ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 112 ਹੋਈ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਜ਼ਹਿਰੀਲ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਅੱਜ 112 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 88 ਤੱਕ ਪਹੁੰਚ ਗਈ ਜਦੋਂਕਿ ਪਹਿਲਾਂ ਇਹ ਗਿਣਤੀ 63 ਸੀ। ਇਸ ਤਰ੍ਹਾਂ ਤਰਨ ਤਾਰਨ ਜ਼ਿਲ੍ਹੇ ਵਿੱਚ ਅੱਜ 25 ਹੋਰ ਵਿਅਕਤੀ ਜ਼ਹਿਰੀਲੀ ਸ਼ਰਾਬ ਦੀ ਭੇਟ ਚੜ੍ਹ ਗਏ। ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 75 ਦੱਸੀ ਜਾ ਰਹੀ ਹੈ।ਤਰਨ ਤਾਰਨ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਹੁਣ ਤੱਕ 12 ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ’ਚ 12 ਮੌਤਾਂ ਹੋ ਚੁੱਕੀਆਂ ਹਨ।

ਇਲਾਕੇ ਵਿੱਚ ਲਗਾਤਾਰ ਤੀਜੇ ਦਿਨ ਵੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਰਿਹਾ ਅਤੇ ਬੀਤੇ ਦਿਨ 25 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 88 ਹੋ ਗਈ| ਇਹ ਗਿਣਤੀ 24 ਮੌਤਾਂ ਤੋਂ ਸ਼ੁਰੂ ਹੋਈ ਸੀ| ਛੇ ਵਿਅਕਤੀ ਅਜੇ ਵੀ ਇੱਥੋਂ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹਨ। ਦੋ ਜਣਿਆਂ ਦੀ ਹਾਲਤ ਗੰਭੀਰ ਹੋਣ ਕਰ ਕੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਨਵੀਂਆਂ ਹੋਈਆਂ ਮੌਤਾਂ ਵਿੱਚੋਂ ਵਧੇਰੇ ਮ੍ਰਿਤਕ ਤਰਨ ਤਾਰਨ ਸ਼ਹਿਰ ਤੋਂ ਇਲਾਵਾ ਪਿੰਡ ਕੰਗ, ਕੱਕਾ ਕੰਡਿਆਲਾ, ਕੱਲ੍ਹਾ, ਭੁੱਲਰ, ਪੰਡੋਰੀ ਗੋਲਾ ਆਦਿ ਪਿੰਡਾਂ ਨਾਲ ਸਬੰਧਤ ਸਨ।

ਬਟਾਲਾ ਵਿੱਚ ਅੱਜ ਇਕ ਹੋਰ ਮੌਤ ਹੋਣ ਕਾਰਨ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ 11 ਤੋਂ ਵਧ ਕੇ 12 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੇ ਪੋਸਟਮਾਰਟਮ ਕਰਵਾਉਣ ਲਈ ਪੀੜਤ ਪਰਿਵਾਰ ਕਾਫੀ ਖ਼ੁਆਰ ਹੋ ਰਹੇ ਹਨ। ਮ੍ਰਿਤਕਾਂ ਦੇ ਪਰਿਵਾਰ ਅਨੁਸਾਰ ਉਹ ਤਿੰਨ ਦਿਨਾਂ ਤੋਂ ਹਸਪਤਾਲ ਆ ਰਹੇ ਹਨ ਪਰ ਲਾਸ਼ ਦਾ ਪੋਸਟਮਾਰਟਮ ਅੱਜ ਹੀ ਹੋਇਆ ਹੈ।

  • 65
  •  
  •  
  •  
  •