ਪਾਵਨ ਸਰੂਪ ਨਾ ਗੁੰਮ ਹੋਏ ਹਨ ਅਤੇ ਨਾ ਹੀ ਕੋਈ ਬੇਅਦਬੀ ਹੋਈ ਹੈ- ਭਾਈ ਲੌਂਗੋਵਾਲ

ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਥਿਤ ਤੌਰ ’ਤੇ ਲਾਪਤਾ ਪਾਵਨ ਸਰੂਪਾਂ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸਮਾਗਮ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿਲੇ ਦੇ ਸੀਨੀਅਰ ਅਕਾਲੀ ਆਗੂਆਂ ਦੀ ਮੌਜੂਦਗੀ ’ਚ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਵਲੋਂ ਕਰਵਾਈ ਗਈ ਜਾਂਚ ਤੋਂ ਬਾਅਦ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਨਾ ਹੀ ਕਿਧਰੇ ਗਾਇਬ ਹੋਏ ਹਨ ਅਤੇ ਨਾ ਹੀ ਪਾਵਨ ਸਰੂਪਾਂ ਦੀ ਕੋਈ ਬੇਅਦਬੀ ਹੋਈ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ 328 ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੇ ਪੈਸੇ ਦੇ ਲਾਲਚ ਵਿਚ ਰਿਕਾਰਡ ਵਿਚ ਹੇਰਾ ਫੇਰੀ ਕਰ ਕੇ ਸੰਸਥਾਵਾਂ ਜਾਂ ਸ਼ਰਧਾਲੂਆਂ ਨੂੰ ਦਿੱਤੇ ਹਨ। ਇਸ ਘਪਲੇ ਲਈ ਜ਼ਿੰਮੇਵਾਰ 16 ਕਰਮਚਾਰੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਸ ਸੰਵੇਦਨਸ਼ੀਲ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਬੇਹੱਦ ਗੰਭੀਰ ਹੈ ਅਤੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।

ਇਸ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁੱਝ ਸਤਿਕਾਰ ਕਮੇਟੀਆਂ ਦੀ ਅੜ੍ਹੀ ਨੂੰ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਰਾਰ ਦਿੱਤਾ ਹੈ। ਉਨਾਂ ਦੋਸ਼ ਲਾਇਆ ਕਿ ਉਹ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਜਾਣਬੁੱਝ ਕੇ ਬਦਨਾਮ ਕਰਨਾ ਚਾਹੁੰਦੇ ਹਨ।

ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਗੇ ਧਰਨਾ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੀ ਪੜਤਾਲ ਵਿਚ ਪਾਏ ਗਏ ਦੋਸ਼ੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਾ ਦਿੱਤਾ ਹੈ।

ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਪੂਰੀਆਂ ਹੋਣ ਤਕ ਸੰਘਰਸ਼ ਜਾਰੀ ਰਹੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ 11 ਮੈਂਬਰੀ ਕਮੇਟੀ ਵਿਚਾਲੇ ਮੀਟਿੰਗ ਬੇਸਿੱਟਾ ਰਹੀ ਅਤੇ ਇਸ ਤੋਂ ਬਾਅਦ ਪੱਕੇ ਧਰਨੇ ਦਾ ਐਲਾਨ ਕੀਤਾ ਗਿਆ। ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਕੋਲ ਆਪਣੀਆਂ 9 ਮੰਗਾਂ ਰੱਖੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਇਨ੍ਹਾਂ ਮੰਗਾਂ ਬਾਰੇ ਕੋਈ ਵੀ ਠੋਸ ਜਵਾਬ ਨਹੀਂ ਦਿੱਤਾ।

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਵਾਲੀ ਸਿੱਖ ਆਗੂਆਂ ਦੀ 11 ਮੈਂਬਰੀ ਕਮੇਟੀ ਵਿਚ ਤਰਲੋਚਨ ਸਿੰਘ ਸੋਹਲ, ਦਿਲਬਾਗ ਸਿੰਘ, ਬਲਬੀਰ ਸਿੰਘ ਮੁੱਛਲ, ਪਰਮਜੀਤ ਸਿੰਘ ਅਕਾਲੀ, ਹਰਪਾਲ ਸਿੰਘ, ਮਨਜੀਤ ਸਿੰਘ ਝਬਾਲ, ਬਲਜਿੰਦਰ ਸਿੰਘ ਪਰਵਾਨਾ, ਰਣਜੀਤ ਸਿੰਘ, ਹਰਪ੍ਰੀਤ ਸਿੰਘ ਮੱਖੂ, ਪ੍ਰਦੀਪ ਸਿੰਘ ਲੁਧਿਆਣਾ, ਲਖਬੀਰ ਸਿੰਘ ਸ਼ਾਮਲ ਸਨ।

  • 141
  •  
  •  
  •  
  •