ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਤੇ ਪਰਮਰਾਜ ਉਮਰਾਨੰਗਲ ਮੁਲਜ਼ਮ ਨਾਮਜ਼ਦ

ਮੁਲਤਾਨੀ ਅਗਵਾ ਕੇਸ ਵਿਚ ਘਿਰੇ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹੁਣ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ 2015 ਨੂੰ ਵਾਪਰੇ ਬਹਿਬਲ ਗੋਲੀ ਕਾਂਡ ’ਚ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸ਼ਰਮਾ, ਐੱਸਪੀ ਬਿਕਰਮ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਥਾਣਾ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ, ਕਾਰੋਬਾਰੀ ਪੰਕਜ ਬਾਂਸਲ ਤੇ ਸੁਹੇਲ ਸਿੰਘ ਬਰਾੜ ਮੁਲਜ਼ਮ ਵਜੋਂ ਨਾਮਜ਼ਦ ਹੋ ਚੁੱਕੇ ਹਨ।

ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ ਭਾਈ ਗੁਰਜੀਤ ਸਿੰਘ

ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ 14 ਅਕਤੂਬਰ 2015 ਸਵੇਰੇ ਬਹਿਬਲ ਕਲਾਂ ਵਿੱਚ ਗਿਆ ਸੀ ਤੇ ਜਿੱਥੇ ਸਿੱਖ ਸੰਗਤਾਂ ਬੇਅਦਬੀ ਖ਼ਿਲਾਫ਼ ਸ਼ਾਂਤਮਈ ਧਰਨੇ ’ਤੇ ਬੈਠੀਆਂ ਸਨ। ਪੜਤਾਲ ਰਿਪੋਰਟ ਅਨੁਸਾਰ ਉਸ ਵੇਲੇ ਦੇ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਕਥਿਤ ਤੌਰ ’ਤੇ ਕੁੱਝ ਪੁਲਿਸ ਅਧਿਕਾਰੀਆਂ ਤੇ ਸਿਆਸੀ ਆਗੂਆਂ ਨਾਲ ਸਾਜਬਾਜ ਹੋ ਕੇ ਸ਼ਾਂਤਮਈ ਧਰਨੇ ’ਤੇ ਜਬਰ ਢਾਹੁਣਾ ਸ਼ੁਰੂ ਕਰ ਦਿੱਤਾ।

ਇੱਥੇ ਚੱਲੀ ਪੁਲਿਸ ਦੀ ਗੋਲੀ ਨਾਲ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਮੌਕੇ ’ਤੇ ਹੀ ਸ਼ਹੀਦ ਹੋ ਗਏ, ਜਦੋਂਕਿ 32 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੇ ਦੋ ਸਿੱਖ ਨੌਜਵਾਨਾਂ ਦੇ ਕਤਲ ਨੂੰ ਕਥਿਤ ਤੌਰ ’ਤੇ ਜਾਇਜ਼ ਠਹਿਰਾਉਣ ਲਈ ਧਰਨਾਕਾਰੀਆਂ ’ਤੇ ਹੀ ਇਰਾਦਾ ਕਤਲ ਤੇ ਪੁਲਿਸ ’ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਦਿੱਤਾ।

ਜਾਂਚ ਟੀਮ ਨੇ ਪੜਤਾਲ ’ਚ ਦਾਅਵਾ ਕੀਤਾ ਹੈ ਕਿ ਪੁਲੀਸ ਦੀ ਜਿਪਸੀ ’ਚ ਗੋਲੀਆਂ ਧਰਨਾਕਾਰੀਆਂ ਵੱਲੋਂ ਨਹੀਂ ਮਾਰੀਆਂ ਗਈਆਂ ਸਨ ਬਲਕਿ ਪੁਲਿਸ ਅਧਿਕਾਰੀਆਂ ਨੇ ਖੁਦ ਨੂੰ ਬਚਾਉਣ ਲਈ ਜਿਪਸੀ ਵਿੱਚ ਖੁਦ ਗੋਲੀਆਂ ਮਾਰ ਕੇ ਝੂਠੀ ਗਵਾਹੀ ਤਿਆਰ ਕੀਤੀ। ਜਾਂਚ ਟੀਮ ਦੀ ਇਸ ਕਾਰਵਾਈ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਉਮਰਾਨੰਗਲ ਨੇ ਅਗਾਉਂ ਜ਼ਮਾਨਤ ਲੈਣ ਲਈ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਵਿਸ਼ੇਸ਼ ਜਾਂਚ ਟੀਮ ਇਨ੍ਹਾਂ ਦੋਹਾਂ ਅਧਿਕਾਰੀਆਂ ਨੂੰ ਹਾਲ ਦੀ ਘੜੀ ਗ੍ਰਿਫ਼ਤਾਰ ਨਹੀਂ ਕਰ ਸਕਦੀ ਕਿਉਂਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਇੱਕ ਹਫ਼ਤੇ ਲਈ ਨੋਟਿਸ ਦੇਣਾ ਲਾਜ਼ਮੀ ਹੈ।

ਵਿਸ਼ੇਸ਼ ਜਾਂਚ ਟੀਮ ਵੱਲੋਂ ਉਕਤ ਦੋਹਾਂ ਅਫ਼ਸਰਾਂ ਨੂੰ ਥਾਣਾ ਬਾਜਾਖਾਨਾ ਜ਼ਿਲ੍ਹਾ ਫ਼ਰੀਦਕੋਟ ‘ਚ ਮੁਕੱਦਮਾ ਨੰਬਰ 130 ਮਿਤੀ 21-10-2015 ‘ਚ ਦੋਸ਼ੀ ਵਜੋਂ ਨਾਮਜ਼ਦ ਕਰਨ ਲਈ 26 ਸਤੰਬਰ 2020 ਨੂੰ ਥਾਣਾ ਮੁਖੀ ਨੂੰ ਪੱਤਰ ਲਿਖਿਆ ਗਿਆ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਸੰਬੰਧਿਤ ਅਫ਼ਸਰ ਵਲੋਂ ਉਕਤ ਮੁਕੱਦਮੇ ‘ਚ ਇਨ੍ਹਾਂ ਅਫ਼ਸਰਾਂ ਨੂੰ ਇਰਾਦਾ ਕਤਲ, ਹਥਿਆਰਾਂ ਦੀ ਦੁਰਵਰਤੋਂ, ਸਾਜਿਸ਼ ਰਚਣ ਅਤੇ ਝੂਠੀ ਗਵਾਹੀ ਲਈ (ਆਈ. ਪੀ. ਸੀ. ਦੀ ਧਾਰਾ 302, 307, 218, 201, 166 ਏ, 120 ਬੀ, 34, 194, 195, 109 ਅਤੇ ਅਸਲਾ ਐਕਟ ਦੇ ਸੈਕਸ਼ਨ 25, 27, 54 ਅਤੇ 59 ਅਧੀਨ) ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ।

  • 156
  •  
  •  
  •  
  •