ਸ਼੍ਰੋਮਣੀ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦਾ ਲਾਂਘਾ ਮੁੜ ਖੋਲ੍ਹਿਆ ਜਾਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਬੰਦ ਕੀਤਾ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ।

ਭਾਈ ਲੌਂਗੋਵਾਲ ਨੇ ਆਖਿਆ ਕਿ ਹੁਣ ਜਦੋਂ ਸਰਕਾਰ ਵੱਲੋਂ ਸਾਵਧਾਨੀਆਂ ਤਹਿਤ ਕਈ ਛੋਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਇਹ ਲਾਂਘਾ ਵੀ ਸੰਗਤ ਲਈ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸੰਗਤਾਂ ਚਾਹੁੰਦੀਆਂ ਹਨ ਕਿ ਗੁਰੂ ਨਾਨਕ ਸਾਹਿਬ ਨਾਲ ਸਬੰਧਤ ਇਸ ਧਰਮ ਅਸਥਾਨ ਦਾ ਲਾਂਘਾ ਮੁੜ ਤੋਂ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਪਾਕਿਸਤਾਨ ਸਰਕਾਰ ਵੱਲੋਂ ਪਹਿਲਾਂ ਹੀ ਲਾਂਘਾ ਖੋਲ੍ਹਣ ਦੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ ਅਤੇ ਹੁਣ ਇਸ ਬਾਰੇ ਭਾਰਤ ਸਰਕਾਰ ਨੂੰ ਵੀ ਜਲਦੀ ਫ਼ੈਸਲਾ ਲੈਣਾ ਚਾਹੀਦਾ ਹੈ।

ਦੱਸਣਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਸਮਾਉਣ ਦਿਵਸ ਮੌਕੇ 20 ਤੋਂ 22 ਸਤੰਬਰ ਤੱਕ ਕੁੱਝ ਦੇਰ ਲਈ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ। ਪੀਜੀਪੀਸੀ ਵੱਲੋਂ ਇਸ ਸਬੰਧੀ ਲਾਂਘਾ ਖੁੱਲ੍ਹਣ ਤੋਂ ਬਾਅਦ ਪਹਿਲੀ ਵਾਰ ਗੁਰਦੁਆਰਾ ਕਰਤਾਰਪੁਰ ਵਿਖੇ ਜੋਤੀ ਜੋਤ ਸਮਾਉਣ ਦਿਵਸ ਬਾਰੇ ਤਿੰਨ ਦਿਨਾਂ ਸਮਾਗਮ ਰੱਖੇ ਗਏ ਹਨ।

  • 567
  •  
  •  
  •  
  •