ਬਰਗਾੜੀ ਮਾਮਲੇ ‘ਚ ਅਦਾਲਤ ਵੱਲੋਂ ਐਸਆਈਟੀ ਦੀ ਜਾਂਚ ‘ਤੇ ਰੋਕ ਲਗਾਉਣ ਤੋਂ ਇਨਕਾਰ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਕੇਸ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ’ਚ ਸੁਣਵਾਈ ਹੋਈ।

ਸੀਬੀਆਈ ਅਦਾਲਤ ਨੇ ਸ਼ਾਮ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਕਿ ਇਕ ਕੇਸ ਦੀ ਦੋ ਦੋ ਏਜੰਸੀਆਂ ਬਰਾਬਰ ਜਾਂਚ ਕਰ ਰਹੀਆਂ ਹਨ ਪਰ ਕਾਨੂੰਨ ਮੁਤਾਬਕ ਇਨ੍ਹਾਂ ਨੂੰ ਇਸ ਗੱਲ ਮਨਜ਼ੂਰੀ ਨਹੀਂ ਦੇਣੀ ਚਾਹੀਦੀ ਸੀ। ਫਿਲਹਾਲ ਅਦਾਲਤ ਨੇ ਪੰਜਾਬ ਪੁਲੀਸ ਦੀ ਸਿੱਟ ਦੀ ਕਾਰਵਾਈ ’ਤੇ ਕੋਈ ਰੋਕ ਨਹੀਂ ਲਗਾਈ ਹੈ। ਅਦਾਲਤ ਨੇ ਸਰਕਾਰ ਅਤੇ ਸ਼ਿਕਾਇਤ ਕਰਤਾਵਾਂ ਨੂੰ 18 ਜੁਲਾਈ ਤੱਕ ਆਪਣਾ ਪੱਖ ਰੱਖਣ ਦੀ ਹਦਾਇਤ ਕਰਦਿਆਂ ਸਪੱਸ਼ਟ ਕੀਤਾ ਕਿ ਜੇਕਰ ਇਸ ਦੌਰਾਨ ਕਿਸੇ ਧਿਰ ਨੇ ਆਪਣਾ ਲਿਖਤੀ ਪੱਖ ਨਹੀਂ ਰੱਖਿਆ ਤਾਂ ਬਾਅਦ ਵਿੱਚ ਦਾਇਰ ਜਵਾਬ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਅਦਾਲਤ ਇਹ ਮੰਨ ਲਵੇਗੀ ਕਿ ਸਬੰਧਤ ਧਿਰ ਦੀ ਜਵਾਬ ਦੇਣ ਵਿੱਚ ਕੋਈ ਰੁਚੀ ਨਹੀਂ ਹੈ।

ਇਸ ਤੋਂ ਪਹਿਲਾਂ ਸੀਬੀਆਈ ਨੇ ਅੱਜ ਮੁਹਾਲੀ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕਰਕੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਉਨ੍ਹਾਂ (ਸੀਬੀਆਈ) ਦੀ ਰੀਵਿਊ ਪਟੀਸ਼ਨ ਪੈਂਡਿੰਗ ਪਈ ਹੈ। ਇਸ ਲਈ ਉਦੋਂ ਤੱਕ ਸਟੇਅ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਪੁਲੀਸ ਦੀ ਸਿੱਟ ਨੂੰ ਅਗਲੇ ਹੁਕਮਾਂ ਤੱਕ ਮਾਮਲੇ ਦੀ ਜਾਂਚ ਕਰਨ ਤੋਂ ਰੋਕਿਆ ਜਾਵੇ। ਸੀਬੀਆਈ ਨੇ ਪੁਲੀਸ ’ਤੇ ਅਹਿਮ ਦਸਤਾਵੇਜ਼ ਨਸ਼ਟ ਕਰਨ ਦੇ ਵੀ ਦੋਸ਼ ਲਾਏ ਹਨ। ਸੀਬੀਆਈ ਦੀ ਇਸ ਦਲੀਲ ਦਾ ਸਰਕਾਰੀ ਵਕੀਲ ਸੰਜੀਵ ਬੱਤਰਾ ਸਮੇਤ ਸ਼ਿਕਾਇਤਕਰਤਾਵਾਂ ਦੇ ਵਕੀਲ ਗਗਨ ਪਰਦੀਪ ਸਿੰਘ ਬੱਲ ਅਤੇ ਸਤਨਾਮ ਸਿੰਘ ਕਲੇਰ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸੀਬੀਆਈ ਕੇਸ ਨੂੰ ਜਾਣਬੁੱਝ ਕੇ ਲਮਕਾ ਰਹੀ ਹੈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 20 ਜੁਲਾਈ ’ਤੇ ਪਾ ਦਿੱਤੀ ਹੈ।

  •  
  •  
  •  
  •  
  •