ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਗੱਲਬਾਤ ਰਾਹੀਂ ਹੱਲ ਕਰਨ ਐਸਵਾਈਐਲ ਦਾ ਮਸਲਾ: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਉਹ ਲੰਮੇ ਸਮੇਂ ਤੋਂ ਲਟਕੇ ਪਏ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਮੁੱਦੇ ਦਾ ਗੱਲਬਾਤ ਰਾਹੀਂ ਹੱਲ ਕੱਢਣ ਦੀਆਂ ਕੋਸ਼ਿਸ਼ਾਂ ਕਰਨ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਹ ਗੱਲਬਾਤ ਸਿਖਰਲੇ ਸਿਆਸੀ ਪੱਧਰ ’ਤੇ ਹੋਣੀ ਚਾਹੀਦੀ ਹੈ। ਬੈਂਚ ਨੇ ਕਿਹਾ ਕਿ ਉਹ ਚਾਹੁੰਦਾ ਹੈ ਕਿ ਦੋਵੇਂ ਰਾਜ ਸਪਸ਼ਟ ਕਰਨ ਕਿ ਕੀ ਉਹ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰ ਸਕਦੇ ਹਨ ਜਾਂ ਨਹੀਂ। ਕੇਸ ਦੀ ਅਗਲੀ ਸੁਣਵਾਈ ਅਗਸਤ ਦੇ ਤੀਜੇ ਹਫ਼ਤੇ ਹੋਣ ਦੀ ਸੰਭਾਵਨਾ ਹੈ।

ਉਧਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੀ ਪਹਿਲੀ ਜ਼ਿੰਮੇਵਾਰੀ ਆਪਣੇ ਲੋਕਾਂ ਖਾਸ ਕਰਕੇ ਕਿਸਾਨਾਂ ਪ੍ਰਤੀ ਹੈ ਅਤੇ ਬਦਕਿਸਮਤੀ ਨਾਲ ਪੰਜਾਬ ਆਪਣੇ ਸੀਮਿਤ ਜਲ ਵਸੀਲਿਆਂ ਨੂੰ ਹੋਰਨਾਂ ਸੂਬਿਆਂ ਨਾਲ ਸਾਂਝਾ ਕਰਨ ਦੀ ਸਥਿਤੀ ਵਿੱਚ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕਦੇ ਵੀ ਆਪਣੀ ਮਨੁੱਖਤਾਵਾਦੀ ਜ਼ਿੰਮੇਵਾਰੀ ਤੋਂ ਪਾਸਾ ਨਹੀਂ ਵੱਟਿਆ ਪਰ ਸੂਬੇ ਵਿੱਚ ਦਰਪੇਸ਼ ਜਲ ਸੰਕਟ ਇਸ ਨੂੰ ਕਿਸੇ ਹੋਰ ਸੂਬੇ ਨਾਲ ਜਲ ਸਰੋਤ ਸਾਂਝਾ ਕਰਨ ਤੋਂ ਰੋਕਦਾ ਹੈ।

  • 64
  •  
  •  
  •  
  •