ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੂੰ 15 ਦਿਨਾਂ ਦਾ ਅਲਟੀਮੇਟਮ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਅਤੇ ਸ਼੍ਰੋਮਣੀ ਕਮੇਟੀ ਦੇ ਵਿਰੋਧ ਦਾ ਮਾਮਲਾ ਲਗਾਤਾਰ ਭਖਿਆ ਹੋਇਆ ਹੈ। ਹੁਣ ਸ਼੍ਰੋਮਣੀ ਕਮੇਟੀ ਦੇ ਕੁੱਝ ਮੈਂਬਰਾਂ ਨੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਮੁਕੰਮਲ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ। ਇਸ ਤੋਂ ਇਲਾਵਾ ਉਕਤ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ 18 ਅਕਤੂਬਰ ਤਕ ਇਸ ਮਾਮਲੇ ਵਿਚ ਕਾਰਵਾਈ ਨਾ ਹੋਈ ਤਾਂ ਇਹ ਮੈਂਬਰ ਸ਼੍ਰੋਮਣੀ ਕਮੇਟੀ ਐਕਟ ਮੁਤਾਬਕ ਕਾਰਵਾਈ ਕਰਨਗੇ।

ਇਸ ਪੱਤਰ ‘ਤੇ ਸੇਵਾ ਸਿੰਘ ਸੇਖਵਾਂ, ਜਸਵੰਤ ਸਿੰਘ, ਬਾਬਾ ਗੁਰਮੀਤ ਸਿੰਘ, ਜੈਪਾਲ ਸਿੰਘ, ਮਹਿੰਦਰ ਸਿੰਘ ਹੁਸੈਨਪੁਰ, ਮਿੱਠੂ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ ਸ਼ਾਹਪੁਰ ਤੇ ਹੋਰਨਾਂ ਦੇ ਦਸਤਖ਼ਤ ਹਨ। ਇਨ੍ਹਾਂ ਮੈਂਬਰਾਂ ਨੇ ਅਲਟੀਮੇਟਮ ਦਿੱਤਾ ਕਿ ਰਿਪੋਰਟ ਜਨਤਕ ਨਾ ਕਰਨ ‘ਤੇ ਉਹ ਕਾਨੂੰਨੀ ਕਾਰਵਾਈ ਲਈ ਮਜ਼ਬੂਰ ਹੋਣਗੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮਈ 2016 ਵਿਚ ਅੱਗ ਲੱਗਣ ਅਤੇ ਪਾਣੀ ਦੀਆਂ ਵਾਛੜਾਂ ਨਾਲ ਪਾਵਨ ਸਰੂਪਾਂ ਦੇ ਹੋਏ ਨੁਕਸਾਨ ਬਾਰੇ ਸੰਗਤ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਗਈ।

ਉਕਤ ਮੁਲਾਜ਼ਮਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਦੋਸ਼ੀ ਪਾਏ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਪੁਲਿਸ ਕਾਰਵਾਈ ਕਰਨ ਦੇ ਫ਼ੈਸਲੇ ਤੋਂ ਵੀ ਟਾਲਾ ਵੱਟ ਲਿਆ ਹੈ। ਇਸ ਸਬੰਧੀ ਜਥੇਬੰਦੀਆਂ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰ ਰਹੀਆਂ ਹਨ ਪਰ ਹੁਣ ਤਕ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫਤਰ ਬਾਹਰ ਧਰਨੇ ‘ਤੇ ਬੈਠੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦਾ ਧਰਨਾ 20ਵੇਂ ਦਿਨ ਵੀ ਜਾਰੀ ਰਿਹਾ।

  • 166
  •  
  •  
  •  
  •