ਸੀਬੀਆਈ ਅਦਾਲਤ ਨੇ ਬੇਅਦਬੀ ਮਾਮਲੇ ਦੀ ਸੁਣਵਾਈ ਟਾਲੀ

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰ ਕੇ ਬੇਅਦਬੀ ਕਰਨ ਦੇ ਦੋਸ਼ਾਂ ਹੇਠ ਚੱਲ ਰਹੇ ਮੁਕੱਦਮੇ ਦੀ ਸੁਣਵਾਈ 14 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਇੱਕ ਦਰਖ਼ਾਸਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਅਤੇ ਉਸ ਦੇ ਫ਼ੈਸਲੇ ਮਗਰੋਂ ਹੀ ਹੇਠਲੀ ਅਦਾਲਤ ਸੁਣਵਾਈ ਕਰੇਗੀ।

ਡੇਰਾ ਪ੍ਰੇਮੀਆਂ ਵੱਲੋਂ ਦਾਇਰ ਪਟੀਸ਼ਨ ’ਤੇ ਜਸਟਿਸ ਅਨਮੋਲ ਰਤਨ ਸਿੰਘ ਅੱਜ ਸੁਣਵਾਈ ਕਰਨਗੇ। ਇਹ ਦਰਖ਼ਾਸਤ ਵੀ ਚਾਰਜਸ਼ੀਟ ਉੱਪਰ ਰੋਕ ਲਾਉਣ ਸਬੰਧੀ ਹੈ। ਦੱਸਣਯੋਗ ਹੈ ਕਿ ਸੀਬੀਆਈ ਨੇ ਮੁਹਾਲੀ ਅਦਾਲਤ ਵਿੱਚ ਦਰਖ਼ਾਸਤ ਦੇ ਕੇ ਡੇਰਾ ਪ੍ਰੇਮੀਆਂ ਖ਼ਿਲਾਫ਼ ਫ਼ਰੀਦਕੋਟ ਦੀ ਅਦਾਲਤ ਵਿੱਚ ਦਾਇਰ ਕੀਤੀ ਗਈ ਚਾਰਜਸ਼ੀਟ ਉੱਪਰ ਰੋਕ ਲਾਉਣ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਤੇ ਆਈਜੀ ਰਣਬੀਰ ਸਿੰਘ ਖੱਟੜਾ ਨੇ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਨਿਯਮਾਂ ਅਨੁਸਾਰ ਟੀਮ ਬੇਅਦਬੀ ਕਾਂਡ ਦੀ ਪੜਤਾਲ ਮੁਕੰਮਲ ਕਰ ਚੁੱਕੀ ਹੈ ਅਤੇ ਸੀਬੀਆਈ ਨੂੰ ਦਰਖ਼ਾਸਤ ਦੇਣ ਦਾ ਹੁਣ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿੱਚ ਕਥਿਤ ਤੌਰ ’ਤੇ ਅਹਿਮ ਭੂਮਿਕਾ ਨਿਭਾਉਣ ਵਾਲੇ ਡੇਰਾ ਸੱਚਾ ਸੌਦਾ ਦੀ ਨੈਸ਼ਨਲ ਕਮੇਟੀ ਦੇ ਤਿੰਨ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਰੂਪੋਸ਼ ਹਨ। ਵਿਸ਼ੇਸ਼ ਜਾਂਚ ਟੀਮ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਥਾਨਕ ਜੁਡੀਸ਼ਲ ਮੈਜਿਸਟ੍ਰੇਟ ਤੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਵਾਏ ਸਨ ਪਰ ਚਾਰ ਵਾਰ ਵਾਰੰਟ ਜਾਰੀ ਹੋਣ ਦੇ ਬਾਵਜੂਦ ਇਹ ਤਿੰਨੇ ਮੈਂਬਰ ਨਹੀਂ ਲੱਭੇ। ਸੂਤਰਾਂ ਅਨੁਸਾਰ ਇਹ ਡੇਰਾ ਪ੍ਰੇਮੀ ਦੇਸ਼ ਤੋਂ ਬਾਹਰ ਭੱਜਣ ਵਿੱਚ ਸਫ਼ਲ ਹੋ ਗਏ ਹਨ। ਫਿਰ ਵੀ ਵਿਸ਼ੇਸ਼ ਜਾਂਚ ਟੀਮ ਇਸ ਤੱਥ ਦੀ ਪੜਤਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰ ਰਹੀ ਹੈ।

  • 102
  •  
  •  
  •  
  •