”ਕਾਲੇ ਕਾਨੂੰਨਾਂ ਦੀ ਦੁਰਵਰਤੋਂ ਕਰ ਮਨੁੱਖੀ ਹੱਕਾਂ ਦੀ ਆਵਾਜ਼ ਨੂੰ ਦਬਾ ਰਹੀ ਹੈ ਭਾਰਤ ਸਰਕਾਰ”

‘ਵਰਲਡ ਸਿੱਖ ਪਾਰਲੀਮੈਂਟ’ ਅਤੇ ਅਮਰੀਕਾ ਆਧਾਰਤ ਸਿੱਖ ਮਨੁੱਖੀ ਅਧਿਕਾਰ ਗ਼ੈਰ-ਸਰਕਾਰੀ ਸੰਗਠਨਾਂ ਨੇ ਅਮਰੀਕੀ ਧਾਰਮਿਕ ਆਜ਼ਾਦੀ ਅਤੇ ਰਾਜ ਵਿਭਾਗ ਦੇ ਦਫ਼ਤਰ ਦੇ ਅਧਿਕਾਰੀਆਂ ਨਾਲ ਆਨਲਾਈਨ ਮੁਲਾਕਾਤ ਦੌਰਾਨ ਭਾਰਤ, ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ’ਚ ਸਿੱਖਾਂ ਨੂੰ ਪ੍ਰਭਾਵਤ ਕਰਨ ਵਾਲੇ ਮੁੱਦਿਆਂ ਬਾਰੇ ਗੱਲਬਾਤ ਕੀਤੀ।

ਇਸ ਗੱਲਬਾਤ ਦੌਰਾਨ ਭਾਰਤ ‘ਚ ਵਰਤੇ ਜਾ ਰਹੇ ਅਣਮਨੁੱਖੀ ਕਾਨੂੰਨਾਂ ’ਤੇ ਖ਼ਾਸ ਧਿਆਨ ਕੇਂਦ੍ਰਿਤ ਕਰਦਿਆਂ ਦੱਸਿਆ ਗਿਆ ਕਿ ਭਾਰਤ ਵੱਲੋਂ ਇਨ੍ਹਾਂ ਕਾਨੂੰਨਾਂ ਦੀ ਦੁਰਵਰਤੋਂ ਅਤੇ ਉਲੰਘਣਾ ਹੋ ਰਹੀ ਹੈ। ਖ਼ਾਸ ਕਰ ਪੰਜਾਬ ’ਚ ਸਿੱਖਾਂ ਅਤੇ ਹੋਰ ਘੱਟ-ਗਿਣਤੀ ਭਾਰਤੀ ਭਾਈਚਾਰੇ ਨੂੰ ਭਾਰਤ ਸਰਕਾਰ ਵੱਲੋਂ ਨਿਸ਼ਾਨਾ ਬਣਾ ਕੇ ਜ਼ੁਲਮ ਕੀਤਾ ਜਾ ਰਿਹਾ ਹੈ। ਵਰਲਡ ਸਿੱਖ ਪਾਰਲੀਮੈਂਟ ਦੀ ਯੂ.ਐਨ. ਅਤੇ ਐਨ.ਜੀ.ਓ. ਕੌਂਸਲ ਦੇ ਕੋਆਰਡੀਨੇਟਰ ਸਵਰਨਜੀਤ ਸਿੰਘ ਅਤੇ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਪ੍ਰੈਸ ਨੋਟ ’ਚ ਦੱਸਿਆ ਕਿ ਪੰਜਾਬ ’ਚ ਹਾਲ ਹੀ ’ਚ ਗ਼ੈਰ ਕਾਨੂੰਨੀ ਗਤੀਵਿਧੀਆਂ ਅਤੇ ਸੁਰੱਖਿਆ ਐਕਟ (ਯੂ.ਏ.ਪੀ.ਏ.) ਅਧੀਨ ਬੇਕਸੂਰ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਾਨੂੰਨਾਂ ਨਾਲ ਸਰਕਾਰਾਂ ਨੂੰ ਭ੍ਰਿਸ਼ਟਾਚਾਰ ਅਤੇ ਜ਼ੁਲਮ ਕਰਨੇ ਆਸਾਨ ਹੋ ਜਾਂਦੇ ਹਨ।

ਸਿੱਖ ਨੌਜਵਾਨ ਲਵਪ੍ਰੀਤ ਸਿੰਘ ਨੂੰ ਯੂ.ਏ.ਪੀ.ਏ. ਕਾਨੂੰਨ ਅਧੀਨ ਹਿਰਾਸਤ ’ਚ ਲੈ ਲਿਆ ਗਿਆ ਸੀ ਅਤੇ ਉਸ ਦੀ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦੀ ਕਹਾਣੀ ਬਣਾ ਦਿਤੀ ਗਈ। ਮਨੁੱਖੀ ਅਧਿਕਾਰਾਂ ਬਾਰੇ ਲਿਖਣ ਵਾਲੇ ਜਗਤਾਰ ਸਿੰਘ ਜੱਗੀ ਨੂੰ ਨਵੰਬਰ, 2017 ਉਸ ਦੇ ਵਿਆਹ ਤੋਂ ਸਿਰਫ਼ ਇੱਕ ਦਿਨ ਬਾਅਦ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਉਹ ਅਜੇ ਵੀ ਬਿਨਾਂ ਕਿਸੇ ਮੁਕੱਦਮੇ ਦੇ ਜੇਲ੍ਹ’ਚ ਬੰਦ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਰਤ ਯੂ.ਐਨ. ਦੀ ਸੁਰੱਖਿਆ ਪ੍ਰੀਸ਼ਦ ’ਚ ਸਥਾਈ ਸੀਟ ਹਾਸਲ ਕਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ ਪਰ ਦੂਜੇ ਪਾਸੇ ਭਾਰਤ ਸਰਕਾਰ ਲੋਕਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ।

ਉੱਘੇ ਪੰਥਕ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਜਾਂ ਦਲਿਤ ਘੱਟ ਗਿਣਤੀ ਭਾਰਤੀ ਪੁਲਿਸ ਦੇ ਨਿਸ਼ਾਨੇ ’ਤੇ ਹਨ, ਜੋ ਕਿ ਧਾਰਮਿਕ ਅਜ਼ਾਦੀ ਦੀ ਉਲੰਘਣਾ ਦਾ ਗੰਭੀਰ ਮਾਮਲਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਵਕੀਲ ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ ਸੰਧੂ, ਯਾਦਵਿੰਦਰ ਸਿੰਘ, ਜਗਦੀਸ਼ ਸਿੰਘ, ਡਾ. ਰਣਜੀਤ ਸਿੰਘ, ਸੁਰਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਆਦਿ ਨੇ ਵੀ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ।

  • 1.6K
  •  
  •  
  •  
  •