ਦੋਸ਼ੀਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ ਪੰਜਾਬ ਸਰਕਾਰ: ਭਾਈ ਲੌਂਗੋਵਾਲ

ਚੰਡੀਗੜ੍ਹ: ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦੇਣ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਡੀ ਗਿਣਤੀ ਮੈਂਬਰਾਂ ਵੱਲੋਂ ਕੁੱਝ ਸਮੇਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ ਲੱਗੇ ਧਰਨੇ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਸਤਿਕਾਰ ਕਮੇਟੀ ਦੇ ਮੈਂਬਰਾਂ ਦਰਮਿਆਨ ਝੜਪ ਹੋਈ ਸੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹੁਣ ਮੰਗ ਪੱਤਰ ਜਰੀਏ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ਖਿਲਾਫ਼ ਦਰਜ ਕਰਾਸ ਕੇਸਾਂ ਨੂੰ ਰੱਦ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਅਖੌਤੀ ਸਤਿਕਾਰ ਕਮੇਟੀ ਦੇ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਸ ਕਰਕੇ ਬਣਨ ਵਾਲੇ ਮਾਹੌਲ ਦੀ ਜ਼ਿੰਮੇਵਾਰੀ ਕਾਂਗਰਸ ਸਰਕਾਰ ਦੀ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਕਾਤਲਾਨਾ ਹਮਲਾ ਕਰਕੇ ਮੁਲਾਜ਼ਮਾਂ ਨੂੰ ਗੰਭੀਰ ਜ਼ਖ਼ਮੀ ਕਰਨ ਵਾਲੇ ਅਖੌਤੀ ਸਤਿਕਾਰ ਕਮੇਟੀ ਨਾਲ ਸਬੰਧਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਕ ਪਾਸੇ ਇਨ੍ਹਾਂ ਲੋਕਾਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਮੁੱਖ ਦਰਵਾਜ਼ੇ ਨੂੰ ਤਾਲੇ ਲਗਾ ਕੇ ਦੁਪਹਿਰ ਸਮੇਂ ਲੰਗਰ ਛਕਣ ਜਾ ਰਹੇ ਮੁਲਾਜ਼ਮਾਂ ਖਿਲਾਫ਼ ਮੰਦਭਾਸ਼ਾ ਵਰਤੀ ਅਤੇ ਇਸ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਖੁੱਲ੍ਹੇਆਮ ਵਿਚਰ ਰਹੇ ਹਨ, ਜਿਸ ਤੋਂ ਸਾਫ਼ ਹੈ ਕਿ ਇਸ ਸਭ ਕੁਝ ਦੀ ਪੁਸ਼ਤਪਨਾਹੀ ਪੰਜਾਬ ਸਰਕਾਰ ਕਰ ਰਹੀ ਹੈ।

ਇਸ ਤੋਂ ਪਹਿਲਾਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸਮੂਹ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27-ਬੀ ਵਿਖੇ ਇਕੱਤਰਤਾ ਕੀਤੀ। ਮੀਟਿੰਗ ਵਿਚ ਸਿੱਧੇ ਰੂਪ ਵਿਚ ਕਾਂਗਰਸ ਸਰਕਾਰ ਨੂੰ ਨਿਸ਼ਾਨੇ ’ਤੇ ਰੱਖਿਆ ਗਿਆ। ਕਮੇਟੀ ਮੈਂਬਰਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਾਂਗਰਸ ਸਰਕਾਰ ਬਣੀ ਤਾਂ ਸਿੱਖਾਂ ਦੇ ਮਸਲਿਆਂ ਨੂੰ ਦਬਾਉਣ ਦੇ ਨਾਲ-ਨਾਲ ਸਿੱਖ ਸੰਸਥਾਵਾਂ ’ਤੇ ਵੀ ਸਿੱਧੇ ਹਮਲੇ ਕੀਤੇ ਗਏ ਹਨ।

  • 84
  •  
  •  
  •  
  •