ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਅਕਾਲੀ ਦਲ ਅੰਮ੍ਰਿਤਸਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਕੀਤੀ ਅਰਦਾਸ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਲੋਂ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਅਤੇ ਸ਼੍ਰੋਮਣੀ ਕਮੇਟੀ ਵਲੋਂ ਲਾਪਤਾ ਸਰੂਪਾਂ ਦਾ ਹਿਸਾਬ ਸਿੱਖ ਪੰਥ ਨੂੰ ਦਿੱਤੇ ਜਾਣ ਲਈ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਗਈ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ ਲਗਪਗ ਇਕ ਮਹੀਨਾ ਹੋਣ ਵਾਲਾ ਹੈ ਪਰ ਲੌਂਗੋਵਾਲ ਸਮੇਤ ਕਿਸੇ ਵੀ ਅਕਾਲੀ ਆਗੂ ਨੇ ਪਾਵਨ ਸਰੂਪ ਕਿੱਥੇ ਹਨ, ਬਾਰੇ ਕੋਈ ਖੁਲਾਸਾ ਨਹੀਂ ਕੀਤਾ, ਨਾ ਹੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿਚ ਖਦਸ਼ਾ ਹੈ ਕਿ ਇਹ ਸਰੂਪ ਨਾਗਪੁਰ ਜਾਂ ਸਿਰਸਾ ਡੇਰੇ ’ਤੇ ਭੇਜੇ ਹੋਣਗੇ। ਉਨ੍ਹਾਂ ਆਖਿਆ ਕਿ 22 ਅਕਤੂਬਰ ਨੂੰ ਇਸ ਸਬੰਧੀ ਬਰਗਾੜੀ ਵਿਚ ਇਕ ਦਿਨ ਦਾ ਧਰਨਾ ਦਿੱਤਾ ਜਾਵੇਗਾ ਅਤੇ ਸੜਕੀ ਆਵਾਜਾਈ ਰੋਕੀ ਜਾਵੇਗੀ।

ਆਗੂਆਂ ਨੇ ਐਲਾਨ ਕੀਤਾ ਕਿ 24 ਅਕਤੂਬਰ ਨੂੰ ਲੌਂਗੋਵਾਲ ਵਿਚ ਪੰਥਕ ਇਕੱਠ ਕੀਤਾ ਜਾਵੇਗਾ ਜਿੱਥੇ ਪਾਵਨ ਸਰੂਪ ਮਾਮਲਿਆਂ ਵਿਚ ਅਗਲੇ ਫੈਸਲੇ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 10 ਨਵੰਬਰ ਨੂੰ ਹੁਸੈਨੀਵਾਲਾ ਬਾਰਡਰ ’ਤੇ ‘ਬਾਰਡਰ ਖੋਲ੍ਹੋ’ ਰੈਲੀ ਕੀਤੀ ਜਾਵੇਗੀ। ਜਿਸ ਰਾਹੀਂ ਪੰਜਾਬ ਦੇ ਕਿਸਾਨਾਂ ਦੀਆਂ ਜਿਣਸਾਂ ਪਾਕਿਸਤਾਨ ਵਿਚ ਭੇਜਣ ਦੀ ਮੰਗ ਕੀਤੀ ਜਾਵੇਗੀ।

  • 92
  •  
  •  
  •  
  •