ਸੁਪਰੀਮ ਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ, ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਹੈ।

ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ ਸੁਭਾਸ਼ ਰੈਡੀ ਅਤੇ ਜਸਟਿਸ ਐੱਮਆਰ ਸ਼ਾਹ ’ਤੇ ਆਧਾਰਿਤ ਵਿਸ਼ੇਸ਼ ਬੈਂਚ ਨੇ ਅੱਜ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਕੀਤੀ। ਕੋਰੋਨਾ ਮਹਾਮਾਰੀ ਪ੍ਰਕੋਪ ਦੇ ਮੱਦੇਨਜ਼ਰ ਵੀਡੀਓ ਕਾਨਫਰੰਸਿੰਗ ਰਾਹੀਂ ਸੈਣੀ ਦੀ ਪਟੀਸ਼ਨ ’ਤੇ ਸੁਣਵਾਈ ਹੋਈ।

ਸੁਮੇਧ ਸੈਣੀ ਦੀ ਤਰਫੋਂ ਬਹਿਸ ਵਿੱਚ ਹਿੱਸਾ ਲੈਂਦਿਆਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਨੂੰ ਦੱਸਿਆ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਸੈਣੀ ਇੱਕ ਜ਼ਾਬਾਜ਼ ਅਤੇ ਮਿਹਨਤੀ ਅਫ਼ਸਰ ਸਨ। ਬਚਾਅ ਪੱਖ ਨੇ ਇਹ ਵੀ ਦਲੀਲ ਦਿੱਤੀ ਕਿ ਮੁਲਤਾਨੀ ਇੱਕ ਕੇਸ ਵਿੱਚ ਭਗੌੜਾ ਅਪਰਾਧੀ ਸੀ।

ਦੂਜੇ ਪਾਸੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਵੱਲੋਂ ਸੈਣੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਲੀਲਾਂ ਦਿੱਤੀਆਂ ਗਈਆਂ। ਸਿਖਰਲੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫਿਲਹਾਲ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਂਦਿਆਂ ਸੈਣੀ ਨੂੰ ਪੁਲੀਸ ਜਾਂਚ ਵਿਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ।

  • 323
  •  
  •  
  •  
  •