ਸਿੱਖ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ

ਦਲ ਖਾਲਸਾ, ਅਕਾਲੀ ਦਲ (ਅੰਮ੍ਰਿਤਸਰ) ਤੇ ਯੂਨਾਈਟਿਡ ਅਕਾਲੀ ਦਲ (ਗੁਰਦੀਪ ਸਿੰਘ ਬਠਿੰਡਾ) ਵਲੋਂ ਵੱਖ-ਵੱਖ ਮਾਮਲਿਆਂ ਕਾਰਨ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਨ ਅਤੇ ਇਸ ਮੌਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਇਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ।

ਅੱਜ ਇਥੇ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਮਹਿੰਦਰਪਾਲ ਸਿੰਘ ਤੇ ਹੋਰਾਂ ਨੇ ਦੱਸਿਆ ਕਿ ਤਿੰਨ ਸਿੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਆਜ਼ਾਦੀ ਦਿਵਸ ਦਾ ਬਾਈਕਾਟ ਕੀਤਾ ਜਾਵੇਗਾ। ਇਸ ਦਿਨ ਪੰਜਾਬ ਭਰ ਵਿਚ ਵੱਖ ਵੱਖ ਜ਼ਿਲ੍ਹਿਆਂ ਵਿਚ ਜਥੇਬੰਦੀਆਂ ਵਲੋਂ ਸਰਕਾਰ ਵਿਰੋਧੀ ਵਿਖਾਵੇ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵਲੋਂ ਯੂਏਪੀਏ ਕਾਨੂੰਨ ਦੀ ਆੜ ਹੇਠ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਥੇਬੰਦੀਆਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਬਿੱਲਾਂ ਦਾ ਵੀ ਸਖ਼ਤ ਵਿਰੋਧ ਕਰਦੀਆਂ ਹਨ।

ਇਸ ਤੋਂ ਇਲਾਵਾ ਗੁਰਦੁਆਰਾ ਕਰਤਾਰਪੁਰ ਲਾਂਘੇ ਨੂੰ ਮੁੜ ਖੋਲਣ ਤੋਂ ਇਨਕਾਰ ਕਰਨ ਅਤੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਤੇ ਦਿੱਲੀ ਸਿੱਖ ਕਤਲੇਆਮ ਦੇ ਹੁਣ ਤਕ ਨਿਆਂ ਨਾ ਮਿਲਣ ਦੇ ਸਿੱਟੇ ਵਜੋਂ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਏਸ਼ੁਮਾਰੀ 2020 ਦੇ ਨਾਂ ਹੇਠ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

  • 1.7K
  •  
  •  
  •  
  •