ਮੋਦੀ, ਕੈਪਟਨ ਤੇ ਸੁਖਬੀਰ ਦੀ ਤਿਕੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਲੱਗੀ: ਸੰਧਵਾਂ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਬੇਅਦਬੀ ਮਾਮਲਿਆਂ ਦੇ ਤਾਜ਼ਾ ਘਟਨਾਕ੍ਰਮ ਅਤੇ ਆਪਾ-ਵਿਰੋਧੀ ਬਿਆਨਬਾਜ਼ੀਆਂ ਤੋਂ ਸਾਫ਼ ਹੈ ਕਿ ਸੁਖਬੀਰ ਬਾਦਲ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਨਹੀਂ ਚਾਹੁੰਦੇ ਕਿ 4 ਸਾਲ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਅਸਲੀ ਦੋਸ਼ੀ ਨੰਗੇ ਹੋਣ ਅਤੇ ਫੜੇ ਜਾਣ। ਕੁਲਤਾਰ ਸੰਧਵਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਲਈ ਵੱਡੇ ਪੱਧਰ ਦੀ ਤਿਕੜਮਬਾਜ਼ੀ ਚੱਲ ਰਹੀ ਹੈ।

ਪਹਿਲਾਂ ਸੀ. ਬੀ. ਆਈ. ਨੂੰ ਜਾਂਚ ਸੌਂਪਣਾ, ਫਿਰ ਜਾਂਚ ਵਾਪਸ ਲੈਣਾ ਅਤੇ ਇਸੇ ਦੌਰਾਨ ਸੀ. ਬੀ. ਆਈ. ਵਲੋਂ ਕਲੋਜ਼ਰ ਰਿਪੋਰਟ ‘ਚ ਜਸਟਿਸ ਜ਼ੋਰਾ ਸਿੰਘ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨਾਂ ਸਮੇਤ ਪੰਜਾਬ ਪੁਲਸ ਦੀਆਂ ਤਿੰਨੋਂ ਜਾਂਚ ਟੀਮਾਂ ਵੱਲੋਂ ਕੀਤੀ ਜਾਂਚ ਅਤੇ ਦਿੱਤੇ ਤੱਥਾਂ-ਸਬੂਤਾਂ ਨੂੰ ਪਲਟ ਦਿੱਤਾ ਹੈ, ਜਿਸ ਦਾ ਸਿੱਧਾ ਲਾਭ ਦੋਸ਼ੀਆਂ ਨੂੰ ਮਿਲਣਾ ਸੁਭਾਵਿਕ ਹੈ। ਸੰਧਵਾਂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਦੀ ਕਾਰਵਾਈ ਜੇਕਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਆਪਣੀ ਰੋਜ਼ਨੁਮਾ ਤਿੱਖੀ ਨਿਗਰਾਨੀ ਥੱਲੇ ਨਹੀਂ ਕਰਵਾਏਗੀ ਤਾਂ ਕਦੇ ਵੀ ਅਸਲੀ ਦੋਸ਼ੀ ਅਤੇ ਉਨ੍ਹਾਂ ਦੇ ਆਕਾ ਨੰਗੇ ਨਹੀਂ ਹੋ ਸਕਦੇ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਕੇਸ ‘ਚ ਸੀ. ਬੀ. ਆਈ. ਦੀ ਕਲੋਜ਼ਰ ਰਿਪੋਰਟ ਨੂੰ ਕਾਹਲਪੁਣੇ ‘ਚ ਕੀਤੀ ਕਾਰਵਾਈ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ ਜਿਸ ਕਰਕੇ ਇਸ ਰਿਪੋਰਟ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਤਾਂ ਕਿ ਇਸ ਮਾਮਲੇ ਦੀ ਵਿਸਥਾਰਤ ਜਾਂਚ ਯਕੀਨੀ ਬਣਾਈ ਜਾ ਸਕੇ। 

ਮੁੱਖ ਮੰਤਰੀ ਨੇ ਕੇਸ ਬੰਦ ਕਰਨ ਦੇ ਫੈਸਲੇ ‘ਤੇ ਮੁੜ ਗੌਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਵਿੱਤੀ ਲੈਣ-ਦੇਣ ਅਤੇ ਵਿਦੇਸ਼ ਆਧਾਰਿਤ ਅਨਸਰਾਂ ਨਾਲ ਸਬੰਧਾਂ ਸਮੇਤ ਕੇਸ ਦੇ ਬਹੁਤ ਸਾਰੇ ਪਹਿਲੂਆਂ ਨੂੰ ਸੀ. ਬੀ. ਆਈ. ਜਾਂਚ ‘ਚ ਸੌਖਿਆਂ ਹੀ ਨਜ਼ਰ–ਅੰਦਾਜ਼ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਨੇ ਕਈ ਮੁੱਖ ਗਵਾਹਾਂ/ਸ਼ੱਕੀਆਂ ਦੀ ਸ਼ਨਾਖ਼ਤ ਅਤੇ ਪੜਤਾਲ ਨਹੀਂ ਕੀਤੀ ਜਦਕਿ ਅਜਿਹੇ ਲੋਕਾਂ ਦੀ ਪੁੱਛਗਿੱਛ ਰਾਹੀਂ ਸੀ. ਬੀ. ਆਈ. ਵਲੋਂ ਆਪਣੀ ਕਲੋਜ਼ਰ ਰਿਪੋਰਟ ਵਿਚ ਰੱਦ ਕੀਤੇ ਕੇਸਾਂ ਬਾਰੇ ਕੁਝ ਸਾਹਮਣੇ ਆ ਸਕਦਾ ਸੀ।

  • 292
  •  
  •  
  •  
  •