ਸਿੱਖਾਂ ਦੇ ਕਾਤਲਾਂ ਦੇ ਜਨਮ ਦਿਨ ਮਨਾਉਣਾ ਮੰਦਭਾਗਾ: ਜਥੇਦਾਰ ਅਕਾਲ ਤਖ਼ਤ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਰਮਜੀਤ ਸਿੰਘ ਨਾਮ ਦੇ ਇੱਕ ਕਾਂਗਰਸੀ ਆਗੂ ਵੱਲੋਂ ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾਉਣ ਦੇ ਮਾਮਲੇ ਬਾਰੇ ਆਖਿਆ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤੇ ਸਿੱਖਾਂ ਦੇ ਕਾਤਲਾਂ ਦੇ ਜਨਮ ਦਿਨ ਮਨਾਉਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੌਰਾਨ ਉਨ੍ਹਾਂ ਨੇ ਅਮਰੀਕਾ ਵਿਚ ਸਿੱਖ ਨੌਜਵਾਨ ਮਨਜੀਤ ਸਿੰਘ ਦੀ ਦਰਿਆ ਵਿਚ ਡੁੱਬਣ ਨਾਲ ਮੌਤ ਹੋਣ ’ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਨੇ ਡੁੱਬ ਰਹੇ ਤਿੰਨ ਬੱਚਿਆਂ ਨੂੰ ਬਚਾਉਣ ਲਈ ਆਪਣੇ ਜਾਨ ਕੁਰਬਾਨ ਕਰ ਦਿੱਤੀ ਹੈ। ਉਨ੍ਹਾਂ ਨੇ ਅਰਦਾਸ ਕੀਤੀ ਕਿ ਪ੍ਰਮਾਤਮਾ ਨੌਜਵਾਨ ਮਨਜੀਤ ਸਿੰਘ ਨੂੰ ਆਪਣੇ ਚਰਨਾਂ ਚ ਨਿਵਾਸ ਦੇਣ।

ਮਨਜੀਤ ਸਿੰਘ

ਇਸ ਤੋਂ ਇਲਾਵਾ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਪੇ ਬਣੀ ਕੋਈ ਵੀ ਸਤਿਕਾਰ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਨਤਾ ਪ੍ਰਾਪਤ ਨਹੀਂ ਹੈ ਅਤੇ ਨਾ ਹੀ ਕੋਈ ਉਸ ਦੇ ਨਾਲ ਅਧਿਕਾਰੀ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕੇ ਸਤਿਕਾਰ ਕਮੇਟੀ ਆਪਣੀ ਮਨਮਰਜ਼ੀ ਦੇ ਨਾਲ ਕਿਸੇ ਦੇ ਵੀ ਘਰ ਜਾ ਕੇ ਪਾਵਨ ਸਰੂਪ ਨੂੰ ਨਹੀਂ ਚੁੱਕ ਸਕਦੇ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਾਣ ਮਰਿਆਦਾ ਅਤੇ ਸਤਿਕਾਰ ਨੂੰ ਕਾਇਮ ਰੱਖਣ ਲਈ ਕੋਈ ਵਿਉਂਤਬੰਦੀ ਕੀਤੀ ਜਾਵੇਗੀ ।

  •  
  •  
  •  
  •  
  •