ਅਫ਼ਗਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਸ਼੍ਰੋਮਣੀ ਕਮੇਟੀ ਚੁੱਕੇਗੀ ਪੂਰਾ ਖ਼ਰਚਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ’ਚ ਰਹਿੰਦੇ ਸਿੱਖਾਂ ਦੇ ਭਾਰਤ ਆਉਣ ਦਾ ਖ਼ਰਚਾ ਖੁਦ ਸਹਿਣ ਕਰੇਗੀ। ਚੰਡੀਗੜ੍ਹ ਦੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ’ਚ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਪੰਜਾਬ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਨੂੰ ਯੂਏਪੀਏ ਕਾਨੂੰਨ ਤਹਿਤ ਜੇਲ੍ਹਾਂ ’ਚ ਡੱਕਣ ਦੀ ਨਿੰਦਾ ਕਰਦਿਆਂ ਇਸ ਕਾਨੂੰਨ ਦੀ ਦੁਰਵਰਤੋਂ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵੱਸਦੇ ਸਿੱਖਾਂ ਦਾ ਜੀਵਨ ਅਤੇ ਇੱਜ਼ਤ ਮਹਿਫੂਜ਼ ਨਹੀਂ ਹੈ। ਇਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਗਾਨ ਸਿੱਖਾਂ ਨੂੰ ਭਾਰਤ ਵਸਾਉਣ ’ਚ ਮੱਦਦ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਯੂਏਪੀਏ ਦੀ ਆੜ ਹੇਠ ਜਾਣਬੁੱਝ ਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਕਾਨੂੰਨੀ ਮਦਦ ਵੀ ਕਰੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਸਬੰਧੀ ਸੋਸ਼ਲ ਮੀਡੀਆ ’ਤੇ ਮਨਘੜਤ ਬਿਆਨਬਾਜ਼ੀ ਦੀ ਵੀ ਉਨ੍ਹਾਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਦੀਪ ਸਿੱਧੂ ਨਾਂ ਦੇ ਵਿਅਕਤੀ ਵੱਲੋਂ ਇਕ ਵੀਡਿਓ ਰਾਹੀਂ ਪਾਵਨ ਸਰੂਪ ਨਾਗਪੁਰ ਭੇਜਣ ਦਾ ਸ਼੍ਰੋਮਣੀ ਕਮੇਟੀ ’ਤੇ ਬੇਬੁਨਿਆਦ ਇਲਜ਼ਾਮ ਲਗਾਇਆ ਗਿਆ ਹੈ। ਉਸ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਹੇਠ ਜਾਂਚ ਜਾਰੀ ਹੈ ਅਤੇ ਜੋ ਵੀ ਰਿਪੋਰਟ ਆਵੇਗੀ, ਉਸ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਲੌਂਗੋਵਾਲ ਨੇ ਪਟਿਆਲਾ ਨੇੜਲੇ ਪਿੰਡ ਦੇ ਗੁਰਦੁਆਰੇ ਵਿੱਚੋਂ ਛੋਟੇ ਆਕਾਰ ਦਾ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਆਖਿਆ ਕਿ ਕਈ ਹਫ਼ਤੇ ਬੀਤਣ ਮਗਰੋਂ ਵੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ 7 ਅਗਸਤ ਤੋਂ ਧਰਨੇ ਦਿੱਤੇ ਜਾ ਰਹੇ ਹਨ ਅਤੇ ਉਹ 8 ਅਗਸਤ ਨੂੰ ਧਰਨੇ ਦੀ ਅਗਵਾਈ ਕਰਨਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਗੁਰੂ ਸਾਹਿਬਾਨ ਨੂੰ ਲਵ-ਕੁਸ਼ ਦੇ ਵੰਸ਼ ਵਿੱਚੋਂ ਕਹਿਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਵਿਗਾੜਨਾ ਸਾਬਕਾ ਜਥੇਦਾਰ ਨੂੰ ਸ਼ੋਭਾ ਨਹੀਂ ਦਿੰਦਾ ਹੈ। ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸ਼ਹੀਦ ਭਾਈ ਜੰਗ ਸਿੰਘ ਕਰਨਾਲ, ਸੰਤ ਕਰਤਾਰ ਸਿੰਘ ਬਰਿਆਰਾਂ ਵਾਲੇ, ਸੰਤ ਬਾਬਾ ਹਰਦੇਵ ਸਿੰਘ ਲੂਲੋਂ ਵਾਲੇ, ਸੰਤ ਹਾਕਮ ਸਿੰਘ ਵਸਾਊਕੋਟ ਅਤੇ ਦਲੀਪ ਸਿੰਘ ਤਲਵੰਡੀ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਸਾਰੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ।

  • 43
  •  
  •  
  •  
  •