ਲਾਪਤਾ ਪਾਵਨ ਸਰੂਪ ਮਾਮਲੇ ‘ਚ ਜਨਤਕ ਕੀਤੀ ਜਾਂਚ ਰਿਪੋਰਟ ’ਤੇ ਸਵਾਲ ਉੱਠੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਮਾਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਜਨਤਕ ਕੀਤੀ ਕਰੀਬ 1100 ਸਫ਼ਿਆਂ ਦੀ ਜਾਂਚ ਰਿਪੋਰਟ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਕਈ ਜਥੇਬੰਦੀਆਂ ਜਾਂਚ ਰਿਪੋਰਟ ਨਾਲ ਅਸਹਿਮਤੀ ਪ੍ਰਗਟਾ ਚੁੱਕੀਆਂ ਹਨ। ਕਈ ਸਿੱਖ ਸ਼ਖ਼ਸੀਅਤਾਂ ਵੱਲੋਂ ਇਸ ਰਿਪੋਰਟ ਨੂੰ ਸਿਆਸੀ ਹਿਤਾਂ ਤੋਂ ਪ੍ਰੇਰਿਤ ਆਖਿਆ ਜਾ ਰਿਹਾ ਹੈ। ਇਸ ਰਿਪੋਰਟ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦਸ ਕਰਮਚਾਰੀਆਂ ਨੂੰ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਇਸ ਰਿਪੋਰਟ ਨੂੰ ਅਕਾਲੀ ਸਿਆਸਤ ਤੋਂ ਪ੍ਰਭਾਵਿਤ ਕਿਹਾ ਹੈ। ਉਨ੍ਹਾਂ ਆਖਿਆ ਕਿ ਇਸ ਵਿਚ ਲਾਪਤਾ ਹੋਏ ਪਾਵਨ ਸਰੂਪਾਂ ਬਾਰੇ ਕੁੱਝ ਵੀ ਨਹੀਂ ਦੱਸਿਆ ਗਿਆ ਹੈ। ਕਮੇਟੀ ਮੈਂਬਰ ਪ੍ਰੋ. ਬਲਜਿੰਦਰ ਸਿੰਘ, ਅਮਰ ਸਿੰਘ ਚਾਹਲ ਆਦਿ ਨੇ ਕਿਹਾ ਕਿ ਜਾਂਚ ਕਮੇਟੀ ਪਾਵਨ ਸਰੂਪਾਂ ਬਾਰੇ ਪਤਾ ਲਾਉਣ ’ਚ ਅਸਫ਼ਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਿਪੋਰਟ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਬਾਦਲਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ।

ਜਾਂਚ ਰਿਪੋਰਟ ਵਿਚ ਸਾਬਕਾ ਮੁੱਖ ਸਕੱਤਰ ਮਰਹੂਮ ਹਰਚਰਨ ਸਿੰਘ ਅਤੇ ਅਸਤੀਫ਼ਾ ਦੇ ਚੁੱਕੇ ਮੁੱਖ ਸਕੱਤਰ ਡਾ. ਰੂਪ ਸਿੰਘ ਦੋਵਾਂ ਨੂੰ ਦੋਸ਼ੀ ਦੱਸਿਆ ਗਿਆ ਹੈ। ਸਾਬਕਾ ਸਕੱਤਰ ਕੁਲਵੰਤ ਸਿੰਘ ਨੇ ਦੋਸ਼ ਲਾਇਆ ਕਿ ਇਸ ਰਿਪੋਰਟ ਵਿੱਚ ਕਈਆਂ ਨੂੰ ਬਚਾਉਣ ਦਾ ਯਤਨ ਕੀਤਾ ਹੈ ਤੇ ਕਈਆਂ ਨੂੰ ਬੇਲੋੜਾ ਨਿਸ਼ਾਨਾ ਬਣਾਇਆ ਹੈ। ਕੁੱਝ ਸਿੱਖ ਜਥੇਬੰਦੀਆਂ ਇਸ ਮਾਮਲੇ ਵਿਚ ਪੁਲਿਸ ਸ਼ਿਕਾਇਤ ਦਰਜ ਕਰਾਉਣ ਦੀ ਮੰਗ ਕਰ ਰਹੀਆਂ ਹਨ ਤੇ ਇੱਕ ਮਹੀਨੇ ਤੋਂ ਧਰਨੇ ’ਤੇ ਬੈਠੀਆਂ ਹਨ।

  • 327
  •  
  •  
  •  
  •