ਸੁਮੇਧ ਸੈਣੀ ਦੇ ਕਰੀਬੀ ਅਫ਼ਸਰਾਂ ਖਿਲਾਫ਼ ਗਵਾਹ ਨੂੰ ਧਮਕਾਉਣ ਦਾ ਕੇਸ ਦਰਜ
ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਮਾਮਲੇ ਵਿੱਚ ਨਾਮਜ਼ਦ ਚੰਡੀਗੜ੍ਹ ਪੁਲੀਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਵਾਸੀ ਸੈਕਟਰ-21 ਅਤੇ ਜਗੀਰ ਸਿੰਘ ਵਾਸੀ ਸੈਕਟਰ-51 ਦੇ ਖ਼ਿਲਾਫ਼ ਗਵਾਹ ਨੂੰ ਧਮਕਾਉਣ ਦਾ ਹੋਰ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਪੁਲੀਸ ਨੇ ਇਹ ਕਾਰਵਾਈ ਪੰਜਾਬ ਪੁਲੀਸ ਦੇ ਸਾਬਕਾ ਚਰਚਿਤ ਅਧਿਕਾਰੀ ਗੁਰਮੀਤ ਸਿੰਘ ਉਰਫ਼ ਪਿੰਕੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਪੁਲੀਸ ਨੇ ਦੋਵੇਂ ਸਾਬਕਾ ਇੰਸਪੈਕਟਰਾਂ ਖ਼ਿਲਾਫ਼ ਧਾਰਾ 195ਏ ਅਤੇ 500 ਤਹਿਤ ਕੇਸ ਦਰਜ ਕਰ ਲਿਆ ਹੈ। ਅੱਜ ਇੱਥੇ ਗੁਰਮੀਤ ਸਿੰਘ ਪਿੰਕੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਹ ਲਾਂਡਰਾਂ ਨੇੜੇ ਆਪਣੇ ਪਿੱਗ ਫਾਰਮ ’ਤੇ ਮੌਜੂਦ ਸੀ। ਅਨੋਖ ਸਿੰਘ ਉਸ ਦਾ ਪੁਰਾਣਾ ਦੋਸਤ ਹੈ, ਜੋ ਉਸ ਨੂੰ ਕਹਿਣ ਲੱਗਾ ਕਿ ਉਹ ਵੀ ਇੱਥੇ ਆਪਣੀ ਜ਼ਮੀਨ ਵਿੱਚ ਫਾਰਮ ਬਣਾਉਣਾ ਚਾਹੁੰਦਾ ਹੈ। ਉਨ੍ਹਾਂ ਦੀਆਂ ਫਾਰਮ ’ਤੇ ਬੈਠ ਕੇ ਗੱਲਬਾਤਾਂ ਹੋਈਆਂ ਪ੍ਰੰਤੂ ਇਸ ਦੌਰਾਨ ਉਸ ਨੇ ਚਲਾਕੀ ਨਾਲ ਰਿਕਾਰਡਿੰਗ ਸ਼ੁਰੂ ਕਰ ਦਿੱਤੀ, ਜੋ ਬਾਅਦ ਵਿੱਚ ਉਸ ਨੇ ਕਿਸੇ ਮੀਡੀਆ ਕਰਮੀ ਨੂੰ ਦੇ ਦਿੱਤੀ। ਇਸ ਮਗਰੋਂ ਅਨੋਖ ਸਿੰਘ ਅਤੇ ਜਗੀਰ ਸਿੰਘ ਦੋਵੇਂ ਉਸ ਕੋਲ ਆਏ ਅਤੇ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਧਮਕਾਉਣਾ ਸ਼ੁਰੂ ਕਰ ਦਿੱਤਾ ਕਿ ਉਹ ਸੈਣੀ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ। ਜੇ ਆਪਣੀ ਗਵਾਹੀ ਤੋਂ ਬਾਜ਼ ਨਹੀਂ ਆਏ ਤਾਂ ਉਸ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਨੇ ਪੈਣਗੇ। ਇਨ੍ਹਾਂ ਧਮਕੀਆਂ ਤੋਂ ਬਾਅਦ ਉਸ ਨੇ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ। ਪੁਲੀਸ ਨੇ ਮੁੱਢਲੀ ਜਾਂਚ ਤੋਂ ਬਾਅਦ ਉਨ੍ਹਾਂ (ਅਨੋਖ ਸਿੰਘ ਤੇ ਜਗੀਰ ਸਿੰਘ) ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ।

ਦੱਸਣਯੋਗ ਹੈ ਕਿ ਮੁਹਾਲੀ ਅਦਾਲਤ ਨੇ ਸੈਣੀ ਮਾਮਲੇ ਵਿੱਚ ਨਾਮਜ਼ਦ ਯੂਟੀ ਪੁਲੀਸ ਦੇ ਚਾਰ ਸਾਬਕਾ ਇੰਸਪੈਕਟਰਾਂ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਪੱਸ਼ਟ ਤੌਰ ’ਤੇ ਨਿਰਦੇਸ਼ ਦਿੱਤੇ ਸਨ ਕਿ ਜ਼ਮਾਨਤ ਪੀਰੀਅਡ ਦੌਰਾਨ ਉਹ ਸ਼ਿਕਾਇਤ ਕਰਤਾ, ਗਵਾਹ ਜਾਂ ਹੋਰ ਕਿਸੇ ਨੂੰ ਡਰਾਉਣ ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਨਹੀਂ ਕਰਨਗੇ, ਪ੍ਰੰਤੂ ਉਕਤ ਦੋਵੇਂ ਸਾਬਕਾ ਅਧਿਕਾਰੀਆਂ ਨੇ ਗਵਾਹ ਪਿੰਕੀ ਨੂੰ ਧਮਕਾ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।
632