ਸਾਬਕਾ ਵਿਧਾਇਕ ਜਰਨੈਲ ਸਿੰਘ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ

ਆਮ ਆਦਮੀ ਪਾਰਟੀ ਨੇ ਰਾਜੌਰੀ ਗਾਰਡਨ ਤੋਂ ਸਾਬਕਾ ਐਮਐਲਏ ਜਰਨੈਲ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ‘ਚੋਂ ਬਾਹਰ ਕਰ ਦਿੱਤਾ ਹੈ। ਜਰਨੈਲ ਸਿੰਘ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਪੀਏਸੀ ਨੇ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਹੈ।

ਉਨ੍ਹਾਂ ‘ਤੇ ਹਿੰਦੂ ਦੇਵੀ ਦੇਵਤਿਆਂ ਲਈ ਮੰਦਭਾਗੀ ਸ਼ਬਦਾਵਲੀ ਦੀ ਵਰਤੋਂ ਕਰਨ ਦਾ ਦੋਸ਼ ਹੈ। ਜਿਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਖਿਲਾਫ ਇਹ ਕਦਮ ਚੁੱਕਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਰਨੈਲ ਸਿੰਘ ਨੂੰ ਦਿੱਲੀ ਦਾ ਸ਼ੇਰ ਕਹਿੰਦੇ ਸਨ।

ਆਮ ਆਦਮੀ ਪਾਰਟੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇੱਕ ਧਰਮ ਨਿਰਪੱਖ ਪਾਰਟੀ ਹੈ ਅਤੇ ਕਿਸੇ ਵੀ ਧਰਮ ਦਾ ਨਿਰਾਦਰ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਪਾਰਟੀ ਵਿੱਚ ਕੋਈ ਥਾਂ ਨਹੀਂ ਹੈ। ਜਰਨੈਲ ਸਿੰਘ ਦੇ ਇਸ ਬਿਆਨ ਦੀ ਆਮ ਆਦਮੀ ਪਾਰਟੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਤੇ ਇਹਨਾਂ ਨੂੰ ਤਤਕਾਲ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋੰ ਨਿਲੰਬਤ ਕੀਤਾ ਜਾਂਦਾ ਹੈ।

ਮੁਅੱਤਲ ਹੋਏ ਜਰਨੈਲ ਸਿੰਘ ਦਾ ਕਹਿਣਾ ਹੈ ਕਿ 11 ਅਗਸਤ ਨੂੰ ਉਨ੍ਹਾਂ ਦਾ ਪੁੱਤਰ ਫੋਨ ਰਾਹੀਂ ਆਨਲਾਈਨ ਕਲਾਸ ਲਗਾ ਰਿਹਾ ਸੀ, ਉਸ ਦੀ ਗਲਤੀ ਕਾਰਨ ਇਹ ਟਵੀਟ ਹੋ ਗਿਆ, ਜਦੋਂ ਕਿ ਉਨ੍ਹਾਂ ਨੂੰ ਵੀ ਇਸ ਗੱਲ ਦਾ ਅਚਾਨਕ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਮੈਂ ਸਾਰੇ ਧਰਮਾਂ ਦਾ ਸਨਮਾਨ ਕਰਦਾ ਹਾਂ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਦੇ ਸਿਧਾਂਤਾਂ ’ਤੇ ਚੱਲਣ ’ਤੇ ਵਿਸ਼ਵਾਸ ਰੱਖਦਾ ਹੈ।

  • 932
  •  
  •  
  •  
  •