ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਮਾਮਲੇ ‘ਚ ਸੁਖਬੀਰ ਬਾਦਲ ਜਵਾਬ ਦੇਵੇ: ਜਥੇਦਾਰ ਰਘਬੀਰ ਸਿੰਘ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਸਿੰਘ ਬਾਦਲ ਵੱਲੋਂ ਭਿਜਵਾਉਣ ਦੇ ਲੱਗ ਰਹੇ ਦੋਸ਼ਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਵਿਸ਼ੇਸ਼ ਗੱਲਬਾਤ ਕਰਦੇ ਹੋਏ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਅਤੇ ਸੰਗਤ ਦੇ ਸਾਹਮਣੇ ਸੱਚ ਆਉਣਾ ਚਾਹੀਦਾ ਹੈ।

ਸੁਖਬੀਰ ਬਾਦਲ ਵੱਲੋਂ ਡੇਰਾ ਸਾਧ ਨੂੰ ਭੇਜੀ ਗਈ ਪੁਸ਼ਾਕ ਦੇ ਲੱਗ ਰਹੇ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣਾ ਪੱਖ ਜਨਤਕ ਕਰਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕਰਨ ਦੀ ਉੱਠੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਜੇ ਕੋਈ ਸਾਫ ਤੌਰ ’ਤੇ ਦੋਸ਼ੀ ਸਿੱਧ ਹੋਵੇਗਾ ਤਾਂ ਉਸ ਨੂੰ ਤਲਬ ਵੀ ਕੀਤਾ ਜਾਵੇਗਾ ਤੇ ਉਸ ਖ਼ਿਲਾਫ਼ ਕਾਰਵਾਈ ਲਈ ਵਿਚਾਰਾਂ ਵੀ ਹੋਣਗੀਆਂ। ਪਰ ਫਿਲਹਾਲ ਕੋਈ ਦੋਸ਼ ਸਿੱਧ ਨਹੀਂ ਹੋਇਆ।

ਪਿਛਲੀਆਂ ਚੋਣਾਂ ’ਚ ਡੇਰਾ ਸਿਰਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਦੇ ਲੱਗ ਰਹੇ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਇਹ ਬਿਆਨ ਬੇਬੁਨਿਆਦ ਹੈ। ਜੇ ਪਾਰਟੀ ਨੂੰ ਡੇਰੇ ਦੀਆਂ ਵੋਟਾਂ ਪਈਆਂ ਹੁੰਦੀਆਂ ਤਾਂ ਅਕਾਲੀਆਂ ਦਾ ਏਨਾ ਮਾੜਾ ਹਸ਼ਰ ਨਾ ਹੁੰਦਾ। ਉਨ੍ਹਾਂ ਕਿਹਾ ਕਿ ਡੇਰੇ ਦੀਆਂ ਵੋਟਾਂ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਸਗੋਂ ਕਾਂਗਰਸ ਨੂੰ ਪਈਆਂ ਹਨ।

  • 3K
  •  
  •  
  •  
  •