ਸ਼੍ਰੋਮਣੀ ਕਮੇਟੀ ਨੇ ਧਰਨਾਕਾਰੀਆਂ ਅਤੇ ਪੰਜਾਬ ਸਰਕਾਰ ਦੀ ਕੀਤੀ ਨਿੰਦਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰਾਂ ਨੇ ਜਾਰੀ ਇੱਕ ਸਾਂਝੇ ਬਿਆਨ ’ਚ ਕੁੱਝ ਜਥੇਬੰਦੀਆਂ ਵੱਲੋਂ ਵਿਰਾਸਤੀ ਮਾਰਗ ’ਤੇ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗਏ ਪ੍ਰਦਰਸ਼ਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲਗਭਗ 40 ਦਿਨਾਂ ਤੋਂ ਸਤਿਕਾਰ ਕਮੇਟੀ ਦੇ ਨਾਮ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਬੈਠੇ ਕੁੱਝ ਲੋਕਾਂ ਵੱਲੋਂ ਹਰ ਰੋਜ਼ ਸ਼੍ਰੋਮਣੀ ਕਮੇਟੀ ਦੇ ਚੁਣੇ ਹੋਏ ਅਹੁਦੇਦਾਰਾਂ ਤੇ ਅਧਿਕਾਰੀਆਂ ਪ੍ਰਤੀ ਬੇਹੱਦ ਭੱਦੀ ਸ਼ਬਦਾਵਲੀ ਵਰਤੀ ਜਾਂਦੀ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਵਾਲ ਕੀਤਾ ਕਿ ਅੱਜ ਵਿਰਾਸਤੀ ਮਾਰਗ ’ਤੇ ਕੀਤੇ ਗਏ ਪ੍ਰਦਰਸ਼ਨ ਵਿਚ ਧਰਨਾਕਾਰੀਆਂ ਦੇ ਹੱਕ ’ਚ ਹਾਅ ਦਾ ਨਾਹਰਾ ਮਾਰਨ ਵਾਲੇ ਭਾਈ ਮੋਹਕਮ ਸਿੰਘ ਤੇ ਮਨਜੀਤ ਸਿੰਘ ਭੋਮਾ ਪਹਿਲਾਂ ਇਹ ਸਪੱਸ਼ਟ ਕਰਨ ਕਿ ਜੇਕਰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇੰਨੀ ਹੀ ਮਾੜੀ ਹੈ, ਤਾਂ ਇਨ੍ਹਾਂ ਲੋਕਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਥੇ ਸਰਵਿਸ ਕਿਉਂ ਦਿਵਾਈ ਹੈ। ਭਾਈ ਮੋਹਕਮ ਸਿੰਘ ਲੋਕਾਂ ਨੂੰ ਮੂਰਖ ਬਣਾਉਣ ਦੀ ਥਾਂ ਆਪਣੇ ਭਰਾ ਕੋਲੋਂ ਹੀ ਜਾਣਕਾਰੀ ਲੈ ਲਵੇ ਕਿ ਪਾਵਨ ਸਰੂਪ ਕਿਥੇ ਗਏ ਹਨ ਤੇ ਕਿਸ-ਕਿਸ ਨੂੰ ਦਿੱਤੇ ਹਨ। ਦੂਜੇ ਪਾਸੇ ਭਾਈ ਮਨਜੀਤ ਸਿੰਘ ਭੋਮਾ ਦਾ ਭਰਾ ਮੇਜਰ ਸਿੰਘ ਪਹਿਲਾਂ ਸਰਵਿਸ ਕਰਦਾ ਰਿਹਾ ਹੈ ਅਤੇ ਹੁਣ ਭਾਈ ਰਣਜੀਤ ਸਿੰਘ ਵੀ ਸ਼੍ਰੋਮਣੀ ਕਮੇਟੀ ਵਿਚ ਮੁਲਾਜ਼ਮ ਹੈ।

ਇਸ ਤੋਂ ਇਲਾਵਾ ਗੋਬਿੰਦ ਸਿੰਘ ਲੌਂਗੋਵਾਲ ਨੇ ਪਿਛਲੇ ਦਿਨੀਂ ਧਰਨਾਕਾਰੀਆਂ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ ਦੇ ਮਾਮਲੇ ‘ਚ ਪੁਲਿਸ ਵਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ‘ਤੇ ਕਰਾਸ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਪੰਜਾਬ ਸਰਕਾਰ ਦੀ ਇਹ ਮਨਸ਼ਾ ਸਾਫ਼ ਹੁੰਦੀ ਹੈ ਕਿ ਉਹ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਨੂੰ ਜਾਣ-ਬੁੱਝ ਕੇ ਢਾਹ ਲਗਾਉਣਾ ਚਾਹੁੰਦੀ ਹੈ।

  • 72
  •  
  •  
  •  
  •