ਸੀਬੀਆਈ ਵੱਲੋਂ ਸਿੱਟ ਦੀ ਜਾਂਚ ਰੋਕਣ ਲਈ ਲਗਾਈ ਗਈ ਅਰਜ਼ੀ ‘ਤੇ ਸੁਣਵਾਈ ਟਲੀ

ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਕੇਸ ਦੀ ਸੁਣਵਾਈ ਅੱਗੇ ਪੈ ਗਈ ਹੈ। ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਛੁੱਟੀ ’ਤੇ ਹੋਣ ਕਾਰਨ ਅੱਜ ਇਸ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ।

ਅੱਜ ਪੰਜਾਬ ਸਰਕਾਰ ਦੀ ਤਰਫੋਂ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰੇਨ ਰਾਵਲ ਨੇ ਕੇਸ ਦੀ ਪੈਰਵੀ ਕਰਨ ਲਈ ਪੇਸ਼ ਹੋਣਾ ਸੀ। ਸੀਬੀਆਈ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਉਨ੍ਹਾਂ (ਸੀਬੀਆਈ) ਦੀ ਰੀਵਿਊ ਪਟੀਸ਼ਨ ਪੈਂਡਿੰਗ ਪਈ ਹੋਣ ਦਾ ਹਵਾਲਾ ਦਿੰਦਿਆਂ ਮੁਹਾਲੀ ਅਦਾਲਤ ਵਿੱਚ ਸੁਣਵਾਈ ਮੁਲਤਵੀ ਕਰਨ ਦੀ ਮੰਗ ਕਰਦੀ ਆ ਰਹੀ ਹੈ। ਸੀਬੀਆਈ ਵੱਲੋਂ ਪੰਜਾਬ ਪੁਲੀਸ ਦੀ ਸਿੱਟ ’ਤੇ ਸਵਾਲ ਚੁੱਕੇ ਜਾ ਰਹੇ ਹਨ। ਮੌਜੂਦਾ ਸਮੇਂ ਵਿੱਚ ਇਸ ਕੇਸ ਦੀ ਦੋ ਵੱਖੋ ਵੱਖ ਏਜੰਸੀਆਂ ਜਾਂਚ ਕਰ ਰਹੀਆਂ ਹਨ, ਜਦੋਂਕਿ ਅਦਾਲਤ ਨੇ ਇਨ੍ਹਾਂ ’ਚੋਂ ਕਿਸੇ ਨੂੰ ਵੀ ਮਾਮਲੇ ਦੀ ਜਾਂਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।

ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਰਗਾੜੀ ਮਾਮਲੇ ਵਿੱਚ ਸੀਬੀਆਈ ਦੇ ਅੜਿੱਕਿਆਂ ਕਰਕੇ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਵੱਲੋਂ ਕੇਸ ਦੀ ਜਾਂਚ ਪੜਤਾਲ ਅਤੇ ਫਾਈਲ ਮੋੜਨ ਤੋਂ ਨਾਂਹ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਉਨ੍ਹਾਂ ਦੀ ਟੀਮ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ।

  • 43
  •  
  •  
  •  
  •