ਬਰਗਾੜੀ ਮਾਮਲਾ: ਧਿਆਨ ਸਿੰਘ ਮੰਡ ਵੱਲੋਂ ਸਰਕਾਰ ਨੂੰ ਦੋ ਮਹੀਨਿਆਂ ਦਾ ਅਲਟੀਮੇਟਮ, ਮੁੜ ਲੱਗ ਸਕਦਾ ਹੈ ਮੋਰਚਾ

ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਫਿਰ ਤੋਂ ਮੋਰਚਾ ਲੱਗ ਸਕਦਾ ਹੈ। ਇਸ ਦਾ ਇਸ਼ਾਰਾ ਸਰਬੱਤ ਖਾਲਸਾ ਵਲੋਂ ਥਾਪੇ ਗਏ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਦਿੱਤਾ ਗਿਆ ਹੈ।

ਭਾਈ ਧਿਆਨ ਸਿੰਘ ਮੰਡ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਪੀੜਤ ਪ੍ਰਵਾਰਾਂ ਨੂੰ ਇਨਸਾਫ਼ ਦੇਣ ਸਬੰਧੀ ਪੰਜਾਬ ਸਰਕਾਰ ਨੂੰ ਦੋ ਮਹੀਨਿਆਂ ਭਾਵ 6 ਸਤੰਬਰ ਤਕ ਦਾ ਅਲਟੀਮੇਟਮ ਦਿੰਦਿਆਂ ਆਖਿਆ ਕਿ ਨਹੀਂ ਤਾਂ ਉਹ 6 ਸਤੰਬਰ ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਅਗਲੇ ਪ੍ਰੋਗਰਾਮ ਦਾ ਐਲਾਨ ਕਰਨਗੇ।

ਇਸ ਦੇ ਨਾਲ ਹੀ ਭਾਈ ਧਿਆਨ ਸਿੰਘ ਮੰਡ ਦਾ ਕਹਿਣਾ ਹੈ ਕਿ ਬਰਗਾੜੀ ਦੇ ਮੋਰਚੇ ਸਮੇਂ ਪੰਜਾਬ ਸਰਕਾਰ ਨੇ ਕਈ ਵਾਅਦੇ ਕੀਤੇ ਸਨ ਜਿਸ ਦੇ ਚੱਲਦੇ ਉਨ੍ਹਾਂ ਵਲੋਂ ਧਰਨਾ ਚੁੱਕਿਆ ਗਿਆ ਸੀ ਪਰ ਅਜੇ ਤਕ ਸਰਕਾਰ ਵਲੋਂ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਉਹ ਮੁੜ ਮੋਰਚਾ ਲਗਾਉਣਗੇ।

ਭਾਈ ਮੰਡ ਨੇ ਤਤਕਾਲੀਨ ਬਾਦਲ ਸਰਕਾਰ ਅਤੇ ਵਰਤਮਾਨ ਕੈਪਟਨ ਸਰਕਾਰ ਵਲੋਂ ਬਣਾਈਆਂ ਗਈਆਂ ਦੋ ਵਿਸ਼ੇਸ਼ ਜਾਂਚ ਟੀਮਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਉਂਦਿਆਂ ਆਖਿਆ ਕਿ ਕੁੰਵਰਵਿਜੈ ਪ੍ਰਤਾਪ ਸਿੰਘ ਅਤੇ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀਆਂ ਜਾਂਚ ਟੀਮਾਂ ਤੋਂ ਇਨਸਾਫ਼ ਦੀ ਉਮੀਦ ਬਣੀ ਹੈ। ਉਨ੍ਹਾਂ ਮੰਨਿਆ ਕਿ ਭਾਵੇਂ ਉਕਤ ਟੀਮਾਂ ਦੇ ਰਸਤੇ ‘ਚ ਅਨੇਕਾਂ ਰੁਕਾਵਟਾਂ ਖੜੀਆਂ ਕੀਤੀਆਂ ਗਈਆਂ ਪਰ ਫਿਰ ਵੀ ਉਹ ਟੀਮਾਂ ਸਹੀ ਰਸਤੇ ਵਲ ਵੱਧ ਰਹੀਆਂ ਹਨ।

  •  
  •  
  •  
  •  
  •