ਸ਼੍ਰੋਮਣੀ ਕਮੇਟੀ ਵੱਲੋਂ ਯੂਪੀ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਸਤਾ ਖੋਲ੍ਹਣ ਲਈ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖਨਊ ‘ਚ ਪੈਂਦੇ ਪਿੰਡ ਮੈਂਮੋਰਾ ਵਿਖੇ 1958 ਤੋਂ ਹੋਂਦ ‘ਚ ਆਏ ਪੁਰਾਤਨ ਗੁਰਦੁਆਰਾ ਸਾਹਿਬ ਦਾ ਰਸਤਾ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਨੇ ਇਸ ਬਾਬਤ ਯੂਪੀ ਸਰਕਾਰ ਨੂੰ ਇੱਕ ਪੱਤਰ ਵੀ ਲਿਖਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਰਕਾਰਾਂ ਗੁਰੂ ਘਰਾਂ ਦੇ ਰਸਤੇ ਬੰਦ ਨਹੀਂ ਬਲਕਿ ਪੱਕੇ ਕਰਦੀਆਂ ਹਨ ਤਾਂ ਕਿ ਸ਼ਰਧਾਲੂਆਂ ਨੂੰ ਦਰਸ਼ਨਾਂ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾਲ ਆਵੇ। ਉਨ੍ਹਾਂ ਕਿਹਾ ਦੁੱਖ ਦੀ ਗੱਲ ਹੈ ਕਿ ਸਿੱਖ ਦੀਆਂ ਵੋਟਾਂ ਪ੍ਰਾਪਤ ਕਰਕੇ ਸੱਤਾ ’ਚ ਆਈ ਯੋਗੀ ਸਰਕਾਰ ਆਪਣੇ ਸੂਬੇ ’ਚ ਘੱਟ ਗਿਣਤੀਆਂ ਦੇ ਧਰਮ ਸਥਾਨ ਨੂੰ ਜਾਂਦਾ ਰਸਤਾ ਬੰਦ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਕਾਫ਼ੀ ਪੁਰਾਣਾ ਹੈ ਤੇ ਪ੍ਰਸ਼ਾਸਨ ਵੱਲੋਂ ਇਸ ਨੂੰ ਜਾਂਦਾ ਰਸਤਾ ਜੇਸੀਬੀ ਮਸ਼ੀਨ ਨਾਲ ਪੁੱਟ ਕੇ ਉੱਥੇ ਕੰਧ ਕਰ ਦਿੱਤੀ ਗਈ ਹੈ। ਧਰਮ ਸਥਾਨ ਨੂੰ ਜਾਂਦਾ ਰਸਤਾ ਬੰਦ ਕਰਨਾ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਯੂਪੀ ਸਰਕਾਰ ਨੂੰ ਆਖਿਆ ਕਿ ਇਸ ਮਸਲੇ ਦਾ ਤੁਰੰਤ ਹੱਲ ਕੱਢ ਕੇ ਗੁਰਦੁਆਰੇ ਦਾ ਰਸਤਾ ਖੋਲ੍ਹਿਆ ਜਾਵੇ। ਉਨ੍ਹਾਂ ਨੇ ਯੋਗੀ ਸਰਕਾਰ ਨੂੰ ਗੁਰਦੁਆਰੇ ਦਾ ਰਸਤਾ ਖੋਲ੍ਹਣ ਲਈ ਪੱਤਰ ਵੀ ਲਿਖਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਲੰਘੀ ਰਾਤ ਪਿੰਡ ਦੁੱਲੇਵਾਲਾ (ਜ਼ਿਲ੍ਹਾ ਬਠਿੰਡਾ) ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਨਿਖੇਧੀ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ।

  • 88
  •  
  •  
  •  
  •