ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਦੋਸ਼ੀ ਕਾਬੂ

ਪੰਜਾਬ ਅੰਦਰ ਲਗਾਤਾਰ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਹੁਣ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਪੈਂਦੇ ਪਿੰਡ ਤਰਖਾਣ ਮਾਜਰਾ, ਨੇੜੇ ਸਰਹਿੰਦ ਸਥਿਤ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਬੇਅਦਬੀ ਕਰਨ ਵਾਲੇ ਇਸ ਦੋਸ਼ੀ ਨੂੰ ਪਿੰਡ ਦੇ ਲੋਕਾਂ ਨੇ ਮੌਕੇ ‘ਤੇ ਹੀ ਫੜ੍ਹ ਲਿਆ। ਪਿੰਡ ਦੇ ਲੋਕਾਂ ਵੱਲੋਂ ਇਸ ਦੋਸ਼ੀ ਦੀ ਕੁੱਟਮਾਰ ਕੀਤੀ ਗਈ। ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਇਸ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਥਾਣੇ ਲੈ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਦੋਸ਼ੀ ਪਿੰਡ ਦਾ ਵਸਨੀਕ ਨਹੀਂ ਸੀ ਤੇ ਪ੍ਰਤੱਖ ਦਰਸ਼ੀਆਂ ਮੁਤਾਬਕ ਇਹ ਦੋਸ਼ੀ ਮਾਨਸਿਕ ਤੌਰ ‘ਤੇ ਬਿਲਕੁਲ ਦਰੁਸਤ ਹੈ।

ਇਸ ਮਾਮਲੇ ਨੂੰ ਲੈ ਕੇ ਤਰਖਾਣ ਮਾਜਰੇ ਦੀ ਸੰਗਤ ਵਲੋਂ ਨੈਸ਼ਨਲ ਹਾਈਵੇ ਦੇ ਦੋਹੀਂ ਪਾਸੀਂ ਜਾਮ ਲਗਾ ਕੇ ਪ੍ਰਦਰਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਥਾਣਾ ਸਰਹੰਦ ਦੇ ਸਾਹਮਣੇ ਲਗਾਏ ਜਾਮ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਸ਼ਰੇਆਮ ਸੰਗਤ ਦੇ ‘ਚ ਸਜ਼ਾ ਦਿੱਤੀ ਜਾਵੇ। ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਣ ਮਗਰੋਂ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਆ ਕੇ ਲਗਾਤਾਰ ਜੁੜ ਰਹੇ ਹਨ। ਫਿਲਹਾਲ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਵੀ ਪਹੁੰਚ ਚੁੱਕੀ ਹੈ।

  • 175
  •  
  •  
  •  
  •