ਸ਼੍ਰੋਮਣੀ ਕਮੇਟੀ ਨੂੰ ਢਾਹ ਲਾਉਣਾ ਚਾਹੁੰਦੀ ਹੈ ਪੰਜਾਬ ਸਰਕਾਰ: ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਧਰਨਾਕਾਰੀਆਂ ਵਿਚਾਲੇ ਬੀਤੇ ਦਿਨ ਹੋਈ ਖੂਨੀ ਝੜਪ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਿੱਖ ਸੰਸਥਾ ਨੂੰ ਤੋੜਨ ਦੀ ਮਨਸ਼ਾ ਨਾਲ ਇਹ ਕੰਮ ਕਰ ਰਹੀ ਹੈ।

ਭਾਈ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨ ਦਰਬਾਰ ਸਾਹਿਬ ਸਮੂਹ ਵਿੱਚ ਧਰਨਾ ਦੇ ਰਹੇ ਸਿੱਖ ਕਾਰਕੁਨਾਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਛੇ ਕਰਮਚਾਰੀ ਜ਼ਖਮੀ ਹੋ ਗਏ ਹਨ। ਇਨ੍ਹਾਂ ’ਚੋਂ ਦੋ ਗੰਭੀਰ ਜ਼ਖ਼ਮੀ ਹਨ। ਹਿੰਸਕ ਕਾਰਵਾਈ ਦੌਰਾਨ ਮੀਡੀਆ ਨਾਲ ਹੋਈ ਬਦਸਲੂਕੀ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਨੇ ਮੀਡੀਆ ਕੋਲੋਂ ਮੁਆਫੀ ਮੰਗੀ ਹੈ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਥਾਣਾ ਕੋਤਵਾਲੀ ਵਿੱਚ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਸੁਖਜੀਤ ਸਿੰਘ ਖੋਸਾ, ਦਿਲਬਾਗ ਸਿੰਘ ਸੁਲਤਾਨਵਿੰਡ, ਮਨਜੀਤ ਸਿੰਘ ਝਬਾਲ, ਬਲਬੀਰ ਸਿੰਘ ਮੁੱਛਲ, ਮਨਜੀਤ ਕੌਰ ਅਤੇ ਲਖਬੀਰ ਸਿੰਘ ਸਮੇਤ 50 ਤੋਂ 60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 307, 452, 148, 149 ਹੇਠ ਕੇਸ ਦਰਜ ਕੀਤਾ ਹੈ। ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਤਰ੍ਹਾਂ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਵੱਲੋਂ ਥਾਣਾ ਬੀ ਡਿਵੀਜ਼ਨ ਵਿੱਚ ਸ਼ਿਕਾਇਤ ਕੀਤੀ ਗਈ, ਜਿਸ ਦੇ ਆਧਾਰ ’ਤੇ ਸੁਖਜੀਤ ਸਿੰਘ ਖੋਸਾ ਅਤੇ 30 ਤੋਂ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 341, 323, 427, 148, 149 ਹੇਠ ਕੇਸ ਦਰਜ ਕੀਤਾ ਗਿਆ ਹੈ।

  • 150
  •  
  •  
  •  
  •