ਪੰਜਾਬ: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 22 ਲੋਕਾਂ ਦੀ ਮੌਤ

ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਦਰਅਸਲ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਕਈਂ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਅੰਮ੍ਰਿਤਸਰ, ਬਟਾਲਾ ਅਤੇ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਨੇ ਹੁਣ ਤੱਕ 22 ਲੋਕਾਂ ਦੀ ਜਾਨ ਲੈ ਲਈ ਹੈ ਅਤੇ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੂੱਛਲ ਵਿਚ ਬੀਤੇ ਦਿਨ ਜਹਿਰੀਲੀ ਸ਼ਰਾਬ ਨੇ ਪੰਜ ਲੋਕਾਂ ਦੀ ਜਾਨ ਲੈ ਲਈ ਸੀ ਅਤੇ ਅੱਜ ਸ਼ੁੱਕਰਵਾਰ ਨੂੰ ਫਿਰ ਤੋਂ ਜ਼ਹਿਰੀਲੀ ਸ਼ਰਾਬ ਪੀਣ ਕਰਕੇ 5 ਹੋਰ ਲੋਕਾਂ ਨੇ ਦਮ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਥਾਣਾ ਤਰਸਿੱਕਾ ਦੇ ਐਸਐਚਓ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਜੰਡਿਆਲਾ ਗੁਰੂ ਵਿਚ ਕੁੱਲ 10 ਲੋਕਾਂ ਦੀ ਜਹਿਰੀਲੀ ਸ਼ਰਾਬ ਪੀਣ ਕਰਕੇ ਜਾਨ ਚੱਲੀ ਗਈ ਹੈ, ਜਦਕਿ ਅਜੇ ਕਈ ਲੋਕ ਗੰਭੀਰ ਹਾਲਤ ਵਿਚ ਦੱਸੇ ਜਾ ਰਹੇ ਹਨ। ਉੱਥੇ ਹੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ ਅਤੇ ਕੁੱਝ ਲੋਕਾਂ ਨੂੰ ਗਿਰਫਤਾਰ ਵੀ ਕੀਤਾ ਗਿਆ ਹੈ। ਦੂਜੇ ਪਾਸੇ ਗੁਰਦਾਸਪੁਰ ਦੇ ਬਟਾਲਾ ਤੋਂ ਵੀ ਪੰਜ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਅਤੇ 2 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪਰ ਦੂਜੇ ਪਾਸੇ ਸਿਵਿਲ ਹਸਪਤਾਲ ਦੇ ਐਸਐਮਓ ਸੰਜੀਵ ਭੱਲਾ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਚੱਲੇਗਾ। ਉੱਥੇ ਹੀ ਤਰਨਤਾਰਨ ਦੇ 3 ਪਿੰਡਾਂ ਵਿਚ ਵੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ 7 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਪੰਡੋਰੀ ਗੋਲਾ ਵਿਚ 3, ਮਲਮੋਹਰੀ ਵਿਚ 2 ਅਤੇ ਨੋਰੰਗਾਬਾਦ ਵਿਚ ਵੀ 2 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਨੇ ਜਾਨ ਲੈ ਲਈ ਹੈ। ਇਸ ਤੋਂ ਇਲਾਵਾ 8 ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

  • 78
  •  
  •  
  •  
  •