ਕਿਸਾਨ ਜਥੇਬੰਦੀਆਂ ਵੱਲੋਂ ਪਹਿਲੀ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਰੋਕਣ ਦਾ ਐਲਾਨ

ਪੰਜਾਬ ਦੀਆਂ 31 ਜਥੇਬੰਦੀਆਂ ਦੇ ਅਧਾਰਿਤ ਬਣੇ ਕਿਸਾਨਾਂ ਦੇ ਸਾਂਝੇ ਮੋਰਚੇ ਵਲੋਂ ਕੀਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਮੋਦੀ ਵਲੋਂ ਪਾਸ ਕੀਤੇ ਤਿੰਨ ਬਿੱਲਾਂ ਖ਼ਿਲਾਫ਼ ਸਾਰੇ ਦੇਸ਼ ’ਚ ਹੀ ਲੋਕ ਲਹਿਰ ਖੜ੍ਹੀ ਹੋ ਗਈ ਹੈ ਅਤੇ ਇਹ ਲਹਿਰ ਹੁਣ ਬਿੱਲ ਵਾਪਿਸ ਕਰਾ ਕੇ ਹੀ ਮੁੱਕੇਗੀ। ਉਨ੍ਹਾਂ ਐਲਾਨ ਕੀਤਾ ਕਿ ਇੱਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ, ਹੁਣ ਰੇਲਾਂ ਉਸ ਵੇਲੇ ਹੀ ਚੱਲਣਗੀਆਂ ਜਦੋਂ ਇਹ ਬਿੱਲ ਵਾਪਸ ਹੋਣਗੇ।

ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਆਰਡੀਨੈਂਸ ਲਾਗੂ ਕਰਨ ਲਈ ਅੜੀਅਲ ਵਤੀਰਾ ਅਖਤਿਆਰ ਕੀਤਾ ਹੋਇਆ ਹੈ ਕਿਉਂਕਿ ਮੋਦੀ ਸਰਕਾਰ ਵੱਡੇ ਘਰਾਣਿਆਂ, ਪੂੰਜੀਪਤੀਆਂ ਦੀ ਦਲਾਲ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਰਾਹੀਂ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਅਡਾਨੀਆਂ, ਅੰਬਾਨੀਆਂ ਵਰਗੇ ਵੱਡੇ ਘਰਾਣਿਆਂ ਨੂੰ ਦੇ ਕੇ ਖੇਤੀਬਾੜੀ ਉਪਰ ਇਨ੍ਹਾਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ, ਜਿਸ ਨਾਲ ਇਨ੍ਹਾਂ ਨੂੰ ਕਿਸਾਨਾਂ ਸਮੇਤ ਆਮ ਜਨਤਾ ਨੂੰ ਲੁੱਟ ਕਰਨ ਦੀ ਖੁੱਲ੍ਹ ਮਿਲ ਜਾਵੇਗੀ।

ਉਨ੍ਹਾਂ ਕਿਹਾ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਲਏ ਫ਼ੈਸਲੇ ਅਨੁਸਾਰ 1 ਅਕਤੂਬਰ ਤੋਂ ਪੰਜਾਬ ’ਚ ਚੱਲ ਰਹੀਆਂ ਰੇਲਾਂ ਅਣਮਿੱਥੇ ਸਮੇਂ ਲਈ ਬੰਦ ਕੀਤੀਆਂ ਜਾਣਗੀਆਂ ਅਤੇ 7 ਅਕਤੂਬਰ ਦੀ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ‘ਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।

  • 352
  •  
  •  
  •  
  •