ਸੁਮੇਧ ਸੈਣੀ ਵਿਰੁੱਧ ਕਤਲ ਦੀ ਧਾਰਾ ਜੋੜਨ ਦੀ ਦਿੱਤੀ ਇਜਾਜ਼ਤ, ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ

ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਪੁਲਿਸ ਨੇ ਸੁਮੇਧ ਸੈਣੀ ਖ਼ਿਲਾਫ਼ ਇਸ ਮਾਮਲੇ ਵਿੱਚ ਧਾਰਾ 302 ਜੋੜਨ ਦੇ ਲਈ ਮੁਹਾਲੀ ਕੋਰਟ ਤੋਂ ਇਜਾਜ਼ਤ ਮੰਗੀ ਸੀ ਜਿਸ ਨੂੰ ਅਦਾਲਤ ਨੇ ਪ੍ਰਵਾਨਗੀ ਦੇ ਦਿੱਤੀ ਹੈ। ਸੈਣੀ ਦੀ ਹੁਣ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ।

ਮੁਹਾਲੀ ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨ ਨੂੰ ਆਧਾਰ ਬਣਾ ਕੇ ਪੰਜਾਬ ਪੁਲੀਸ ਦੀ ਸਿੱਟ ਨੂੰ ਸਾਬਕਾ ਡੀਜੀਪੀ ਸੈਣੀ ਦੇ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਕਿਸੇ ਸਮੇਂ ਸੈਣੀ ਦੇ ਚਹੇਤੇ ਰਹੇ ਦੋਵੇਂ ਸਾਬਕਾ ਇੰਸਪੈਕਟਰਾਂ ਨੇ ਵੀਰਵਾਰ ਨੂੰ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ-ਕਮ-ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 164 ਦੇ ਤਹਿਤ ਬਿਆਨ ਦਰਜ ਕਰਵਾਏ ਗਏ ਸੀ। ਪੁਲਿਸ ਵੱਲੋਂ ਹੁਣ ਸੈਣੀ ਖ਼ਿਲਾਫ਼ ਧਾਰਾ 302 ਜੋੜ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਤਿੰਨ ਦਿਨ ਦਾ ਨੋਟਿਸ ਦਿੱਤਾ ਜਾਵੇਗਾ।

ਇੰਨ੍ਹਾਂ ਦੋਵਾਂ ਨੇ ਦੱਸਿਆ ਕਿ ਸੁਮੇਧ ਸੈਣੀ ‘ਤੇ ਇੱਕ ਵਾਰ ਅਣਪਛਾਤਿਆਂ ਵੱਲੋਂ ਹਮਲਾ ਹੋਇਆ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਸੈਣੀ ਦੀ ਮੌਜੂਦਗੀ ਵਿੱਚ ਉਸ ’ਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ। ਮੁਲਤਾਨੀ ਦੀ ਥਾਣੇ ਵਿੱਚ ਕੀਤੀ ਗਈ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲਿਸ ਅਫ਼ਸਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਹੀ ਨਹੀਂ ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆਂ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ।

ਇਸ ਸਬੰਧੀ ਯੂਟੀ ਪੁਲੀਸ ਦੀ ਟੀਮ ਵੱਲੋਂ ਚੰਡੀਗੜ੍ਹ ਵਿੱਚ ਵੀ ਡੀਡੀਆਰ ਦਰਜ ਕੀਤੀ ਗਈ ਸੀ। ਇਸ ਤਰ੍ਹਾਂ ਉਦੋਂ ਪੁਲੀਸ ਵੱਲੋਂ ਮੁਲਤਾਨੀ ਕੇਸ ਨੂੰ ਸਰਕਾਰੀ ਫਾਈਲਾਂ ਵਿੱਚ ਦਫ਼ਨ ਕਰ ਦਿੱਤਾ ਗਿਆ। ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਸਾਬਕਾ ਅਫ਼ਸਰਾਂ ਨੇ ਆਪਣੇ ਬਿਆਨਾਂ ਵਿੱਚ ਸਪੱਸ਼ਟ ਕੀਤਾ ਕਿ ਮੁਲਤਾਨੀ ਨੂੰ ਅੰਨ੍ਹੇਵਾਹ ਅਣਮਨੁੱਖੀ ਤਸੀਹੇ ਦਿੱਤੇ ਗਏ ਅਤੇ ਉਸ ਦੇ ਸਰੀਰ ’ਚੋਂ ਖੂਨ ਵਗਣਾ ਸ਼ੁਰੂ ਹੋ ਗਿਆ। ਇਹ ਸਾਰਾ ਕੁੱਝ ਉਨ੍ਹਾਂ ਨੇ ਆਪਣੀ ਅੱਖੀਂ ਦੇਖਿਆ ਹੈ। ਪੁਲਿਸ ਦੀ ਇਸ ਦਰਿੰਦਗੀ ਕਾਰਨ ਮੁਲਤਾਨੀ ਕਾਫੀ ਸਮਾਂ ਦਰਦ ਨਾਲ ਕੁਰਲਾਉਂਦਾ ਰਿਹਾ। ਅਖੀਰ ਉਸ ਨੇ ਦਮ ਤੋੜ ਦਿੱਤਾ।

  • 394
  •  
  •  
  •  
  •