ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ

ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਦੋ ਦਿਨਾਂ ਦਾ ਵਿਧਾਨ ਸਭਾ ਦਾ ਸੱਦਿਆ ਵਿਸ਼ੇਸ਼ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਸੱਦੇ ‘ਤੇ ਸੀਐੱਲਪੀ ਦੀ ਬੈਠਕ ਸੱਦੀ ਗਈ। ਇਸ ਦੌਰਾਨ ਪੰਜਾਬ ਕੈਬਨਿਟ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਬਾਰੇ ਕੋਈ ਵੀ ਫ਼ੈਸਲਾ ਲੈਣ ਦਾ ਅਧਿਕਾਰ ਦੇ ਦਿੱਤਾ ਹੈ। ਬੈਠਕ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਇਹ ਜੰਗ ਜਾਰੀ ਰਹੇਗੀ। ਅਸੀਂ ਸੁਪਰੀਮ ਕੋਰਟ ਤੱਕ ਲੜਾਂਗੇ।”

ਖੇਤੀ ਕਾਨੂੰਨਾਂ ਖਿਲਾਫ਼ ਸੂਬੇ ਦੇ ਕਿਸਾਨਾਂ ਵਲੋਂ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ਨੂੰ ਕਿਹਾ ਸੀ ਕਿ ਸੰਵਿਧਾਨ ਦੀ ਧਾਰਾ 254 (2) ਅਧੀਨ ਸਥਾਨਕ ਕਾਨੂੰਨ ਬਣਾਉਣ ਜਿਸ ਨਾਲ ਖੇਤੀਬਾੜੀ ਕਾਨੂੰਨ ਨੂੰ ਬੇਅਸਰ ਕੀਤਾ ਜਾ ਸਕੇ।

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਧਾਨ ਸਭਾ ਨੇੜੇ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਕਈ ਹੋਰ ਅਕਾਲੀ ਵਿਧਾਇਕਾਂ ਸਣੇ ਵਿਧਾਨ ਸਭਾ ਟਰੈਕਟਰਾਂ ਉੱਤੇ ਪਹੁੰਚੇ। ਇਸਤੋਂ ਬਾਅਦ ਕਾਂਗਰਸ ਦੇ ਵੀ ਕਈ ਵਿਧਾਇਕ ਟਰੈਕਟਰਾਂ ਤੇ ਸਵਾਰ ਹੋ ਕੇ ਵਿਧਾਨ ਸਭਾ ਵੱਲ ਜਾਂਦੇ ਦਿਖੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਤੇ ਹੋਰਾਂ ਨੇ ਵਿਧਾਨ ਸਭਾ ਚੌਕ ‘ਚ ਖੇਤੀ ਕਾਨੂੰਨਾਂ ਦੀ ਕਾਪੀਆਂ ਨੂੰ ਸਾੜਿਆ।

  •  
  •  
  •  
  •  
  •