ਗੁ: ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤਿ ਦਿਹਾੜਾ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤਿ ਸਮਾਉਣ ਦਿਵਸ ਬੀਤੇ ਦਿਨ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਹਾਲਾਂਕਿ ਸ੍ਰੀ ਦਰਬਾਰ ਸਾਹਿਬ ਸਮੇਤ ਭਾਰਤ ਦੇ ਹੋਰਨਾਂ ਗੁਰਦੁਆਰਾ ਸਾਹਿਬਾਨਾਂ ‘ਚ ਜੋਤੀ ਜੋਤਿ ਦਿਹਾੜਾ 12 ਸਤੰਬਰ ਨੂੰ ਮਨਾਇਆ ਗਿਆ ਸੀ। ਇਸ ਮੌਕੇ ਪਹਿਲੀ ਵਾਰ ਗੁਰਦੁਆਰਾ ਸਾਹਿਬ ਤੋਂ ਸਰਹੱਦ ’ਤੇ ਜ਼ੀਰੋ ਲਾਈਨ ਤੱਕ ਨਗਰ ਕੀਰਤਨ ਵੀ ਸਜਾਇਆ ਗਿਆ।

ਨਗਰ ਕੀਰਤਨ ਦੇ ਦਰਸ਼ਨ ਕਰਨ ਲਈ ਇਧਰਲੇ ਪੰਜਾਬ ਦੇ ਸ਼ਰਧਾਲੂ ਵੀ ਜੀਰੋ ਲਾਈਨ ਕੋਲ ਇਕੱਠੇ ਹੋ ਗਏ ਸਨ ਤੇ ਉਨ੍ਹਾਂ ਨੇ ਸ਼ਰਧਾ ਨਾਲ ਸਿਰ ਝੁਕਾਇਆ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਔਕਾਫ਼ ਬੋਰਡ ਦੀ ਮਦਦ ਨਾਲ ਇੱਥੇ ਤਿੰਨ ਦਿਨਾਂ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਸਬੰਧ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ।

ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਰਹੱਦ ਵੱਲ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਬੱਸ ਰੂਪੀ ਪਾਲਕੀ ਵਿਚ ਪ੍ਰਕਾਸ਼ ਕੀਤਾ ਗਿਆ ਸੀ। ਇਸ ਦੇ ਅੱਗੇ ਖੁੱਲ੍ਹੇ ਵਾਹਨ ’ਚ ਪੰਜ ਪਿਆਰੇ ਅਤੇ ਨਿਸ਼ਾਨਚੀ ਸਵਾਰ ਸਨ। ਸੰਗਤ ਬੱਸਾਂ ਵਿਚ ਸਵਾਰ ਹੋ ਕੇ ਸਰਹੱਦ ਤੱਕ ਪੁੱਜੀ, ਜਿੱਥੇ ਖੜ੍ਹੇ ਹੋ ਕੇ ਸਰਹੱਦ ਪਾਰ ਗੁਰਦੁਆਰਾ ਡੇਰਾ ਬਾਬਾ ਨਾਨਕ ਨੂੰ ਸਿਜਦਾ ਕੀਤਾ ਗਿਆ ਅਤੇ ਨਗਰ ਕੀਰਤਨ ਵਾਪਸ ਗੁਰਦੁਆਰਾ ਕਰਤਾਰਪੁਰ ਲਈ ਰਵਾਨਾ ਹੋ ਗਿਆ।

ਇਸ ਮੌਕੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ, ਨਾਰੋਵਾਲ, ਸਿਆਲਕੋਟ, ਲਾਹੌਰ, ਹਸਨ ਅਬਦਾਲ, ਪਿਸ਼ਾਵਰ ਅਤੇ ਸੂਬਾ ਸਿੰਧ ਦੇ ਵੱਖ-ਵੱਖ ਸ਼ਹਿਰਾਂ ਤੋਂ ਸੰਗਤ ਵੱਡੀ ਗਿਣਤੀ ‘ਚ ਹਾਜ਼ਰ ਸੀ। ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਵਾਲੀ ਸੰਗਤ ਦੀ ਗਿਣਤੀ ਕਰੀਬ 5000 ਦੱਸੀ ਜਾ ਰਹੀ ਹੈ।

ਇਸ ਮੌਕੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਉਲੇਮਾ ਪ੍ਰਮੁੱਖ ਅਲਾਮਾ ਅਸਗਰ ਆਰਿਫ਼ ਚਿਸ਼ਤੀ, ਐਮ.ਪੀ.ਏ. ਰਮੇਸ਼ ਸਿੰਘ ਅਰੋੜਾ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਜਨਰਲ ਸਕੱਤਰ ਅਮੀਰ ਸਿੰਘ, ਮੈਂਬਰ ਇੰਦਰਜੀਤ ਸਿੰਘ, ਸਰਬਤ ਸਿੰਘ, ਡਾ: ਮਿਮਪਾਲ ਸਿੰਘ, ਰਵਿੰਦਰ ਸਿੰਘ, ਬਾਬਾ ਹਰਮੀਤ ਸਿੰਘ, ਡਾ: ਸਾਗਰਜੀਤ ਸਿੰਘ, ਵਿਕਾਸ ਸਿੰਘ, ਸਾਗਰ ਸਿੰਘ ਸਮੇਤ ਈਸਾਈ ਅਤੇ ਹਿੰਦੂ ਭਾਈਚਾਰੇ ਦੇ ਆਗੂ ਵੱਡੀ ਗਿਣਤੀ ‘ਚ ਹਾਜ਼ਰ ਸਨ।

  • 302
  •  
  •  
  •  
  •