ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਝੂਠੇ ਮੁਕਾਬਲਿਆਂ ਦੀ ਜਾਂਚ ਯੂਐੱਨਓ ਤੋਂ ਕਰਵਾਉਣ ਦੀ ਮੰਗ

ਅੰਮ੍ਰਿਤਸਰ: ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ 25ਵੀਂ ਬਰਸੀ ਬੀਤੇ ਦਿਨ ਇਥੇ ਕਬੀਰ ਪਾਰਕ ਦੇ ਗੁਰਦੁਆਰੇ ਵਿੱਚ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਮਨਾਈ ਗਈ, ਜਿਸ ਵਿਚ ਯੂਐੱਨਓ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਅਪੀਲ ਕੀਤੀ ਗਈ ਕਿ 6 ਸਤੰਬਰ ਨੂੰ ‘ਖਾਲੜਾ ਡੇਅ’ ਐਲਾਨਿਆ ਜਾਵੇ। ਇਹ ਵੀ ਮੰਗ ਕੀਤੀ ਹੈ ਕਿ ਫੌਜੀ ਹਮਲਿਆਂ ਅਤੇ ਝੂਠੇ ਮੁਕਾਬਲਿਆਂ ਦੀ ਪੜਤਾਲ ਲਈ ਯੂਐੱਨਓ ਵੱਲੋਂ ਟੀਮ ਭੇਜੀ ਜਾਵੇ।

ਅਕਾਲੀ ਦਲ ਜਾਂ ਕਿਸੇ ਹੋਰ ਰਾਜਨੀਤਿਕ ਪਾਰਟੀ ਵੱਲੋਂ ਨਾ ਤਾਂ ਜਸਵੰਤ ਸਿੰਘ ਖਾਲੜਾ ਦੀ ਯਾਦ ਮਨਾਈ ਗਈ ਅਤੇ ਨਾ ਹੀ ਕੋਈ ਪ੍ਰੋਗਰਾਮ ਉਲੀਕਿਆ ਗਿਆ ਉੱਥੇ ਹੀ ਕੈਨੇਡਾ ਵਿਖੇ ਜਸਵੰਤ ਸਿੰਘ ਖਾਲੜਾ ਦੀ ਮਨੁੱਖੀ ਅਧਿਕਾਰ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ 6 ਸਤੰਬਰ ਤੋਂ ਖਾਲੜਾ ਵੀਕ (ਹਫ਼ਤਾ ) ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉੱਥੇ ਹੀ ਉਨ੍ਹਾਂ ਦੇ ਆਪਣੇ ਸ਼ਹਿਰ ਅਤੇ ਸੂਬੇ ਵਿੱਚ ਕਿਤੇ ਵੀ ਉਨ੍ਹਾਂ ਦੇ ਨਾਮ ਉੱਤੇ ਕੋਈ ਪ੍ਰੋਗਰਾਮ ਨਹੀਂ ਰੱਖਿਆ ਗਿਆ ਹੈ।

ਬਰਸੀ ਸਮਾਗਮ ਵਿਚ ਜਥੇਬੰਦੀ ਵੱਲੋਂ ਮਤੇ ਪਾ ਕੇ ਕੁੱਝ ਫੈਸਲੇ ਵੀ ਕੀਤੇ ਗਏ ਹਨ। ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਵਿਰਸਾ ਸਿੰਘ ਬਹਿਲਾ ਅਤੇ ਹਰਦਿਆਲ ਸਿੰਘ ਘਰਿਆਲਾ ਨੇ ਦੱਸਿਆ ਕਿ ਇਕੱਠ ਵੱਲੋਂ ਯੂਐੱਨਓ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ 6 ਸਤੰਬਰ ਦਾ ਦਿਨ ‘ਖਾਲੜਾ ਡੇਅ’ ਵਜੋਂ ਐਲਾਨਣ ਅਤੇ ਫੌਜੀ ਹਮਲਿਆਂ ਤੇ ਝੂਠੇ ਮੁਕਾਬਲਿਆਂ ਦੀ ਜਾਂਚ ਲਈ ਟੀਮ ਭੇਜਣ ਦੀ ਅਪੀਲ ਕੀਤੀ ਹੈ। ਸਮਾਗਮ ਦੌਰਾਨ 25000 ਝੂਠੇ ਮੁਕਾਬਲਿਆਂ ਵਿਚ ਮਾਰੇ ਗਏ ਨੌਜਵਾਨਾਂ ਅਤੇ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦੀ ਮੰਗ ਕੀਤੀ ਹੈ।

ਸਮਾਗਮ ਦੌਰਾਨ ਬੀਬੀ ਪਰਮਜੀਤ ਕੌਰ ਖਾਲੜਾ ਨੇ ਆਖਿਆ ਕਿ ਜੂਨ 1984 ਦੇ ਫੌਜੀ ਹਮਲੇ, ਝੂਠੇ ਮੁਕਾਬਲਿਆਂ ਅਤੇ ਨਵੰਬਰ 1984 ਕਤਲੇਆਮ ਲਈ ਕਸੂਰਵਾਰ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਤੋਂ ਮਨੁੱਖਤਾ ਦੇ ਕਾਤਲ ਐਲਾਨਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਮਨੂੰਵਾਦੀ ਧਿਰਾਂ ਪੰਜਾਬ ਅਤੇ ਦੇਸ਼ ਨੂੰ ਸਿੱਖਾਂ ਅਤੇ ਸਿੱਖੀ ਤੋਂ ਮੁਕਤ ਕਰਨਾ ਚਾਹੁੰਦੀਆਂ ਹਨ। ਇਸ ਦੌਰਾਨ ਬਾਦਲਾਂ ਨੂੰ ਕਥਿਤ ਸਾਕਾ ਨੀਲਾ ਤਾਰਾ ਹਮਲੇ ਦੀ ਯੋਜਨਾਬੰਦੀ ਅਤੇ ਝੂਠੇ ਮੁਕਾਬਲਿਆਂ ਦੀ ਯੋਜਨਾਬੰਦੀ ਵਿਚ ਸ਼ਾਮਲ ਹੋਣ ਦਾ ਕਸੂਰਵਾਰ ਠਹਿਰਾਇਆ ਗਿਆ। ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਭਾਈ ਖਾਲੜਾ ਦੀ 25ਵੀਂ ਬਰਸੀ ’ਤੇ ਉਨ੍ਹਾਂ ਦੀ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ। ਸੰਗਠਨ ਦੇ ਆਗੂ ਸਰਬਜੀਤ ਸਿੰਘ ਨੇ ਕਿਹਾ ਕਿ ਕੈਨੇਡਾ ਦੇ ਤਿੰਨ ਸ਼ਹਿਰਾਂ ਬਰੈਂਪਟਨ, ਨਿਊ ਵੈਸਟਮਿਨਸਟਰ ਅਤੇ ਬਰਨੇਬੀ ਦੇ ਮੇਅਰਾਂ ਵਲੋਂ 6 ਸਤੰਬਰ ਨੂੰ ਜਸਵੰਤ ਸਿੰਘ ਖਾਲੜਾ ਡੇਅ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ।

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੀਡੀਓ ਜਾਰੀ ਕਰਕੇ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਕੌਮ ਦਾ ਹੀਰਾ ਕਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਾਂਗ ਹੀ ਸਿੱਖ ਕੌਮ ਨੂੰ ਖ਼ਤਮ ਕਰਨ ਦੀਆਂ ਚਾਲਾਂ ਅੱਜ ਵੀ ਹੋ ਰਹੀਆਂ ਹਨ ਪਰ ਉਨ੍ਹਾਂ ਦੇ ਢੰਗ ਤਰੀਕੇ ਬਦਲ ਚੁੱਕੇ ਹਨ। ਅੱਜ ਸਿੱਖਾਂ ਨੂੰ ਆਪਸ ਵਿੱਚ ਲੜਾ ਕੇ ਬੌਧਿਕ ਤੌਰ ’ਤੇ ਕੰਗਾਲ ਕੀਤਾ ਜਾ ਰਿਹਾ ਹੈ।

  • 1.6K
  •  
  •  
  •  
  •