ਪਾਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਭਾਰਤ ਸਰਕਾਰ ਨੂੰ ਅਪੀਲ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦੀ ਲਾਹੌਰ ਵਿਖੇ ਹੋਈ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਮਨਾਉਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਗੁਰੂ ਸਾਹਿਬ ਜੀ ਦਾ ਇਹ ਪੁਰਬ ਇਸ ਵਾਰ ਕਰਤਾਰਪੁਰ ਸਾਹਿਬ ਦੀ ਵਿਖੇ 22 ਸਤੰਬਰ 2020 ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਮਾਗਮ 20 ਸਤੰਬਰ ਤੋਂ ਲੈ ਕੇ 22 ਸਤੰਬਰ 2020 ਤਕ ਕਰਵਾਏ ਜਾ ਰਹੇ ਹਨ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਾਰਤ ਸਰਕਾਰ ਨੂੰ ਇਸ ਅਵਸਰ ‘ਤੇ ਕਰਤਾਰਪੁਰ ਲਾਘੇ ਨੂੰ ਸੰਗਤਾਂ ਲਈ ਮੁੜ ਖੋਲ੍ਹੇ ਜਾਣ ਦੀ ਅਪੀਲ ਵੀ ਕੀਤੀ। ਮੀਟਿੰਗ ਦੌਰਾਨ ਕਮੇਟੀ ਪ੍ਰਧਾਨ ਸਤਵੰਤ ਸਿੰਘ ਅਤੇ ਮੈਂਬਰ ਅਮੀਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਦੀ ਮਦਦ ਨਾਲ ਗੁਰੂ ਨਾਨਕ ਸਾਹਿਬ ਦਾ ਜੋਤੀ ਜੋਤ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਭਾਵੇਂ ਇਸ ਵਾਰ ਵਿਦੇਸ਼ਾਂ ਤੋਂ ਸੰਗਤਾਂ ਕਰਤਾਰਪੁਰ ਸਾਹਿਬ ਵਿਖੇ ਨਮਸਤਕ ਨਹੀਂ ਹੋ ਸਕਣਗੀਆਂ ਪਰ ਸਾਡੀ ਦਿਲੀ ਖਵਾਇਸ਼ ਹੈ ਕਿ ਭਾਰਤ ਦੀਆਂ ਸੰਗਤਾਂ ਹੋਣ ਵਾਲੇ ਸਮਾਗਮਾਂ ਸ਼ਮੂਲੀਅਤ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਇਹ ਲਾਘਾ 73 ਸਾਲ ਦੀਆਂ ਅਰਦਾਸਾਂ ਉਪਰੰਤ ਖੁਲ੍ਹਿਆ ਸੀ। ਲਾਂਘਾ ਖੁੱਲ੍ਹਣ ਦੇ ਬਾਅਦ ਗੁਰੂ ਸਾਹਿਬ ਦਾ ਇਹ ਪਹਿਲਾ ਜੋਤੀ ਜੋਤ ਸਮਾਉਣ ਗੁਰਪੁਰਬ ਹੈ। ਇਸ ਲਈ ਇਸ ਲਾਂਘੇ ਨੂੰ ਮੁੜ ਖੋਲ੍ਹਣ ਦੀ ਸ਼ੁਰੂਆਤ ਵੀ ਇਸੇ ਪੁਰਬ ਮੌਕੇ ਕਰ ਦੇਣੀ ਚਾਹੀਦੀ ਹੈ ਤਾਂ ਜੋ ਸੰਗਤਾਂ ਗੁਰੂ ਨਾਨਕ ਸਾਹਿਬ ਦੀ ਚਰਨ-ਛੋਹ ਧਰਤੀ ‘ਤੇ ਨਤਮਸਤਕ ਹੋ ਸਕਣ।

ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਸਮਾਗਮਾਂ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੀ ਖਾਸ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ 20 ਤੋਂ 22 ਸਤੰਬਰ ਤਕ ਹੋਣ ਵਾਲੇ ਸਮਾਗਮਾਂ ‘ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੂੰ ਵੀ ਕੀਰਤਨ ‘ਚ ਹਾਜ਼ਰੀ ਲੁਆਉਣ ਲਈ ਭੇਜਿਆ ਜਾਵੇ।
ਇਸ ਤੋਂ ਇਲਾਵਾ ਰੋਜ਼ਾਨਾ 5 ਹਜ਼ਾਰ ਦੇ ਕਰੀਬ ਸੰਗਤਾਂ ਨੂੰ ਭੇਜਣ ਦੀ ਖੁੱਲ੍ਹ ਦਿਤੀ ਜਾਵੇ। ਸੰਗਤਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੀਐਸਜੀਪੀਸੀ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

  • 1.1K
  •  
  •  
  •  
  •