ਭਾਰੀ ਵਿਰੋਧ ਦੇ ਨਾਲ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਪਾਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ ਬੀਤੇ ਦਿਨ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2020-21 ਦਾ 9 ਅਰਬ 81 ਕਰੋੜ 94 ਲੱਖ 80 ਹਜ਼ਾਰ 500 ਰੁਪਏ ਦਾ ਸਾਲਾਨਾ ਬਜਟ ਪਾਸ ਕੀਤਾ ਗਿਆ।

ਬਜਟ ਵਿੱਚ ਜਨਰਲ ਬੋਰਡ ਫੰਡ ਲਈ 57 ਕਰੋੜ ਰੁਪਏ, ਟਰੱਸਟ ਫੰਡ ਲਈ 37 ਕਰੋੜ 61 ਲੱਖ ਰੁਪਏ, ਵਿੱਦਿਆ ਫੰਡ 28 ਕਰੋੜ 44 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਲਈ 58 ਕਰੋੜ ਰੁਪਏ, ਪ੍ਰਿੰਟਿੰਗ ਪ੍ਰੈਸਾਂ ਲਈ 8 ਕਰੋੜ 2 ਲੱਖ ਰੁਪਏ, ਵਿਦਿਅਕ ਅਦਾਰਿਆਂ ਲਈ 2 ਅਰਬ 15 ਕਰੋੜ ਰੁਪਏ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਲਈ 87 ਲੱਖ 80 ਹਜ਼ਾਰ 500 ਰੁਪਏ, ਗੁਰਦੁਆਰਾ ਸਾਹਿਬਾਨ ਸੈਕਸ਼ਨ-85 ਲਈ 5 ਅਰਬ 77 ਕਰੋੜ ਰੁਪਏ ਰੱਖੇ ਗਏ ਹਨ। ਬਜਟ ਵਿਚ ਆ ਰਹੀਆਂ ਸ਼ਤਾਬਦੀਆਂ ਵਾਸਤੇ 3 ਕਰੋੜ 45 ਲੱਖ 70 ਹਜ਼ਾਰ ਰੁਪਏ ਰੱਖੇ ਗਏ ਹਨ। ਕੋਰੋਨਾ ਮਹਾਮਾਰੀ ਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦਾ ਇਸ ਵਾਰ ਦਾ ਬਜਟ ਪਿਛਲੇ ਸਾਲ ਨਾਲੋਂ 18.51 ਫੀਸਦੀ ਘੱਟ ਰਿਹਾ।

ਕਮੇਟੀ ਦੇ ਜਨਰਲ ਇਜਲਾਸ ਵਿਚ ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੰਜੌਲੀ, ਬੀਬੀ ਕਿਰਨਜੋਤ ਕੌਰ ਅਤੇ ਬਲਵਿੰਦਰ ਸਿੰਘ ਬੈਂਸ ਨੂੰ ਸੰਬੋਧਨ ਕਰਨ ਤੋਂ ਰੋਕਣ ਉਤੇ ਇਸ ਦੌਰਾਨ ਰੌਲਾ-ਰੱਪਾ ਵੀ ਪਿਆ। ਇਨ੍ਹਾਂ ਮੈਂਬਰਾਂ ਨੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ।

ਸ਼੍ਰੋਮਣੀ ਕਮੇਟੀ ਨੇ ਬਜਟ ਇਜਲਾਸ ਦੌਰਾਨ ਸ਼ੋਕ ਮਤਿਆਂ ਤੋਂ ਇਲਾਵਾ ਵੱਖ-ਵੱਖ 11 ਮਤੇ ਪੜ੍ਹੇ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਪ੍ਰਵਾਨਗੀ ਦਿੱਤੀ। ਇੰਨ੍ਹਾਂ ਮਤਿਆਂ ਵਿਚ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਬਾਹਰ ਕੀਤੇ ਜਾਣ ਦਾ ਨਿੰਦਾ ਮਤਾ ਪਾਸ ਕਰਦਿਆਂ ਭਾਰਤ ਸਰਕਾਰ ਕੋਲੋਂ ਭਾਸ਼ਾ ਬਿੱਲ ਵਿਚ ਪੰਜਾਬੀ ਨੂੰ ਮੁੜ ਸ਼ਾਮਲ ਕਰਨ ਦੀ ਮੰਗ ਕੀਤੀ ਗਈ। ਚੰਡੀਗੜ੍ਹ ਵਿਚ ਵੀ ਮਾਂ ਬੋਲੀ ਨਾਲ ਹੋ ਰਹੇ ਵਿਤਕਰੇ ’ਤੇ ਚਿੰਤਾ ਪ੍ਰਗਟ ਕਰਦਿਆਂ ਉਪਰਾਲੇ ਕਰਨ ਦੀ ਮੰਗ ਕੀਤੀ ਗਈ ਹੈ। ਕਮੇਟੀ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਕਾਲੇ ਕਾਨੂੰਨ ਕਰਾਰ ਦਿੱਤਾ ਹੈ। ਇਸ ਮੌਕੇ ਪਾਕਿਸਤਾਨ ਵਿਚ ਗੁਰਦੁਆਰਿਆਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇ। ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਅਤੇ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੀ ਮੰਗ ਵੀ ਕੀਤੀ ਗਈ। ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ, ਸਿੱਖ ਯੋਧਿਆਂ, ਗੁਰਬਾਣੀ, ਸਿੱਖ ਇਤਿਹਾਸ ਆਦਿ ਸਬੰਧੀ ਵਿਵਾਦਤ ਪੋਸਟਾਂ ’ਤੇ ਸਖ਼ਤੀ ਨਾਲ ਰੋਕ ਲਗਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ। 328 ਲਾਪਤਾ ਪਾਵਨ ਸਰੂਪ ਮਾਮਲੇ ਨੂੰ ਪਬਲੀਕੇਸ਼ਨ ਵਿਭਾਗ ਦੇ ਕੁਝ ਅਧਿਕਾਰੀਆਂ ਦੀਆਂ ਬੇਨਿਯਮੀਆਂ ਦੱਸਿਆ ਗਿਆ ਹੈ ਜਿਨ੍ਹਾਂ ਨੇ ਲਾਲਚ ਵਸ ਪਾਵਨ ਸਰੂਪਾਂ ਦੀ ਭੇਟਾ ਖ਼ੁਦ ਵਰਤ ਲਈ ਹੈ। ਜਨਰਲ ਇਜਲਾਸ ਦੌਰਾਨ ਇਸ ਮਾਮਲੇ ਵਿਚ ਸਿੱਖ ਜਗਤ ਕੋਲੋਂ ਖਿਮਾ ਯਾਚਨਾ ਕੀਤੀ ਹੈ।

ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਹੋਇਆ ਭਾਰੀ ਵਿਰੋਧ

ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ ਘਟ ਗਏ 328 ਪਾਵਨ ਸਰੂਪਾਂ ਦਾ ਮਾਮਲਾ ਅੱਜ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵੇਲੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਅੰਦਰ ਅਤੇ ਬਾਹਰ ਚਰਚਾ ਦਾ ਵਿਸ਼ਾ ਰਿਹਾ। ਇਸ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ, ਸਥਿਤੀ ਨੂੰ ਸਪਸ਼ਟ ਕਰਨ ਅਤੇ ਸਰੂਪ ਕਿੱਥੇ ਗਏ, ਬਾਰੇ ਜਾਣਕਾਰੀ ਦੇਣ ਦੀ ਮੰਗ ਕੀਤੀ ਗਈ।

ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਬਜਟ ਇਜਲਾਸ ਵੇਲੇ ਸ਼੍ਰੋਮਣੀ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ (ਅਕਾਲੀ ਦਲ ਡੈਮੋਕਰੇਟਿਕ) ਤੋਂ ਇਲਾਵਾ ਬੀਬੀ ਕਿਰਨਜੋਤ ਕੌਰ ਤੇ ਕਰਨੈਲ ਸਿੰਘ ਪੰਜੌਲੀ ਸਮੇਤ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਬੈਂਸ ਵਲੋਂ ਇਹ ਮਾਮਲਾ ਉਭਾਰਿਆ ਗਿਆ। ਸੇਖਵਾਂ ਨੇ ਜਾਂਚ ਰਿਪੋਰਟ ਜਨਤਕ ਕਰਨ, ਵਖਰੇਵੇਂ ਵਿਚਾਰਾਂ ਵਾਲੇ ਮੈਂਬਰਾਂ ਨੂੰ ਬੋਲਣ ਦਾ ਮੌਕਾ ਦੇਣ, ਬਜਟ ਦੀਆਂ ਕਾਪੀਆਂ ਨਾ ਮਿਲਣ ਅਤੇ ਇਹ ਕਾਪੀਆਂ ਇਕ ਮਹੀਨਾ ਪਹਿਲਾਂ ਭੇਜਣ, ਬਜਟ ਇਜਲਾਸ ਦਾ ਸਮਾਂ ਵਧਾਉਣ ਸਮੇਤ ਲਾਪਤਾ ਸਰੂਪ ਮਾਮਲਿਆਂ ਵਿਚ ਦੋਸ਼ੀ ਕਰਾਰ ਦਿੱਤੇ ਵਿਅਕਤੀਆਂ ਖ਼ਿਲਾਫ਼ ਮਿਸਾਲੀ ਸਜ਼ਾਵਾਂ ਨਿਰਧਾਰਤ ਕਰਨ ਦੀ ਮੰਗ ਕੀਤੀ।

ਬੀਬੀ ਕਿਰਨਜੋਤ ਕੌਰ ਨੇ ਤਾਂ ਸਿੱਧੇ ਤੌਰ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰੀ ਲੌਂਗੋਵਾਲ ’ਤੇ ਦੋਸ਼ ਲਾਇਆ ਕਿ ਉਹ ਇਸ ਮਾਮਲੇ ਨੂੰ ਹੱਲ ਕਰਨ ਅਤੇ ਸੰਭਾਲਣ ਵਿਚ ਬੁਰੀ ਤਰ੍ਹਾਂ ਅਸਫਲ ਹੋਏ ਹਨ। ਉਨ੍ਹਾਂ ਪੜਤਾਲ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰੂਪ ਕਿੱਥੇ ਗਏ ਹਨ ਬਾਰੇ ਦੱਸਿਆ ਜਾਵੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੁੱਝ ਚਹੇਤੇ ਕਰਮਚਾਰੀ ਛੱਡ ਦਿੱਤੇ ਗਏ ਹਨ ਤੇ ਕੁਝ ਖਿਲਾਫ ਕਾਰਵਾਈ ਕੀਤੀ ਗਈ ਹੈ।

ਪੰਜੌਲੀ ਨੇ ਆਖਿਆ ਕਿ ਕਰੋਨਾ ਦੌਰਾਨ ਲਾਏ ਲੰਗਰਾਂ ਕਾਰਨ ਜਿਥੇ ਸਿੱਖ ਕੌਮ ਦੀ ਪ੍ਰਸੰਸਾ ਹੋਈ ਹੈ, ਉਥੇ ਸਰੂਪ ਮਾਮਲਿਆਂ ਵਿਚ ਸਿੱਖਾਂ ਦਾ ਸਿਰ ਨੀਵਾਂ ਹੋਇਆ ਹੈ। ਉਨ੍ਹਾਂ ਪੰਥਕ ਸਰੂਪਾਂ ਕਾਰਨ ਸ਼੍ਰੋਮਣੀ ਕਮੇਟੀ ਵਿਚ ਆਏ ਨਿਘਾਰ ਦਾ ਮਾਮਲਾ ਵੀ ਉਠਾਇਆ ਅਤੇ ਰਿਹਾਅ ਹੋਏ ਸਿੱਖ ਕੈਦੀਆਂ ਦੇ ਮੁੜ ਵਸੇਬੇ ਦੀ ਮੰਗ ਕੀਤੀ।

ਬਲਵਿੰਦਰ ਸਿੰਘ ਬੈਂਸ ਦਾ ਭਾਸ਼ਣ ਭਾਵੇਂ ਅਧੂਰਾ ਰਹਿ ਗਿਆ ਪਰ ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਪੁਲੀਸ ਕਾਰਵਾਈ ਕੀਤੀ ਜਾਵੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਕੰਪਲੈਕਸ ਤੋਂ ਬਾਹਰ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਬੁਲਾਰੇ ਕੰਵਰਪਾਲ ਸਿੰਘ, ਅਕਾਲੀ ਦਲ ਮਾਨ ਦੇ ਮਾਨ ਸਿੰਘ ਮਾਨ ਦੀ ਅਗਵਾਈ ਹੇਠ, ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ, ਯੂਨਾਈਟਿਡ ਅਕਾਲੀ ਦਲ, ਅਕਾਲ ਫੈਡਰੇਸ਼ਨ, ਸਿੱਖ ਯੂਥ ਆਫ ਪੰਜਾਬ ਅਲਾਇੰਸ ਫਾਰ ਸਿੱਖ ਆਰਗਨਾਈਜ਼ੇਸ਼ਨ ਅਤੇ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਆਗੂਆਂ ਵਲੋਂ ਰੋਸ ਪ੍ਰਗਟਾਇਆ ਗਿਆ। ਉਨ੍ਹਾਂ ਹੱਥਾਂ ਵਿਚ ਤਖਤੀਆਂ ਫੜ ਕੇ ਲੌਂਗੋਵਾਲ ਦੇ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਕ ਸਵਾਲਨਾਮਾ ਵੀ ਦਿੱਤਾ, ਜਿਸ ਵਿਚ ਅਜਿਹੇ 20 ਸਵਾਲ ਸਨ ਜਿਨ੍ਹਾਂ ਦੇ ਜਵਾਬ ਪ੍ਰਧਾਨ ਲੌਂਗੋਵਾਲ ਕੋਲੋਂ ਪੁੱਛਣ ਲਈ ਆਖਿਆ ਗਿਆ।

ਦੂਜੇ ਪਾਸੇ ਬਜਟ ਇਜਲਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੋ ਲੋਕ ਬਾਹਰ ਮੋਰਚੇ ’ਤੇ ਬੈਠੇ ਹਨ ਉਹ ਮਰਿਆਦਾ ਦੇ ਉਲਟ ਹਨ ਅਤੇ ਉਹ ਸਭ ਕੁਝ ਕਾਂਗਰਸ ਸਰਕਾਰ ਕਰਵਾ ਰਹੀ ਹੈ। ਪਹਿਲਾਂ ਉਸ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਡੇਗਿਆ ਅਤੇ ਹੁਣ ਮਰਿਆਦਾ ਡੇਗਣ ਲੱਗੀ ਹੋਈ ਹੈ। ਮੀਡੀਆ ਨਾਲ ਵੀ ਟਕਰਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਮੁਲਜ਼ਮਾਂ ’ਤੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਪਿੰਡ-ਪਿੰਡ ਸ਼ਹਿਰ-ਸ਼ਹਿਰ ਪ੍ਰਚਾਰਕ ਭੇਜ ਕੇ ਜਾਂਚ ਕੀਤੀ ਜਾ ਰਹੀ ਹੈ।

  •  
  •  
  •  
  •  
  •