ਜਥੇਦਾਰ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਆਦੇਸ਼

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ (ਹਲਕਾ ਕਾਦੀਆਂ) ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਨੂੰ ਲੰਗਾਹ ਨਾਲ ਮਿਲਵਰਤਣ ਰੱਖਣ ਦੇ ਦੋਸ਼ ਹੇਠ ਤਨਖਾਹੀਆ ਕਰਾਰ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿੱਤੇ ਹਨ ਕਿ ਪੰਥ ਵਿੱਚੋਂ ਛੇਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਦਾ ਪਤਾ ਲਾ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਨੇ ਤਾਂ ਤਨਖਾਹੀਆ ਕਰਾਰ ਦਿੱਤੇ ਗਏ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਸਾਰੀਆਂ ਹੀ ਸਬ ਕਮੇਟੀਆਂ ਤੇ ਕਮੇਟੀਆਂ ਵਿੱਚੋਂ ਬਤੌਰ ਮੈਂਬਰ ਬਾਹਰ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਜਿਨ੍ਹਾਂ ਦਾ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਹੈ, ਬਾਰੇ ਪਤਾ ਲਾਉਣ ਲਈ ਜਲਦੀ ਹੀ ਸਬ ਕਮੇਟੀ ਦਾ ਗਠਨ ਕੀਤਾ ਜਾਵੇਗਾ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਬਣਾਈਆਂ ਗਈਆਂ ਸਾਰੀਆਂ ਸਬ-ਕਮੇਟੀਆਂ ਵਿੱਚੋਂ ਇਨ੍ਹਾਂ ਦੋਵਾਂ ਮੈਂਬਰਾਂ ਨੂੰ ਹਟਾ ਦਿੱਤਾ ਜਾਵੇ। ਉੁਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਬਾਰੇ ਪਤਾ ਲਾਵੇ। ਇੱਕ ਸਬ ਕਮੇਟੀ ਬਣਾ ਕੇ ਜਾਂਚ ਕੀਤੀ ਜਾਵੇ ਤੇ ਮਗਰੋਂ ਮਿਲਵਰਤਣ ਰੱਖਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਦੇਸ਼ ਦਿੱਤਾ ਕਿ ਉਹ ਪੰਥ ਵਿੱਚੋਂ ਛੇਕੇ ਸਾਬਕਾ ਅਕਾਲੀ ਮੰਤਰੀ ਨਾਲ ਮਿਲਵਰਤਣ ਰੱਖਣ ਵਾਲੇ ਆਪਣੇ ਆਗੂਆਂ ਦੀ ਆਪਣੇ ਪੱਧਰ ’ਤੇ ਜਾਂਚ ਕਰਕੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰੇ। ਯਾਦ ਰਹੇ ਸੋਮਵਾਰ ਰਾਤ ਸ਼੍ਰੋਮਣੀ ਕਮੇਟੀ ਨੇ ਵੀ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸਨੰਗਲ ਦੇ ਆਪਣੇ ਤਿੰਨ ਮੁਲਾਜ਼ਮਾਂ- ਇੰਚਾਰਜ ਰਛਪਾਲ ਸਿੰਘ, ਗ੍ਰੰਥੀ ਖੁਸ਼ਵੰਤ ਸਿੰਘ ਤੇ ਕਥਾਵਾਚਕ ਭਾਈ ਹਰਮੀਤ ਸਿੰਘ ਨੂੰ ਇਸ ਮਾਮਲੇ ਵਿਚ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ।

  • 2.7K
  •  
  •  
  •  
  •