ਸਿੱਖ ਜਥੇਬੰਦੀਆਂ ਵੱਲੋਂ 28 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦਾ ਘਿਰਾਓ ਕਰਨ ਦਾ ਐਲਾਨ

ਅੰਮ੍ਰਿਤਸਰ ਸਾਹਿਬ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋਈਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਉਹਨਾਂ ਵੱਲੋਂ ਆਉਣ ਵਾਲੀ 28 ਤਰੀਕ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦਾ ਘਿਰਾਓ ਕੀਤਾ ਜਾਵੇਗਾ ਤੇ ਲਾਪਤਾ ਪਾਵਨ ਸਰੂਪਾਂ ਸੰਬੰਧੀ ਸਵਾਲ ਪੁੱਛੇ ਜਾਣਗੇ।

ਇਹ ਫੈਸਲਾ ਦਲ ਖਾਲਸਾ, ਅਕਾਲ ਫੈਰਰੇਸ਼ਨ, ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਸਿੱਖ ਜਥੇਬੰਦੀਆਂ ਦੀ ਮੌਜੂਦਗੀ ਵਿਚ ਸਾਂਝੇ ਤੌਰ ‘ਤੇ ਲਿਆ ਗਿਆ। ਇਸ ਮੌਕੇ ਭਾਈ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ ਅਕਾਲੀ ਦਲ ਅੰਮ੍ਰਿਤਸਰ ਦੇ ਇਮਾਨ ਸਿੰਘ ਮਾਨ, ਦਲ ਖ਼ਾਲਸਾ ਦੇ ਕੰਵਰਪਾਲ ਸਿੰਘ ਤੇ ਅਕਾਲੀ ਦਲ ਡੈਮੋਕਰੇਟਿਕ ਦੇ ਭਾਈ ਅਮੋਲਕ ਸਿੰਘ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

ਇਸ ਤੋਂ ਇਲਾਵਾ ਸਿੱਖ ਜਥੇਬੰਦੀਆਂ ਨੇ 22 ਤਰੀਕ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਦੇ ਬਾਹਰ ਧਰਨਾ ਦੇਣ ਦਾ ਅਤੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਵੀ ਐਲਾਨ ਕੀਤਾ। ਉਸ ਮੌਕੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੇ ਘਰਾਂ ਅੱਗੇ ਧਰਨੇ ਦੇਣ ਬਾਰੇ ਫੈਸਲਾ ਕੀਤਾ ਜਾਵੇਗਾ।

ਸਿੱਖ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਨੈਤਿਕ ਤੌਰ ’ਤੇ ਅਸਤੀਫੇ ਦੇ ਦੇਣੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਘਟ ਗਏ ਇੱਕ-ਇੱਕ ਸਰੂਪ ਦੇ ਬਾਰੇ ਮੁਕੰਮਲ ਜਾਣਕਾਰੀ ਦੇਵੇ। ਜਦੋਂ ਤਕ ਇਹ ਜਾਣਕਾਰੀ ਨਹੀਂ ਮਿਲਦੀ, ਸਿੱਖਾਂ ਵੱਲੋਂ ਮੋਰਚਾ ਜਾਰੀ ਰੱਖਿਆ ਜਾਵੇਗਾ।

  • 178
  •  
  •  
  •  
  •