍ਰੀਫਿੰਗ’ ਦਿੱਤੀਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ ਮਾਮਲੇ ’ਚ ਗਠਿਤ ਸਪੈਸ਼ਲ ਇੰਵੈਸਟੀਗੇਸ਼ਨ ਟੀਮ ਦੇ ਮੈਂਬਰ ਹਨ। ਲੋਕਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਦੀ ਅਗਵਾਈ ’ਚ ਅਕਾਲੀ ਦਲ ਦੇ ਵਫ਼ਦ ਨੇ ਚੋਣ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ ’ਚ ਕਿਹਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਆਪਣੇ ਅਧਿਕਾਰਕ ਪਦ ਦਾ ਦੁਰਪਯੋਗ ਕਰ ਰਹੇ ਹਨ ਅਤੇ ਲੋਕ ਸਭਾ ਦੀ ਚੋਣ ਪ੍ਰੀਕਿਰਿਆ ਦੌਰਾਨ ਸਨਸਨੀਖੇਜ ਅਤੇ ਰਾਜਨੀਤਕ ਬਿਆਨਬਾਜੀ ਕਰ ਰਹੇ ਹਨ। ਇਸ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਤਤਕਾਲ ਸਪੈਸ਼ਲ ਇੰਵੈਸਟੀਗੇਸ਼ਨ ਟੀਮ ਦੇ ਮੈਂਬਰ ਪਦ ਤੋਂ ਮੁਕਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਸਬੰਧੀ ਚੀਫ ਸੈਕਟਰੀ ਦੇ ਪੱਧਰ ’ਤੇ 8 ਅਪ੍ਰੈਲ, 2019 ਨੂੰ ਕੰਪਲਾਇੰਸ ਰਿਪੋਰਟ ਸੌਂਪੀ ਗਈ ਸੀ, ਜਿਸ ’ਚ ਕਿਹਾ ਗਿਆ ਸੀ ਕਿ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਈ.ਜੀ (ਕ੍ਰਾਈਮ), ਬਿਊਰੋ ਆਫ ਇੰਵੈਸਟੀਗੈਸ਼ੰਸ, ਆਈ.ਜੀ. ਆਰਗੇਨਾਈਜ਼ਡ ਕ੍ਰਾਈਮ ਕੰਟ੍ਰੋਲ ਯੂਨਿਟ ਤੋਂ ਹਟਾਕੇ ਆਈ.ਜੀ. ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦੇ ਪਦ ’ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਰਿਪੋਰਟ ’ਚ ਇਹ ਵੀ ਕਿਹਾ ਗਿਆ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਚੋਣਾਂ ਨਾਲ ਸਬੰਧਤ ਕਿਸੇ ਜ਼ਿੰਮੇਵਾਰੀ ਤੋਂ ਵੀ ਦੂਰ ਰੱਖਿਆ ਗਿਆ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਕੋਲ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਟ੍ਰਾਂਸਫਰ ਆਰਡਰ ਵਾਪਸ ਲੈਣ ਸਬੰਧੀ ਕਈ ਮੀਮੋ ਆਏ ਸਨ। ਨਾਲ ਹੀ, ਮੁੱਖ ਮੰਤਰੀ ਦਫ਼ਤਰ ਵਲੋਂ ਵੀ ਚੋਣ ਕਮਿਸ਼ਨ ਨੂੰ ਕੁੰਵਰ ਵਿਜੇ ਪ੍ਰਤਾਪ ਸਬੰਧੀ ਲਏ ਗਏ ਫ਼ੈਸਲੇ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਸੀ। 4 ਜੂਨ, 2019 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਚੋਣ ਕਮਿਸ਼ਨ ’ਚ ਦੁਬਾਰਾ ਸ਼ਿਕਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਮਾਮਲੇ ’ਚ ਚੋਣ ਕਮਿਸ਼ਨ ਨੂੰ ਗੁੰਮਰਾਹ ਕੀਤਾ ਹੈ ਕਿਉਂਕਿ ਕੁੰਵਰ ਵਿਜੇ ਪ੍ਰਤਾਪ ਨੂੰ ਕਿਸੇ ਵੀ ਜ਼ਿੰਮੇਵਾਰੀ ਤੋਂ ਅਜ਼ਾਦ ਨਹੀਂ ਕੀਤਾ ਗਿਆ ਅਤੇ ਉਹ ਚੋਣ ਕਮਿਸ਼ਨ ਦਾ ਹੁਕਮ ਜਾਰੀ ਹੋਣ ਦੇ ਬਾਵਜੂਦ ਸਪੈਸ਼ਲ ਇੰਵੈਸਟੀਗੇਸ਼ਨ ਟੀਮ ਦੇ ਮੈਂਬਰ ਬਣੇ ਹੋਏ ਹਨ। ਹੋਰ ਤਾਂ ਹੋਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਟੀਮ ਦੇ ਮੈਂਬਰ ਦੀ ਹੈਸੀਅਤ ਨਾਲ ਬੇਅਦਬੀ ਅਤੇ ਗੋਲੀਕਾਂਡ ਮਾਮਲੇ ’ਚ ਚਾਰਜਸ਼ੀਟ ਦਾਖਲ ਕਰਨ ਦੇ ਨਾਲ-ਨਾਲ ਮੀਡੀਆ ’ਚ ਬਿਆਨਬਾਜੀ ਵੀ ਕੀਤੀ ਹੈ। ਚੋਣ ਕਮਿਸ਼ਨ ਨੇ ਇਸ ਮਾਮਲੇ ’ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਸੀ, ਜਿਸ ’ਤੇ ਹੁਣ ਚੀਫ਼ ਸੈਕਟਰੀ ਨੇ ਬਿਨਾਂ ਸ਼ਰਤ ਮੁਆਫ਼ੀ ਦੀ ਬੇਨਤੀ ਕੀਤੀ ਹੈ।

  •  
  •  
  •  
  •  
  •