ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਇਨਾਮ ਦਾ ਐਲਾਨ, ਭਾਲ ਲਈ ਦਿੱਲੀ ਤੇ ਪੰਜਾਬ ‘ਚ ਲੱਗਣਗੇ ਪੋਸਟਰ

ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਦਲ ਖਾਲਸਾ ਨੇ ਉਸਨੂੰ ਗ੍ਰਿਫਤਾਰ ਕਰਨ ਤੇ ਕਰਵਾਉਣ ਵਾਲਿਆਂ ਲਈ ਇਨਾਮ ਦਾ ਐਲਾਨ ਕਰ ਦਿੱਤਾ। ਦਲ ਖਾਲਸਾ ਨੇ ਇਕ ਪ੍ਰੈਸ ਕਾਨਫਰੰਸ ਕਰ ਕੇ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਤੇ ਕਰਵਾਉਣ ਵਾਲਿਆਂ ਨੂੰ ‘ਬਹਾਦਰੀ ਪੁਰਸਕਾਰ’ ਦੇਣ ਦਾ ਐਲਾਨ ਕਰ ਦਿੱਤਾ।

ਇਥੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਦੀ ਇਕ ਮੀਟਿੰਗ ਮਗਰੋਂ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਬੁਲਾਰੇ ਕੰਵਰਪਾਲ ਸਿੰਘ, ਅਕਾਲ ਫੈਡਰੇਸ਼ਨ ਦੇ ਨਰਾਇਣ ਸਿੰਘ, ਮਾਨ ਅਕਾਲੀ ਦਲ ਦੇ ਹਰਬੀਰ ਸਿੰਘ ਸੰਧੂ ਤੇ ਹੋਰਨਾਂ ਨੇ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ਲਈ ਇਕ ਪੋਸਟਰ ਵੀ ਜਾਰੀ ਕੀਤਾ ਹੈ, ਜਿਸ ਵਿਚ ਉਸ ਨੂੰ ਕਾਨੂੰਨ ਅਤੇ ਸੂਬੇ ਦੇ ਲੋਕਾਂ ਦਾ ਭਗੌੜਾ ਆਖਿਆ ਹੈ। ਪੋਸਟਰ ਉੱਤੇ ‘ਕਿੱਲਰ ਐਕਸ ਕਾਪ ਵਾਂਟੇਡ’ ਲਿਖਿਆ ਹੋਇਆ ਹੈ। ਸਿੱਖ ਆਗੂਆਂ ਨੇ ਕਿਹਾ ਕਿ ਪੁਲਿਸ ਅਤੇ ਸਰਕਾਰ ਇਸ ਮਾਮਲੇ ਵਿਚ ਉਸ ਨਾਲ ਦੋਸਤਾਨਾ ਮੈਚ ਖੇਡ ਰਹੇ ਹਨ।

ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨੇ ਮੀਟਿੰਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਦੋਸ਼ੀ ਠਹਿਰਾਇਆ ਹੈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਸਲੇ ਨੂੰ ਦੱਬਣਾ ਚਾਹੁੰਦੀ ਹੈ ਜਦਕਿ ਇਹ ਮਸਲਾ ਵਿਸ਼ੇਸ਼ ਧਿਆਨ ਦੇਣ ਵਾਲਾ ਹੈ।ਇਸ ਮਾਮਲੇ ਵਿਚ ਸਿੱਖ ਜਥੇਬੰਦੀਆਂ ਨੇ 14 ਸਤੰਬਰ ਨੂੰ ਅਕਾਲ ਤਖਤ ਵਿਖੇ ਇਕ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ।

ਪ੍ਰੈਸ ਕਾਨਫਰੰਸ ਵਿਚ ਅਕਾਲੀ ਦਲ ਅੰਮ੍ਰਿਤਸਰ, ਦਲ ਖਾਲਸਾ, ਅਕਾਲ ਫੈਡਰੇਸ਼ਨ, ਅਕਾਲੀ ਦਲ ਯੂਨਾਈਟਡ, ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ, ਸਿੱਖ ਯੂਥ ਆਫ ਪੰਜਾਬ ਦੇ ਆਗੂ ਸ਼ਾਮਿਲ ਸਨ।

  • 2.5K
  •  
  •  
  •  
  •