ਗੁਰੂ ਗ੍ਰੰਥ ਸਾਹਿਬ ਸਰੂਪ ਗ਼ਾਇਬ ਮਾਮਲੇ ‘ਚ ਮਨਜੀਤ ਸਿੰਘ ਜੀਕੇ ਵੱਲੋਂ ਸਰਬੱਤ ਖ਼ਾਲਸਾ ਬੁਲਾਉਣ ਦੀ ਮੰਗ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਪੰਥਕ ਮਾਮਲਿਆਂ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਥ ਵਿਰੋਧੀ ਨੀਤੀਆਂ ਦਾ ਹਵਾਲਾ ਦਿੰਦੇ ਹੋਏ ‘ਜਾਗੋ’ ਪਾਰਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸਰਬੱਤ ਖ਼ਾਲਸਾ ਬੁਲਾਉਣ ਦੀ ਮੰਗ ਕੀਤੀ ਹੈ। ਪਾਰਟੀ ਦੀ ਜਨਰਲ ਬਾਡੀ ਦੀ ਪਾਰਟੀ ਦਫ਼ਤਰ ਵਿਖੇ ਹੋਈ ਬੈਠਕ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ‘ਜਾਗੋ’ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਬੈਠਕ ਵਿੱਚ ਲਈ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ।

ਜੀਕੇ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਗ਼ਾਇਬ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਪੰਥ ਦੀ ਬਜਾਏ ਦੋਸ਼ੀਆਂ ਦਾ ਸਾਥ ਦੇਣ ਦਾ ਫ਼ੈਸਲਾ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬਾਨਾਂ ਨੂੰ ਝੂਠਾ ਸਾਬਤ ਕੀਤਾ ਹੈ। ਸ਼੍ਰੋਮਣੀ ਕਮੇਟੀ ਅੱਜ ਬਾਦਲ ਪਰਵਾਰ ਦੀ ਕਠਪੁਤਲੀ ਬਣਕੇ ਕੌਮ ਦੇ ਨਾਲ ਬੇਇਨਸਾਫ਼ੀ ਕਰ ਰਹੀ ਹੈ। ਇੱਕ ਵਾਰ ਸ਼੍ਰੋਮਣੀ ਕਮੇਟੀ ਦਾ ਅੰਤ੍ਰਿੰਗ ਬੋਰਡ ਦੋਸ਼ੀਆਂ ਦੇ ਖ਼ਿਲਾਫ਼ ਫ਼ੌਜ਼ਦਾਰੀ ਕੇਸ ਦਰਜ ਕਰਵਾਉਣ ਦਾ ਮਤਾ ਪਾਸ ਕਰਦਾ ਹੈਂ ਅਤੇ ਫਿਰ ਉਹਨੂੰ ਰੱਦ ਕਰ ਦਿੰਦਾ ਹੈਂ। ਇਸ ਲਈ ਹੁਣ ਸੋਚਣ ਦੀ ਜ਼ਰੂਰਤ ਹੈ ਕਿ ਸਿੱਖ ਮਸਲਿਆਂ ਉੱਤੇ ਕੌਮ ਦੀਆਂ ਭਾਵਨਾਵਾਂ ਲਈ ਕੌਣ ਆਵਾਜ਼ ਉਠਾਏਗਾ? ਇਸ ਲਈ ਅਸੀਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸਰਬੱਤ ਖ਼ਾਲਸਾ ਬੁਲਾਉਣ ਲਈ ਮਤਾ ਪਾਸ ਕੀਤਾ ਹੈ ਤਾਂਕਿ ਸਰਬੱਤ ਖ਼ਾਲਸਾ ਵਿੱਚ ਅੱਗੇ ਕੌਮ ਨੂੰ ਸੰਭਾਲਣ ਦਾ ਰਸਤਾ ਕੌਮ ਦੀਆਂ ਸਾਰੀ ਨੁਮਾਇੰਦਾ ਸੰਸਥਾਵਾਂ ਅਤੇ ਸੰਗਤ ਦੇ ਵੱਲੋਂ ਤੈਅ ਕੀਤਾ ਜਾ ਸਕੇ।

ਜੀਕੇ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਮੁਲਤਾਨੀ ਕਤਲ ਕੇਸ ਵਿੱਚ ਗ੍ਰਿਫਤਾਰ ਕਰਨ ਵਿੱਚ ਨਾਕਾਮ ਰਹੀ ਪੰਜਾਬ ਪੁਲਿਸ ਦੇ ਖ਼ਿਲਾਫ਼ 14 ਸਤੰਬਰ ਨੂੰ ਦਿੱਲੀ ਸਥਿਤ ਪੰਜਾਬ ਭਵਨ ਦੇ ਬਾਹਰ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ। ਜੀਕੇ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੈਣੀ ਦੀ ਗ੍ਰਿਫਤਾਰੀ ਲਈ 3 ਦਿਨ ਦੀ ਮੁਹਲਤ ਦਿੱਤੀ ਸੀ, ਪਰ ਪੰਜਾਬ ਪੁਲਿਸ ਸੈਣੀ ਨੂੰ 3 ਦਿਨ ਵਿੱਚ ਫੜ ਨਹੀਂ ਪਾਈ ਹੈ, ਇਸ ਲਈ ਆਪਣੀ ਪਹਿਲਾਂ ਦਿੱਤੀ ਚਿਤਾਵਨੀ ਦੇ ਕਾਰਨ ਅਸੀਂ ਪੰਜਾਬ ਭਵਨ ਦਾ ਘਿਰਾਓ ਕਰਾਂਗੇ। ਇਸ ਮੌਕੇ ਪਾਰਟੀ ਦੇ ਕਈ ਨੇਤਾਵਾਂ ਨੂੰ ਅਹੁਦੇਦਾਰ ਦੇ ਤੌਰ ਉੱਤੇ ਨਿਯੁਕਤੀ ਪੱਤਰ ਵੀ ਦਿੱਤੇ ਗਏ।

  • 74
  •  
  •  
  •  
  •