ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਆਖਿਆ

ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੇ ਕਾਰਨ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਕਈ ਮਹੀਨਿਆਂ ਤੋਂ ਬੰਦ ਹੈ, ਜਦਕਿ ਦੂਜੇ ਪਾਸੇ ਪਾਕਿਸਤਾਨ ਸਰਕਾਰ ਨੇ ਲਾਂਘਾ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬੀਤੇ ਦਿਨ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਆਖਿਆ ਹੈ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੋਕ ਸਭਾ ਮੈਂਬਰਾਂ ਨੂੰ ਵੀ ਕਿਹਾ ਕਿ ਉਹ ਸਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨਾਲ ਰਾਬਤਾ ਕਾਇਮ ਕਰਕੇ ਲਾਂਘਾ ਖੋਲ੍ਹਣ ਦਾ ਉਪਰਾਲਾ ਕਰਨ ਤਾਂ ਜੋ ਸੰਗਤ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਉਨ੍ਹਾਂ ਨੂੰ ਚਿੱਠੀ ਲਿੱਖ ਕੇ ਲਾਂਘਾ ਖੋਲ੍ਹਣ ਲਈ ਕਹੇਗੀ।

ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਚੌਥੇ ਪਾਤਸ਼ਾਹ ਦੇ ਗੁਰਪੁਰਬ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਾਰਿਆਂ ਅਧਿਕਾਰੀਆਂ ਵੱਲੋਂ ਮੀਟਿੰਗਾਂ ਕਰਕੇ ਗੁਰਪੁਰਬ ਸਬੰਧੀ ਡਿਊਟੀਆਂ ਲਗਾਈਆਂ ਜਾ ਚੁੱਕੀ ਹਨ। ਉਨ੍ਹਾਂ ਕਿਹਾ ਇਹ ਗੁਰਪੁਰਬ ਬਹੁਤ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ।

ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੌ ਸਾਲਾ ਸ਼ਤਾਬਦੀ ਮੌਕੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੰਨ੍ਹਾਂ ਸਮਾਗਮਾਂ ‘ਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਤਿਆਰ ਕੀਤੀਆਂ ਜਾਣ ਵਾਲੀਆਂ ਤਸਵੀਰਾਂ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੀਤੇ ਗਏ ਸੰਘਰਸ਼, ਮੋਰਚਿਆਂ ਅਤੇ ਕੁਰਬਾਨੀਆਂ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ।

  • 107
  •  
  •  
  •  
  •