ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਵੇ: ਖਹਿਰਾ

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੋਰੋਨਾ ਦੇ ਮੱਦੇਨਜ਼ਰ ਬੰਦ ਕੀਤਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਬੰਧੀ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਅਪੀਲ ਕੀਤੀ ਕਿ ਉਹ ਲਾਂਘਾ ਖੁੱਲ੍ਹਵਾਉਣ ਲਈ ਯੋਗ ਪੈਰਵਾਈ ਕਰਨ।

ਸੁਖਪਾਲ ਖਹਿਰਾ ਨੇ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੇ ਬੀਤੀ 16 ਮਾਰਚ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ’ਤੇ ਬੰਦ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਬੀਤੀ 29 ਜੂਨ ਨੂੰ ਪਾਕਿਸਤਾਨ ਨੇ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹ ਦਿੱਤਾ ਹੈ ਪਰ ਪੰਜਾਬ ਵਾਲੇ ਪਾਸਿਓਂ ਇਹ ਹਾਲੇ ਵੀ ਬੰਦ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਗੁਰਦੁਆਰੇ, ਮੰਦਰ, ਮਸਜਿਦਾਂ, ਗਿਰਜਾਘਰ ਅਤੇ ਧਰਮਸ਼ਾਲਾ ਆਦਿ ਸਥਾਨ ਲੋਕਾਂ ਲਈ ਖੋਲ੍ਹ ਦਿੱਤੇ ਗਏ ਹਨ ਅਤੇ 5 ਅਗਸਤ ਨੂੰ ਪ੍ਰਧਾਨ ਮੰਤਰੀ ਨੇ ਅਯੁੱਧਿਆਂ ਵਿੱਚ ਰਾਮ ਮੰਦਰ ਦੀ ਉਸਾਰੀ ਬਾਬਤ ਨੀਂਹ ਪੱਥਰ ਰੱਖਿਆ ਹੈ, ਲਿਹਾਜ਼ਾ ਹੁਣ ਇਹ ਲਾਂਘਾ ਵੀ ਖੋਲ੍ਹਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਸਿੱਖ ਨੌਜਵਾਨਾਂ ਦੀ ਫੜੋ-ਫੜੀ ਦੇ ਮਾਮਲੇ ’ਤੇ ਵੀ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਜ਼ਮੀਨੀ ਹਕੀਕਤ ਜਾਣਨ ਲਈ ਉਹ ਇਕੱਲੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਲੋਕਾਂ ਦੀ ਕਚਹਿਰੀ ਵਿੱਚ ਬੈਠ ਕੇ ਉਨ੍ਹਾਂ ਦਾ ਦਰਦ ਸੁਣਨ ਤਾਂ ਜੋ ਉਨ੍ਹਾਂ ਨੂੰ ਅਸਲੀਅਤ ਦਾ ਪਤਾ ਲੱਗ ਸਕੇ।

  •  
  •  
  •  
  •  
  •