ਪੰਜਾਬ ਸਰਕਾਰ ਦੇਵੇਗੀ ਕਣਕ ਝੋਨੇ ਦਾ ਬਦਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕਣਕ-ਝੋਨੇ ਦੇ ਫਸਲੀ ਚੱਕਰ ਨੂੰ ਖ਼ਤਮ ਕਰਨ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਆਪਣੇ ਏਜੰਡੇ ਨੂੰ ਅੱਗੇ ਤੋਰਦਿਆਂ ਸੂਬਾਈ ਯੋਜਨਾ ਬੋਰਡ ਨੂੰ ਫਸਲੀ ਵੰਨ-ਸੁਵੰਨਤਾ ਲਈ ਵਿਆਪਕ ਮਾਡਲ ਉਲੀਕਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਬੋਰਡ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਵਿਸਥਾਰ ਵਿਚ ਸਮੀਖਿਆ ਕਰਨ ਦੀ ਹਦਾਇਤ ਕੀਤੀ ਤਾਂ ਕਿ ਇਸ ਖੇਤਰ ਵਿਚ ਅਤਿ-ਲੋੜੀਂਦੇ ਸੁਧਾਰ ਲਿਆਂਦੇ ਜਾ ਸਕਣ।

ਖੇਤੀਬਾੜੀ ਖੇਤਰ ‘ਚ ਬਦਲਾਅ ਲਿਆਉਣ ਲਈ ਸੁਝਾਅ ਦੇਣ ਵਾਸਤੇ ਗਠਿਤ ਬੋਰਡ ਦੇ ਮੈਂਬਰਾਂ ਨਾਲ ਵਿਚਾਰ-ਚਰਚਾ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਯੋਜਨਾਬੰਦੀ ਵਿਭਾਗ ਨੂੰ ਸੂਬੇ ਵਿਚ ਵੱਖ-ਵੱਖ ਖੇਤੀ ਸਕੀਮਾਂ ਨਾਲ ਸਬੰਧਤ ਸਾਰੇ ਅੰਕੜਿਆਂ ਦੇ ਮਿਲਾਨ ਲਈ ਕੇਂਦਰੀ ਅੰਕੜਾ ਅਧਿਐਨ ਅਤੇ ਨਿਰੀਖਣ ਡਵੀਜ਼ਨ ਕਾਇਮ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਸ ਨਾਲ ਠੋਸ ਨੀਤੀ ਨੂੰ ਯਕੀਨੀ ਬਣਾਉਣ ਅਤੇ ਫ਼ੈਸਲੇ ਕਰਨ ਵਿਚ ਸਹਾਈ ਹੋਵੇਗਾ। ਇਸੇ ਤਰ੍ਹਾਂ ਇਹ ਕਦਮ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੇ ਮੁਲਾਂਕਣ ਅਤੇ ਨਿਰੀਖਣ ਨੂੰ ਯਕੀਨੀ ਬਣਾਉਣ ਲਈ ਵੀ ਮਦਦਗਾਰ ਸਾਬਤ ਹੋਵੇ।

ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੱਕੀ, ਕਪਾਹ ਅਤੇ ਗੰਨਾ ਦੀ ਕਾਸ਼ਤ ਵਾਲੀਆਂ ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਨੂੰ ਤਰਜੀਹ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨਾਂ ਨੇ ਬੋਰਡ ਨੂੰ ਆਖਿਆ ਕਿ ਕਿਸਾਨਾਂ ਨੂੰ ਕਣਕ-ਝੋਨੇ ਦੀਆਂ ਰਵਾਇਤਾਂ ਫਸਲਾਂ ਤੋਂ ਇਨਾਂ ਫਸਲਾਂ ਵੱਲ ਮੋੜਣ ਲਈ ਰਣਨੀਤੀ ਉਲੀਕੀ ਜਾਵੇ। ਮੁੱਖ ਮੰਤਰੀ ਨੇ ਬੋਰਡ ਮੈਂਬਰਾਂ ਨੂੰ ਖੇਤੀਬਾੜੀ ਪਾਸਾਰ ਸੇਵਾਵਾਂ ਬਿਊੂਰੋ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਵੀ ਆਖਿਆ ਤਾਂ ਜੋ ਕਿਸਾਨਾਂ ਨੂੰ ਫਸਲਾਂ ਸਬੰਧੀ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਦੇਣ ਤੋਂ ਇਲਾਵਾ ਕੀਟਨਾਸ਼ਕਾਂ ਆਦਿ ਦੇ ਸਮੇਂ ਬਾਰੇ ਸੇਧ ਦਿਤੀ ਜਾ ਸਕ

ਖੇਤੀ ਉਤਪਾਦਨ ਲਈ ਭਵਿੱਖੀ ਮੰਡੀਕਰਨ ਰਣਨੀਤੀ ਘੜਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧ ਵਿੱਚ ਸੁਝਾਅ ਦੇਣ ਲਈ ਆਖਿਆ ਤਾਂ ਕਿ ਸਾਂਝਾ ਡਿਜੀਟਲ ਪਲੇਟਫਾਰਮ ਕਾਇਮ ਕਰਕੇ ਖੇਤੀ ਉਤਪਾਦਨ ਲਈ ਲਾਹੇਵੰਦ ਭਾਅ ਨਿਸ਼ਚਤ ਕੀਤਾ ਜਾ ਸਕੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀ ਮੰਤਵਾਂ ਲਈ ਨਿਲਾਮ ਹੁੰਦੀ ਪੰਚਾਇਤ ਵਿਭਾਗ ਦੀ ਜ਼ਮੀਨ ਵਿੱਚ ਝੋਨਾ ਲਾਉਣ ’ਤੇ ਪਾਬੰਦੀ ਲਾਉਣ ਦਾ ਵੀ ਸੁਝਾਅ ਦਿੱਤਾ। ਯੋਜਨਾ ਬੋਰਡ ਦੇ ਉਪ ਚੇਅਰਮੈਨ ਰਾਜਿੰਦਰ ਗੁਪਤਾ ਨੇ ਉਤਪਾਦਨ ਦੇ ਮਿਆਰੀਕਰਨ ’ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਸੁਝਾਅ ਦਿੱਤਾ ਤਾਂ ਕਿ ਕੌਮਾਂਤਰੀ ਮੰਡੀ ਵਿੱਚ ਹੋਰ ਮੁਕਾਬਲੇਬਾਜ਼ੀ ਲਿਆਂਦੀ ਜਾ ਸਕਦੀ ਹੈ।

ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈ ਵੀਰ ਜਾਖੜ ਨੇ ਤਾਜ਼ਾ ਸਬਜ਼ੀਆਂ ਦੀ ਪੈਦਾਵਾਰ ਦੇ ਮੰਡੀਕਰਨ ਲਈ ਮਾਰਕਫੈੱਡ ਅਤੇ ਪੰਜਾਬ ਐਗਰੋ ਨੂੰ ਹੋਰ ਵੱਧ ਤਾਕਤਾਂ ਦੇਣ ਦੀ ਜ਼ਰੂਰਤ ਦਾ ਜ਼ਿਕਰ ਕੀਤਾ। ਪਟਿਆਲਾ ਬਾਗਬਾਨੀ ਦੇ ਕੇ.ਵੀ.ਐਸ. ਸਿੱਧੂ ਨੇ ਖੇਤੀਬਾੜੀ ਦੇ ਵਿਕਾਸ ਲਈ ਸੂਬੇ ਦੇ ਵਸੀਲਿਆਂ ਦੀ ਨਿਰਪੱਖ ਵੰਡ ਨੂੰ ਯਕੀਨੀ ਬਣਾਉਣ ਲਈ ਖੇਤੀ ਸਬਸਿਡੀਆਂ ਦੇ ਤਰਕਸੰਗਤ ਹੋਣ ਦਾ ਵਿਚਾਰ ਪੇਸ਼ ਕੀਤਾ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ, ਪ੍ਰਮੁੱਖ ਸਕੱਤਰ ਯੋਜਨਾਬੰਦੀ ਜਸਪਾਲ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਰਾਜਿੰਦਰ ਕੌਰ ਭੱਠਲ ਆਦਿ ਹਾਜ਼ਰ ਸਨ।

  • 48
  •  
  •  
  •  
  •