ਜੰਮੂ-ਕਸ਼ਮੀਰ: ਅਧਿਕਾਰਤ ਭਾਸ਼ਾਵਾਂ ਵਿਚੋਂ ਪੰਜਾਬੀ ਨੂੰ ਬਾਹਰ ਕੱਢੇ ਜਾਣ ‘ਤੇ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ

ਜੰਮੂ ਕਸ਼ਮੀਰ ਦੇ ਸਿੱਖ ਸਮੂਹਾਂ ਨੇ ਜੰਮੂ-ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਵਿਚੋਂ ਪੰਜਾਬੀ ਨੂੰ ਕੱਢੇ ਜਾਣ ‘ਤੇ ਰੋਸ ਪ੍ਰਗਟ ਕੀਤਾ ਅਤੇ ਧਮਕੀ ਦਿੱਤੀ ਕਿ ਜੇ ਸਰਕਾਰ ਘੱਟਗਿਣਤੀ ਭਾਈਚਾਰੇ ਵਿਰੁੱਧ ਇਸ ਤਰ੍ਹਾਂ ਦੇ“ਪੱਖਪਾਤੀ ਕਦਮ” ਚੁੱਕੇਗੀ ਤਾਂ ਅੰਦੋਲਨ ਸ਼ੁਰੂ ਕਰ ਦੇਣਗੇ। ਬਿੱਲ ਵਿਚੋਂ ਪੰਜਾਬੀ ਭਾਸ਼ਾ ਨੂੰ ਵੱਖ ਕਰਨ ਦੀ ਨਿੰਦਾ ਕਰਦਿਆਂ ਸਿੱਖ ਸਮੂਹਾਂ ਨੇ ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਅਣਗੌਲਿਆ ਕਰਨ ਵਿਰੁੱਧ ਆਪਣਾ ਗੁੱਸਾ ਕੱਢਣ ਲਈ ਵਿਰੋਧ ਪ੍ਰਦਰਸ਼ਨ ਕੀਤੇ।

ਜੰਮੂ ਕਸ਼ਮੀਰ ਦੇ ਸਿੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 1981 ਤੱਕ, ਜੰਮੂ-ਕਸ਼ਮੀਰ ਵਿਚ ਪੰਜਾਬੀ ਭਾਸ਼ਾ ਉਰਦੂ ਵਾਂਗ ਲਾਜ਼ਮੀ ਵਿਸ਼ਾ ਸੀ ਅਤੇ ਹੁਣ ਇਸ ਦੀ ਅਣਦੇਖੀ ਜੰਮੂ-ਕਸ਼ਮੀਰ ਵਿਚ ਸਿੱਖ ਭਾਈਚਾਰੇ ਦੀ ਪਛਾਣ ਤੇ ਇਕ ਹੋਰ ਹਮਲਾ ਹੈ ਅਤੇ ਮੋਦੀ ਸਰਕਾਰ ਦੇ ਨਾਅਰੇ ‘ਸਬਕਾ ਸਾਥ ਸਭ ਵਿਕਾਸ’ ਦੀ ਭਾਵਨਾ ਦੇ ਵਿਰੁੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਕੇਂਦਰ ਸ਼ਾਸਤ ਪ੍ਰਦੇਸ਼ ਦੀ ਇਕ ਮਹੱਤਵਪੂਰਨ ਭਾਸ਼ਾ ਹੈ ਅਤੇ ਜੰਮੂ ਕਸ਼ਮੀਰ ਦੇ ਸੰਵਿਧਾਨ ਵਿਚ ਚੰਗੀ ਤਰ੍ਹਾਂ ਮਾਨਤਾ ਪ੍ਰਾਪਤ ਹੈ। ਉਨ੍ਹਾਂ ਮੰਗ ਕੀਤੀ ਕਿ ਜੰਮੂ ਕਸ਼ਮੀਰ ਦੀ ਸਰਕਾਰੀ ਭਾਸ਼ਾ ਵਜੋਂ ਤੁਰੰਤ ਪੰਜਾਬੀ ਨੂੰ ਸ਼ਾਮਲ ਕੀਤਾ ਜਾਵੇ।
ਪ੍ਰਦਰਸ਼ਨਕਾਰੀਆਂ ਵਿੱਚ ਵੱਖ-ਵੱਖ ਸਿੱਖ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਵਿੱਚ ਪੰਜਾਬੀ ਲੇਖਕ ਸਭਾ, ਸ਼੍ਰੋਮਣੀ ਅਕਾਲੀ ਦਲ, ਸਿੱਖ ਵੈਲਫੇਅਰ ਫਰੰਟ, ਸਿੱਖ ਇੰਟੈੱਕਚੁਅਲ ਸਰਕਲ ਜੰਮੂ-ਕਸ਼ਮੀਰ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਨੋਜਵਾਨ ਸਭਾ ਸ਼ਾਮਲ ਹਨ।
ਬੁੱਧਵਾਰ ਨੂੰ ਸਰਬ ਪਾਰਟੀ ਸਿੱਖ ਤਾਲਮੇਲ ਕਮੇਟੀ (ਏਪੀਐਸਸੀਸੀ) ਨੇ ਜੰਮੂ ਕਸ਼ਮੀਰ ਦੇ ਅਧਿਕਾਰਤ ਭਾਸ਼ਾ ਬਿੱਲ ਵਿਚੋਂ ਪੰਜਾਬੀ ਨੂੰ ਬਾਹਰ ਕੱਢੇ ਜਾਣ ਬਾਰੇ ਕੇਂਦਰ ਦੀ ਨਿੰਦਾ ਕੀਤੀ ਅਤੇ ਇਸ ਨੂੰ ਘੱਟ ਗਿਣਤੀ ਵਿਰੋਧੀ ਦੱਸਿਆ।

ਇਸ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਬੰਧ ਵਿਚ ਮੁੜ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਬਿੱਲ ਵਿੱਚੋਂ ਪੰਜਾਬੀ ਨੂੰ ਮਨਫ਼ੀ ਕਰ ਕੇ ਘੱਟ ਗਿਣਤੀ ਸਿੱਖਾਂ ਨਾਲ ਇਕ ਵਾਰ ਫਿਰ ਧੱਕਾ ਕੀਤਾ ਜਾ ਰਿਹਾ ਹੈ।

ਸਿਮਰਨਜੀਤ ਸਿੰਘ ਮਾਨ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਸ਼ਮੀਰ ਵਿਚ ਪੰਜਾਬੀ ਬੋਲੀ ਨੂੰ ਜਾਣਬੁੱਝ ਕੇ ਨਜ਼ਰ ਅੰਦਾਜ ਕਰਨ ਦੇ ਅਮਲਾਂ ਦਾ ਤਿੱਖਾ ਵਿਰੋਧ ਕਰਦੇ ਹੋਏ ਕਿਹਾ ਕਿ “ਕਸ਼ਮੀਰ ਸੂਬਾ ਜੋ 1819 ਵਿਚ ਲਾਹੌਰ ਖ਼ਾਲਸਾ ਰਾਜ ਦਰਬਾਰ ਨੇ ਅਫ਼ਗਾਨਿਸਤਾਨ ਤੋਂ ਫ਼ਤਹਿ ਪ੍ਰਾਪਤ ਕਰਕੇ ਕਸ਼ਮੀਰ ਨੂੰ ਖ਼ਾਲਸਾ ਰਾਜ ਦਰਬਾਰ ਦਾ ਹਿੱਸਾ ਬਣਾਇਆ ਸੀ, ਉਸ ਕਸ਼ਮੀਰ ਵਿਚ ਮੋਦੀ ਹਕੂਮਤ ਨੇ ਅੰਗਰੇਜ਼ੀ, ਡੋਗਰੀ ਅਤੇ ਹਿੰਦੀ ਜੁਬਾਨਾਂ ਨੂੰ ਤਾਂ ਲਾਗੂ ਕਰ ਦਿੱਤਾ ਹੈ। ਪਰ ਜੋ ਇਸ ਖਿੱਤੇ ਦੀ ਪੰਜਾਬੀ ਜੁਬਾਨ ਸੀ, ਉਸਨੂੰ ਮੰਦਭਾਵਨਾ ਅਧੀਨ ਨਜ਼ਰਅੰਦਾਜ਼ ਕਰਕੇ ਪੰਜਾਬੀਆਂ, ਸਿੱਖ ਕੌਮ ਨਾਲ ਵੱਡਾ ਧੋਖਾ-ਫਰੇਬ ਕੀਤਾ ਹੈ।

ਦੱਸ ਦਈਏ ਕਿ ਸੰਵਿਧਾਨ ਦੀ ਧਾਰਾ 370 ਅਧੀਨ ਜੰਮੂ ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਨੂੰ ਖਤਮ ਕਰਨ ਅਤੇ ਪੂਰਵ ਰਾਜ ਜੰਮੂ-ਕਸ਼ਮੀਰ ਨੂੰ ਦੋ ਰਾਜ ਸ਼ਾਸਤਰ ਪ੍ਰਦੇਸ਼ਾਂ ਵਿਚ ਵੰਡਣ ਦੇ ਫੈਸਲੇ ਤੋਂ ਬਾਅਦ ਸਰਕਾਰ ਨੇ ਬੁੱਧਵਾਰ ਨੂੰ ਕਸ਼ਮੀਰੀ, ਡੋਗਰੀ ਤੇ ਹਿੰਦੀ ਨੂੰ ਜੰਮੂ ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਬਣਾਉਣ ਦਾ ਫੈਸਲਾ ਲਿਆ ਹੈ। ਕੇਂਦਰ ਨੇ ਦਾਅਵਾ ਕੀਤਾ ਹੈ ਕਿ ਇਹ ਫੈਸਲਾ ਜਨਤਕ ਮੰਗ ‘ਤੇ ਲਿਆ ਗਿਆ ਹੈ।

  • 1.7K
  •  
  •  
  •  
  •