ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਗਿਆਨੀ ਇਕਬਾਲ ਸਿੰਘ ਨੂੰ ਸਿੱਖ ਪੰਥ ‘ਚੋਂ ਛੇਕਿਆ

ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜਾਂ ਸਿੰਘਾਂ ਦੀ ਇਕੱਤਰਤਾ ਕਰ ਕੇ ਗਿਆਨੀ ਇਕਬਾਲ ਸਿੰਘ ਨੂੰ ਪੰਥ ਚੋਂ ਛੇਕ ਦਿੱਤਾ ਹੈ। ਉਨ੍ਹਾਂ ਆਖਿਆ ਕਿ ਉਸ ਨੇ ਸਿੱਖ ਗੁਰੂਆਂ ਨੂੰ ਲਵ ਕੁਸ਼ ਦੇ ਵੰਸ਼ਜ਼ ਦੱਸ ਕੇ ਸਿੱਖ ਕੌਮ ਨੂੰ ਹਿੰਦੂ ਧਰਮ ਦਾ ਅੰਗ ਸਾਬਤ ਕਰਨ ਦਾ ਯਤਨ ਕੀਤਾ ਹੈ। ਇਸ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਵੀ ਆਈਆਂ ਹਨ।

ਜਿਕਰਯੋਗ ਹੈ ਕਿ ਪਿਛਲੇ ਦਿਨੀਂ ਅਯੋਧਿਆ ਵਿੱਚ ਰਾਮ ਮੰਦਰ ਦੇ ਨੀਂਹ ਪੱਥਰ ਰੱਖਣ ਵਾਲੇ ਸਮਾਗਮ ਵਿੱਚ ਪੁਹੰਚੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਸਿੱਖ ਗੁਰੂ ਸਾਹਿਬਾਨ ਨੂੰ ਲਵ-ਕੁਸ਼ ਦੇ ਵੰਜਸ਼ ਦੱਸਿਆ ਸੀ, ਜਿਸ ‘ਤੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਧਿਆਨ ਸਿੰਘ ਮੰਡ ਵੱਲੋਂ ਪੰਜ ਸਿੰਘਾਂ ਦੀ ਇਕੱਤਰਤਾ ਕਰ ਕੇ ਗਿਆਨੀ ਇਕਬਾਲ ਸਿੰਘ ਨੂੰ 20 ਅਗਸਤ ਤਕ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ ਪਰ ਗਿਆਨੀ ਇਕਬਾਲ ਸਿੰਘ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਨਹੀਂ ਹੋਏ।

ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਨਹੀਂ ਰੱਖੀ ਗਈ ਜਿਸ ਕਾਰਨ ਉਨ੍ਹਾਂ ਨੇ ਇਹ ਕਾਰਵਾਈ ਕੀਤੀ ਹੈ। ਜਥੇਦਾਰ ਮੰਡ ਨੇ ਕਿਹਾ ਹੈ ਕਿ ਹੁਣ ਗਿਆਨੀ ਇਕਬਾਲ ਸਿੰਘ ਨਾ ਤਾਂ ਆਪਣੇ ਨਾਮ ਦੇ ਅੱਗੇ ਗਿਆਨੀ ਲਗਾਏਗਾ ਤੇ ਨਾ ਹੀ ਜਥੇਦਾਰ ਲਗਾਏਗਾ। ਇਸ ਤੋਂ ਇਲਾਵਾਂ ਉਸ ਨੂੰ ਸਿੰਘ ਲਗਾਉਣ ਦਾ ਵੀ ਕੋਈ ਅਧਿਕਾਰ ਨਹੀਂ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੋਬਿੰਦ ਰਮਾਇਣ ਸਬੰਧੀ ਦਿੱਤੇ ਬਿਆਨ ਬਾਰੇ ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨੂੰ ਆਪਣਾ ਬਿਆਨ ਵਾਪਸ ਲੈਣ ਅਤੇ ਸਿੱਖ ਕੌਮ ਕੋਲੋਂ ਮਾਫੀ ਮੰਗਣ ਲਈ 15 ਦਿਨ ਦਾ ਸਮਾਂ ਦਿੱਤਾ ਗਿਆ ਹੈ, ਜੋ 27 ਅਗਸਤ ਨੂੰ ਪੂਰਾ ਹੋਵੇਗਾ। ਜੇਕਰ ਉਹ ਆਪਣਾ ਬਿਆਨ ਵਾਪਸ ਨਹੀਂ ਲੈਂਦੇ ਅਤੇ ਸਿੱਖ ਕੌਮ ਕੋਲੋਂ ਮੁਆਫ਼ੀ ਨਹੀਂ ਮੰਗਦੇ ਤਾਂ ਇਸ ਸਬੰਧੀ ਅਗਲਾ ਫੈਸਲਾ ਸਮਾਂ ਪੂਰਾ ਹੋਣ ਤੋਂ ਬਾਅਦ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਭਾਈ ਨਛੱਤਰ ਸਿੰਘ, ਭਾਈ ਬਲਵੰਤ ਸਿੰਘ, ਭਾਈ ਰਾਜਾ ਰਾਜ ਸਿੰਘ, ਭਾਈ ਹਿੰਮਤ ਸਿੰਘ ਆਦਿ ਮੌਜੂਦ ਸਨ।

  •  
  •  
  •  
  •  
  •