ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਗੇ ਧਰਨਾ

ਅੰਮ੍ਰਿਤਸਰ ਸਾਹਿਬ: ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਅੱਜ 10 ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਹ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਨ।

ਸਿੱਖ ਜਥੇਬੰਦੀਆਂ ਨੇ ਅੱਜ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਇਕੱਠ ਕਰਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦਾ ਦਰਵਾਜ਼ਾ ਹੁਕਮਨਾਮੇ ਦੀ ਕਥਾ ਸਮਾਪਤ ਹੋਣ ਉਪਰੰਤ ਬੰਦ ਕਰ ਦਿੱਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਕਈ ਅਧਿਕਾਰੀ ਤੇ ਕਰਮਚਾਰੀ ਮੁੱਖ ਦਰਵਾਜ਼ੇ ਅੱਗੇ ਤਾਇਨਾਤ ਕੀਤੇ ਹੋਏ ਹਨ।

ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਕੁੱਝ ਵਿਅਕਤੀਆਂ ਨੇ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਧਰਨਾ ਦੇ ਦਿੱਤਾ। ਸਿੱਖ ਜਥੇਬੰਦੀਆਂ ਵਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਰੋਕੇ ਜਾਣ ‘ਤੇ ਸਤਨਾਮ ਵਾਹਿਗੁਰੂ ਦਾ ਜਾਪ ਰਸਤੇ ‘ਚ ਬੈਠ ਕੇ ਕੀਤਾ ਜਾ ਰਿਹਾ ਸੀ। ਕੁੱਝ ਸਿੱਖਾਂ ਨੂੰ ਗੁਰਦੁਆਰਾ ਬਾਬਾ ਅਟੱਲ ਰਾਏ ਨੇੜੇ ਗੇਟ ਦੇ ਬਾਹਰ ਰੋਕ ਲਿਆ ਗਿਆ ਅਤੇ ਉਨ੍ਹਾਂ ਨੇ ਸੜਕ ‘ਤੇ ਹੀ ਧਰਨਾ ਦੇ ਦਿੱਤਾ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਸਿੱਖਾਂ ਦਾ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਧਰਨਾ ਦੇ ਕੇ ਬੈਠ ਗਿਆ ਹੈ।

  • 1.7K
  •  
  •  
  •  
  •