ਕਿਸੇ ਵੀ ਗੁਰੂ ਘਰ ‘ਚ ਸੰਗਤ ‘ਤੇ ਰੋਕ ਨਹੀਂ ਲੱਗ ਸਕਦੀ: ਭਾਈ ਲੌਂਗੋਵਾਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਬੇਸ਼ੱਕ ਵਿਸ਼ਵ ਭਰ ਵਿਚ ਫ਼ੈਲੀ ਕੋਰੋਨਾਵਾਇਰਸ ਦੀ ਮਹਾਂਮਾਰੀ ਨੇ ਮਨੁੱਖੀ ਜੀਵਨ ਨੂੰ ਇਕ ਤਰ੍ਹਾਂ ਨਾਲ ਰੋਕ ਕੇ ਰੱਖ ਦਿਤਾ ਹੈ, ਪਰੰਤੂ ਵਿਸ਼ਵ ਮਾਨਵ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰੇਕ ਗੁਰੂ ਘਰ ਅੰਦਰ ਸੰਗਤ ਲਈ ਰੋਕ ਨਹੀਂ ਲਗਾਈ ਜਾ ਸਕਦੀ।
ਭਾਈ ਲੌਂਗੋਵਾਲ ਨੇ ਆਖਿਆ ਕਿ ਕੋਰੋਨਾਵਾਇਰਸ ਦੀ ਸਮਸਿਆ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਲਈ ਪ੍ਰਬੰਧਕੀ ਸੁਚੇਤਤਾ ਨਾਲ ਕਾਰਜ ਕੀਤੇ ਜਾ ਰਹੇ ਹਨ ਅਤੇ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਮੈਨੇਜਰਾਂ ਨੂੰ ਸੰਗਤਾਂ ਦੀ ਸੁਰੱਖਿਆ ਬਣਾਈ ਰੱਖਣ ਲਈ ਸਿਹਤ ਵਿਭਾਗ ਦੇ ਆਦੇਸ਼ਾਂ ਦਾ ਪਾਲਣ ਕਰਨ ਲਈ ਆਖਿਆ ਹੈ।
ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿਤੇ ਹਨ ਕਿ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਗੱਲ ਦਾ ਖ਼ਾਸ ਖਿਆਲ ਰੱਖਿਆ ਜਾਵੇ। ਸਟਾਫ਼ ਨੂੰ ਵੀ ਬਦਲਵੇਂ ਪ੍ਰਬੰਧਾਂ ਅਨੁਸਾਰ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ। ਸਿਹਤ ਵਿਭਾਗ ਨੇ ਕੋਰੋਨਾਵਾਇਰਸ ਤੋਂ ਬਚਣ ਲਈ ਇਕ ਦੂਸਰੇ ਤੋਂ ਨਿਸ਼ਚਿਤ ਦੂਰੀ ਬਣਾਈ ਰੱਖਣ ਲਈ ਆਖਿਆ ਹੈ। ਇਸ ਨੂੰ ਲੈ ਕੇ ਸ਼ਰਧਾਲੂਆਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ।
ਸੰਗਤਾਂ ਦਾ ਵੀ ਫ਼ਰਜ਼ ਹੈ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਅਪਣੀ ਜ਼ੁੰਮੇਵਾਰੀ ਪਛਾਣਨ ਅਤੇ ਜੋ ਵੀ ਸੁਰੱਖਿਆ ਲਈ ਜ਼ਰੂਰੀ ਕੀਤਾ ਗਿਆ ਹੈ ਉਸ ਦਾ ਪਾਲਣ ਕਰਨ। ਸ੍ਰੀ ਦਰਬਾਰ ਸਾਹਿਬ ਸਮੇਤ ਸਾਰੇ ਗੁਰੂ ਘਰਾਂ ਅੰਦਰ ਆਉਂਦੀਆਂ ਸੰਗਤਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਕਾਰਜ ਕੀਤੇ ਜਾ ਰਹੇ ਹਨ। ਸ਼ਰਧਾਲੂਆਂ ਦੀ ਮੁੱਢਲੀ ਜਾਂਚ ਲਈ ਹਰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਆਖਿਆ ਗਿਆ ਹੈ।
ਇਸ ਦੇ ਨਾਲ ਹੀ ਸੈਨੇਟਾਈਜ਼ਰ ਆਦਿ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਗਤਾਂ ਦੀ ਮੁੱਢਲੀ ਜਾਂਚ ਲਈ ਮੈਡੀਕਲ ਟੀਮਾਂ ਲਗਾਈਆਂ ਹਨ। ਇਸ ਵਿਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਸਟਾਫ਼ ਵੀ ਕਾਰਜ ਕਰ ਰਿਹਾ ਹੈ।

  • 434
  •  
  •  
  •  
  •