ਸਿੱਖ ਆਗੂਆਂ ਵੱਲੋਂ ਦਰਜ ਕੇਸ ਰੱਦ ਕਰਵਾਉਣ ਲਈ ਪੁਲਿਸ ਕਮਿਸ਼ਨਰ ਕੋਲ ਪਹੁੰਚ

ਸ੍ਰੀ ਦਰਬਾਰ ਸਾਹਿਬ ਵਿਖੇ ਪਿਛਲੇ ਦਿਨਾਂ ਵਿਚ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ‘ਚ ਹੋਈ ਝੜਪ ਦੇ ਮਾਮਲੇ ਵਿਚ ਬੀਤੇ ਦਿਨ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ। ਸਿੱਖ ਆਗੂਆਂ ਵੱਲੋਂ ਕਿਸੇ ਉੱਚ ਅਧਿਕਾਰੀ ਕੋਲੋਂ ਮਾਮਲੇ ਦੀ ਜਾਚ ਕਰਵਾ ਕੇ ਸਿੱਖ ਆਗੂਆਂ ਖਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।
ਸਿੱਖ ਆਗੂਆਂ ਨੇ ਆਖਿਆ ਕਿ ਉਹ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਸ਼੍ਰੋਮਣੀ ਕਮੇਟੀ ਦਫ਼ਤਰ ਨੇੜੇ ਧਰਨਾ ਦੇ ਰਹੇ ਹਨ। 24 ਅਕਤੂਬਰ ਨੂੰ ਉਹ ਸ਼ਾਂਤਮਈ ਢੰਗ ਨਾਲ ਧਰਨੇ ’ਤੇ ਬੈਠੇ ਸਨ ਕਿ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਅਗਵਾ ਕਰ ਕੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਚ ਨਾਜਾਇਜ਼ ਢੰਗ ਨਾਲ ਬੰਦੀ ਬਣਾਇਆ ਗਿਆ ਅਤੇ ਕੁੱਟਮਾਰ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਕੁਝ ਪੁਲਿਸ ਅਧਿਕਾਰੀ ਵੀ ਸ਼੍ਰੋਮਣੀ ਕਮੇਟੀ ਨਾਲ ਮਿਲੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੇ ਆਪ ਨੂੰ ਖ਼ੁਦ ਸੱਟਾਂ ਲਾ ਕੇ ਜ਼ਖ਼ਮੀ ਕੀਤਾ ਹੈ ਅਤੇ ਆਪਣੇ ਹੀ ਹਸਪਤਾਲ ਵਿਚ ਦਾਖ਼ਲ ਹੋ ਗਏ।

ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਸਮੇਤ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਸੁਖਜੀਤ ਸਿੰਘ ਖੋਸਾ, ਦਿਲਬਾਗ ਸਿੰਘ, ਤਰਲੋਚਨ ਸਿੰਘ ਸੋਹਲ, ਲਖਬੀਰ ਸਿੰਘ, ਮਨਜੀਤ ਸਿੰਘ ਝਬਾਲ ਅਤੇ ਬੀਬੀ ਮਨਜਿੰਦਰ ਕੌਰ ਨੇ ਪੁਲਿਸ ਕਮਿਸ਼ਨਰ ਦੇ ਦਫ਼ਤਰ ਵਿਚ ਇਹ ਪੱਤਰ ਦਿੱਤਾ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸਿੱਖ ਆਗੂਆਂ ਖ਼ਿਲਾਫ਼ ਕੇਸ ਦਰਜ ਕਰਾਇਆ ਸੀ। ਉਨ੍ਹਾਂ ਸਿੱਖ ਕਾਰਕੁਨਾਂ ’ਤੇ ਹਮਲਾ ਕਰਨ ਦੇ ਦੋਸ਼ ਹੇਠ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ।

  • 105
  •  
  •  
  •  
  •