ਕੈਪਟਨ ਵੱਲੋਂ ਪੰਜਾਬ ‘ਚ ਧਾਰਾ 144 ਲਾਗੂ ਕਰਨ ਦੇ ਹੁਕਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੇਜ਼ ਰਫ਼ਤਾਰ ਨਾਲ ਫੈਲ ਰਹੀ ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਭਰ ਵਿਚ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼ਮੂਲੀਅਤ ਵਾਲੇ ਸਾਰੇ ਇਕੱਠਾਂ ’ਤੇ ਰੋਕ ਲਈ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਹਾਲਾਤ ਹੋਰ ਖ਼ਰਾਬ ਨਹੀਂ ਹੋਣ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਹਫ਼ਤਾਵਾਰੀ ਲੌਕਡਾਊਨ ਤੋਂ ਇਲਾਵਾ 31 ਅਗਸਤ ਤੋਂ ਮਗਰੋਂ ਸਖ਼ਤੀ ਲਈ ਨਵੇਂ ਕਦਮ ਉਠਾਏ ਜਾ ਸਕਦੇ ਹਨ। ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਲਾਈਵ ਪ੍ਰੋਗਰਾਮ ’ਚ ਸਖ਼ਤ ਰੁਖ਼ ਅਪਣਾਉਂਦਿਆਂ ਕਿਹਾ ਕਿ ਵਿਆਹ ਅਤੇ ਭੋਗ ਸਮਾਗਮਾਂ ਤੋਂ ਬਿਨਾਂ ਪੰਜਾਬ ਵਿਚ ਕਿਤੇ ਵੀ ਪੰਜ ਤੋਂ ਜ਼ਿਆਦਾ ਵਿਅਕਤੀਆਂ ਨੂੰ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਜਿਹੇ ਇਕੱਠ ਕਰਨ ਵਾਲੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਹੋਵੇਗੀ। ਉਨ੍ਹਾਂ ਸਿਆਸੀ ਧਿਰਾਂ ਨੂੰ ਧਰਨਿਆਂ ਸਮੇਤ ਇਕੱਠਾਂ ਤੋਂ ਬਚਣ ਦੀ ਅਪੀਲ ਵੀ ਕੀਤੀ। ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਧਾਰਾ 144 ਦੀ ਉਲੰਘਣਾ ਦੀ ਸੂਰਤ ਵਿਚ ਪ੍ਰਬੰਧਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਮੁੱਖ ਮੰਤਰੀ ਵੱਲੋਂ ਸਾਰੇ ਧਾਰਮਿਕ ਤੇ ਸਮਾਜਿਕ ਆਗੂਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਵਿਚ ਜਿੱਥੇ ਵੀ ਕੋਵਿਡ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ, ਉੱਥੇ ਆਪਣੇ ਪੈਰੋਕਾਰਾਂ ਨੂੰ ਧਾਰਾ 144 ਦੀ ਉਲੰਘਣਾ ਨਾ ਕਰਨ ਅਤੇ ਲਾਗੂ ਕੀਤੇ ਗਏ ਸੁਰੱਖਿਆ ਉਪਾਵਾਂ/ਪਾਬੰਦੀਆਂ ਦੀ ਪਾਲਣਾ ਕਰਨ ਲਈ ਆਖਣ। ਉਨ੍ਹਾਂ ਵੱਲੋਂ ਪੁਲੀਸ ਨੂੰ ਵਿਆਹ ਅਤੇ ਭੋਗ ਸਮਾਗਮਾਂ ਦੌਰਾਨ ਸਮਾਜਿਕ ਦੂਰੀ ਅਤੇ ਵਿਅਕਤੀਆਂ ਦੀ ਤੈਅ ਗਿਣਤੀ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਵੀ ਦਿੱਤੇ ਗਏ ਹਨ।
ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਨਾ ਸੰਭਲੇ ਅਤੇ ਇਸੇ ਤਰ੍ਹਾਂ ਬੇਪਰਵਾਹ ਰਹੇ ਤਾਂ ਇਕ ਹਫ਼ਤੇ ਬਾਅਦ ਹੋਰ ਸਖ਼ਤੀ ਕਰਨ ਲਈ ਮਜਬੂਰ ਹੋਵਾਂਗਾ।

  • 68
  •  
  •  
  •  
  •