ਸੁਪਰੀਮ ਕੋਰਟ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖ਼ਾਰਜ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਅੰਤ੍ਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ।

ਦੋਸ਼ੀ ਸੱਜਣ ਕੁਮਾਰ ਨੇ ਮਾੜੀ ਸਿਹਤ ਦਾ ਹਵਾਲਾ ਦੇ ਕੇ ਅਰਜ਼ੀ ਦਿੱਤੀ ਸੀ ਪਰ ਚੀਫ਼ ਜਸਟਿਸ ਐੱਸਏ ਬੋਬਡੇ ਦੀ ਅਗਵਾਈ ਵਾਲੇ ਬੈਂਚ ਨੇ ਇਸ ਨੂੰ ਰੱਦ ਕਰ ਦਿੱਤਾ। ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੱਜਣ ਕੁਮਾਰ ਵੱਲੋਂ ਪੇਸ਼ ਹੁੰਦਿਆਂ ਸਿਹਤ ਦੇ ਅਧਾਰ ‘ਤੇ ਅੰਤ੍ਰਿਮ ਜ਼ਮਾਨਤ ਦੀ ਮੰਗ ਕੀਤੀ।

ਵਕੀਲ ਨੇ ਕਿਹਾ ਕਿ ਉਸ ਦਾ ਮੁਵੱਕਿਲ 20 ਮਹੀਨਿਆਂ ਤੋਂ ਜੇਲ੍ਹ ਵਿਚ ਹੈ ਅਤੇ ਉਸ ਦਾ ਤਕਰੀਬਨ 16 ਕਿੱਲੋ ਭਾਰ ਘੱਟ ਚੁੱਕਾ ਹੈ। ਸੀਨੀਅਰ ਐਡਵੋਕੇਟ ਐੱਚਐੱਸ ਫੂਲਕਾ, ਜੋ ਕੁੱਝ ਪੀੜਤਾਂ ਲਈ ਪੇਸ਼ ਹੋਏ ਹਨ, ਨੇ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਜਿਸ ਵੀ ਇਲਾਜ ਦੀ ਜ਼ਰੂਰਤ ਹੈ ਉਹ ਪਹਿਲਾਂ ਹੀ ਦਿੱਤਾ ਜਾ ਰਿਹਾ ਹੈ।

ਅਦਾਲਤ ਨੇ ਕਿਹਾ ਕਿ ਇਹ ਕੋਈ ਛੋਟਾ ਕੇਸ ਨਹੀਂ ਹੈ ਤੇ ਹਸਪਤਾਲ ਵਿੱਚ ਦਾਖਲ ਹੋਣਾ ਜ਼ਰੂਰੀ ਨਹੀਂ ਹੈ। ਅਜਿਹੀ ਸਥਿਤੀ ਵਿੱਚ ਅਸੀਂ ਮਨਜ਼ੂਰੀ ਨਹੀਂ ਦੇ ਸਕਦੇ। ਅਸੀਂ ਪਟੀਸ਼ਨ ਖਾਰਜ ਕਰ ਦਿੰਦੇ ਹਾਂ।ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਦੀ ਸਜ਼ਾ ਖਿਲਾਫ ਅਪੀਲ ਹੇਠਲੀ ਅਦਾਲਤ ਖੁੱਲ੍ਹਣ ਤੋਂ ਬਾਅਦ ਹੋਵੇਗੀ। ਅਦਾਲਤ ਨੇ ਸੱਜਣ ਨੂੰ ਹਸਪਤਾਲ ਵਿੱਚ ਰਹਿਣ ਦੀ ਅਰਜ਼ੀ ਨੂੰ ਵੀ ਠੁਕਰਾ ਦਿੱਤਾ ਅਤੇ ਕਿਹਾ ਕਿ ਮੈਡੀਕਲ ਰਿਪੋਰਟ ਮੁਤਾਬਕ ਹਸਪਤਾਲ ਵਿੱਚ ਦਾਖਲ ਰਹਿਣ ਦੀ ਜ਼ਰੂਰਤ ਨਹੀਂ ਹੈ

  • 1.3K
  •  
  •  
  •  
  •