ਦਲ ਖ਼ਾਲਸਾ ਵੱਲੋਂ ਗਿਆਨੀ ਇਕਬਾਲ ਸਿੰਘ ਨੂੰ ਪੰਥ ‘ਚੋਂ ਛੇਕਣ ਦੀ ਮੰਗ

ਦਲ ਖਾਲ਼ਸਾ ਨੇ ਸ੍ਰੀ ਰਾਮ ਮੰਦਰ ਦੇ ਭੂਮੀ ਪੂਜਨ ਸਮਾਗਮ ‘ਚ ਸ਼ਾਮਲ ਹੋਣ ਵਾਲੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪੰਥ ‘ਚੋਂ ਛੇਕਣ ਦੀ ਮੰਗ ਕੀਤੀ ਹੈ। ਦਲ ਖਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਇਸ ਮਾਮਲੇ ‘ਚ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ।

ਦਲ ਖਾਲਸਾ ਦੇ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਕੇਂਦਰੀ ਵਰਕਿੰਗ ਕਮੇਟੀ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ, ਜ਼ਿਲ੍ਹਾ ਪ੍ਰਧਾਨ ਭਾਈ ਸੁਰਿੰਦਰ ਸਿੰਘ ਨਥਾਨਾ, ਮਹਾ ਸਕੱਤਰ ਭਾਈ ਬਲਕਰਨ ਸਿੰਘ ਅਤੇ ਹੋਰ ਮੈਂਬਰਾਂ ਨੇ ਕਿਹਾ ਕਿ ਸਿੱਖ ਕੌਮ ਦੇ ਵਿਰੋਧ ਦੇ ਬਾਵਜੂਦ ਸਾਬਕਾ ਜਥੇਦਾਰ ਨੇ ਸਮਾਗਮ ‘ਚ ਸ਼ਿਰਕਤ ਕੀਤੀ ਅਤੇ ਪੰਥ ਦੇ ਵਿਰੋਧੀ ਹੋਣ ਦਾ ਸਬੂਤ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਬਕਾ ਜਥੇਦਾਰ ਦੀ ਇਸ ਕਾਰਵਾਈ ਨਾਲ ਸਮੁੱਚੇ ਪੰਥ ਨੂੰ ਗੁਲਾਮੀ ਦਾ ਅਹਿਸਾਸ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਸਾਬਕਾ ਜਥੇਦਾਰ ਕੌਮ ਨੂੰ ਦੱਸਣ ਕਿ ਉਹ ਕਿਸ ਹੈਸੀਅਤ ਨਾਲ ਸਮਾਗਮ ‘ਚ ਹਿੱਸਾ ਲੈਣ ਗਏ ਸਨ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੇ ਉਕਤ ਸਮਾਗਮਾਂ ‘ਚ ਜਾ ਕੇ ਇਹ ਦੱਸਿਆ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਧਾਰਨਾ ‘ਚ ਹੀ ਵਿਸ਼ਵਾਸ ਰੱਖਦੇ ਹਨ ਪਰ ਸਾਬਕਾ ਜਥੇਦਾਰ ਦੇ ਜਾਨ ਨਾਲ ਪੂਰੀ ਸਿੱਖ ਕੌਮ ਦਾ ਅਪਮਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਹੋਰ ਧਰਮ ਦੇ ਸਮਾਗਮ ‘ਚ ਸ਼ਿਰਕਤ ਕਰਨ ਦੇ ਵਿਰੋਧ ‘ਚ ਨਹੀਂ ਹਨ ਪਰ ਮਸਜਿਦ ਨੂੰ ਤੋੜ ਕੇ ਮੰਦਰ ਦਾ ਨਿਰਮਾਣ ਕਰਨ ਤੋਂ ਉਹ ਇਤਫਾਕ ਨਹੀਂ ਰੱਖਦੇ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਸਾਬਕਾ ਜਥੇਦਾਰ ਨੂੰ ਪੰਥ ਤੋਂ ਬਾਹਰ ਕੀਤਾ ਜਾਵੇ।

  • 1.2K
  •  
  •  
  •  
  •